ਫਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਦਸਵੀਂ ਬੋਰਡ ਪ੍ਰੀਖਿਆਵਾਂ ਵਿੱਚ ਰਚਿਆ ਇਤਿਹਾਸ, ਪੰਜਾਬ ਭਰ ਵਿੱਚ ਪਾਸ ਪ੍ਰਤੀਸ਼ਤਤਾ ਵਿੱਚ ਦੂਸਰਾ ਸਥਾਨ
12 ਵਿਦਿਆਰਥੀਆਂ ਨੇ ਮੈਰਿਟ ਲਿਸਟ ਵਿੱਚ ਬਣਾਈ ਥਾਂ

ਫਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਦਸਵੀਂ ਬੋਰਡ ਪ੍ਰੀਖਿਆਵਾਂ ਵਿੱਚ ਰਚਿਆ ਇਤਿਹਾਸ
ਪੰਜਾਬ ਭਰ ਵਿੱਚ ਪਾਸ ਪ੍ਰਤੀਸ਼ਤਤਾ ਵਿੱਚ ਦੂਸਰਾ ਸਥਾਨ,
12 ਵਿਦਿਆਰਥੀਆਂ ਨੇ ਮੈਰਿਟ ਲਿਸਟ ਵਿੱਚ ਬਣਾਈ ਥਾਂ
ਫਿਰੋਜ਼ਪੁਰ, 11 ਮਈ, 2026: ਪੰਜਾਬ ਸਕੂਲ ਸਿੱਖਿਆ ਬੋਰਡ, ਮੋਹਾਲੀ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਿੱਖਿਆ ਦੇ ਖੇਤਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਹੈ। ਜ਼ਿਲ੍ਹੇ ਨੇ ਪੂਰੇ ਪੰਜਾਬ ਵਿੱਚ ਪਾਸ ਪ੍ਰਤੀਸ਼ਤਤਾ ਦੇ ਆਧਾਰ ‘ਤੇ ਦੂਸਰਾ ਸਥਾਨ ਹਾਸਿਲ ਕਰਕੇ ਆਪਣੀ ਵੱਖਰੀ ਪਛਾਣ ਬਣਾਈ ਹੈ, ਜਿਸ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਕੁੱਲ 9334 ਵਿਦਿਆਰਥੀਆਂ ਨੇ ਦਸਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਹਿੱਸਾ ਲਿਆ ਸੀ, ਜਿਨ੍ਹਾਂ ਵਿੱਚੋਂ 9184 ਵਿਦਿਆਰਥੀਆਂ ਨੇ ਪ੍ਰੀਖਿਆ ਸਫਲਤਾਪੂਰਵਕ ਪਾਸ ਕੀਤੀ। ਇਸ ਤਰ੍ਹਾਂ ਜ਼ਿਲ੍ਹੇ ਦੀ ਕੁੱਲ ਪਾਸ ਪ੍ਰਤੀਸ਼ਤਤਾ 98.39 ਫੀਸਦੀ ਦਰਜ ਕੀਤੀ ਗਈ, ਜੋ ਕਿ ਬਹੁਤ ਹੀ ਮਾਣਯੋਗ ਅਤੇ ਸ਼ਲਾਘਾਯੋਗ ਉਪਲਬਧੀ ਹੈ। ਇਹ ਨਤੀਜੇ ਜ਼ਿਲ੍ਹੇ ਦੇ ਸਿੱਖਿਆ ਮਿਆਰ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਮਿਹਨਤ ਦਾ ਨਤੀਜਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ 12 ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮੈਰਿਟ ਲਿਸਟ ਵਿੱਚ ਸਥਾਨ ਹਾਸਿਲ ਕਰਕੇ ਨਾ ਸਿਰਫ ਆਪਣੇ ਪਰਿਵਾਰਾਂ, ਸਕੂਲਾਂ ਅਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਪੂਰੇ ਜ਼ਿਲ੍ਹੇ ਨੂੰ ਮਾਣ ਮਹਿਸੂਸ ਕਰਵਾਇਆ ਹੈ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨੂੰ ਸਿੱਖਿਆ ਖੇਤਰ ਲਈ ਇੱਕ ਪ੍ਰੇਰਣਾਦਾਇਕ ਮਿਸਾਲ ਵਜੋਂ ਦੇਖਿਆ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਦਿਲੋਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਫਲਤਾ ਸਾਂਝੀ ਮਿਹਨਤ, ਲਗਨ ਅਤੇ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੀ ਨਿਰੰਤਰ ਤਿਆਰੀ ਨੇ ਇਹ ਸ਼ਾਨਦਾਰ ਨਤੀਜੇ ਸੰਭਵ ਬਣਾਏ ਹਨ।
ਉਨ੍ਹਾਂ ਹੋਰ ਕਿਹਾ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਗੁਣਵੱਤਾ ਭਰਪੂਰ ਸਿੱਖਿਆ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਸਕਾਰਾਤਮਕ ਪ੍ਰਭਾਵ ਹੁਣ ਸਾਫ਼ ਤੌਰ ‘ਤੇ ਨਤੀਜਿਆਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਆਧੁਨਿਕ ਪੜ੍ਹਾਈ ਦੇ ਢੰਗ, ਸਮੇਂ-ਸਮੇਂ ‘ਤੇ ਕਰਵਾਈਆਂ ਜਾਣ ਵਾਲੀਆਂ ਅਕਾਦਮਿਕ ਗਤੀਵਿਧੀਆਂ ਅਤੇ ਅਧਿਆਪਕਾਂ ਦੀ ਲਗਾਤਾਰ ਮਾਨੀਟਰਿੰਗ ਕਾਰਨ ਵਿਦਿਆਰਥੀਆਂ ਵਿੱਚ ਮੁਕਾਬਲੇ ਦੀ ਭਾਵਨਾ ਮਜ਼ਬੂਤ ਹੋਈ ਹੈ।
ਉਹਨਾਂ ਭਰੋਸਾ ਜਤਾਇਆ ਕਿ ਭਵਿੱਖ ਵਿੱਚ ਵੀ ਜ਼ਿਲ੍ਹਾ ਫਿਰੋਜ਼ਪੁਰ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਉਚਾਈਆਂ ਨੂੰ ਛੂਹਦਾ ਰਹੇਗਾ ਅਤੇ ਵਿਦਿਆਰਥੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਕਾਮਯਾਬੀਆਂ ਦੇ ਨਵੇਂ ਰਿਕਾਰਡ ਸਥਾਪਿਤ ਕਰਨਗੇ। ਇਹ ਨਤੀਜੇ ਨਾ ਸਿਰਫ ਜ਼ਿਲ੍ਹੇ ਲਈ ਮਾਣ ਦੀ ਗੱਲ ਹਨ, ਸਗੋਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਨਗੇ।





