ਪ੍ਰਾਇਮਰੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੇ ਸਿਰਜਣਹਾਰ ਜਮਾਤ ਮੁਖੀ ਸਨਮਾਨਿਤ
ਬੀ.ਆਰ.ਸੀ. ਹਾਲ ਫ਼ਿਰੋਜ਼ਪੁਰ-2 ਵਿਖੇ ਪ੍ਰਭਾਵਸ਼ਾਲੀ ਸਮਾਰੋਹ

ਪ੍ਰਾਇਮਰੀ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦੇ ਸਿਰਜਣਹਾਰ ਜਮਾਤ ਮੁਖੀ ਸਨਮਾਨਿਤ
– ਬੀ.ਆਰ.ਸੀ. ਹਾਲ ਫ਼ਿਰੋਜ਼ਪੁਰ-2 ਵਿਖੇ ਪ੍ਰਭਾਵਸ਼ਾਲੀ ਸਮਾਰੋਹ
ਫ਼ਿਰੋਜ਼ਪੁਰ 15 ਮਈ, 2026: ਸਕੂਲ ਸਿੱਖਿਆ ਵਿਭਾਗ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਪਿੱਛੇ ਮਿਹਨਤ ਕਰਨ ਵਾਲੇ ਜਮਾਤ ਮੁਖੀਆਂ ਨੂੰ ਉਤਸ਼ਾਹਿਤ ਕਰਨ ਲਈ ਬੀਆਰਸੀ ਹਾਲ ਫ਼ਿਰੋਜ਼ਪੁਰ-2 ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪੰਜਵੀਂ ਜਮਾਤ ਵਿੱਚ 500 ਵਿੱਚੋਂ 500 ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ, ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਦਾਖ਼ਲਾ ਹਾਸਲ ਕਰਨ ਵਾਲੇ ਬੱਚਿਆਂ ਅਤੇ ਰਾਜ ਪੱਧਰੀ ਖੇਡਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਜਮਾਤ ਮੁਖੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਹ ਸਮਾਰੋਹ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਕੋਮਲ ਅਰੋੜਾ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਸਮਾਗਮ ਦੌਰਾਨ ਅਧਿਆਪਕਾਂ ਦੀ ਨਿਸ਼ਠਾ, ਲਗਨ ਅਤੇ ਵਿਦਿਆਰਥੀਆਂ ਦੀ ਸਫ਼ਲਤਾ ਵਿੱਚ ਉਨ੍ਹਾਂ ਦੇ ਯੋਗਦਾਨ ਦੀ ਭਰਪੂਰ ਸਰਾਹਨਾ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਾ ਰਾਣੀ ਨੇ ਕਿਹਾ ਕਿ ਅਧਿਆਪਕ ਹੀ ਉਹ ਮਜ਼ਬੂਤ ਨੀਂਹ ਹਨ, ਜਿਨ੍ਹਾਂ ਦੀ ਸਿਰਜਣਾਤਮਕ ਮਿਹਨਤ ਨਾਲ ਵਿਦਿਆਰਥੀ ਸਿੱਖਿਆ, ਖੇਡਾਂ ਅਤੇ ਹੋਰ ਖੇਤਰਾਂ ਵਿੱਚ ਨਵੀਆਂ ਉਚਾਈਆਂ ਛੂਹ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਲਗਾਤਾਰ ਪ੍ਰਾਪਤ ਕੀਤੀਆਂ ਜਾ ਰਹੀਆਂ ਉਪਲਬਧੀਆਂ ਇਹ ਸਾਬਤ ਕਰਦੀਆਂ ਹਨ ਕਿ ਸਰਕਾਰੀ ਸਕੂਲ ਕਿਸੇ ਵੀ ਪੱਖੋਂ ਘੱਟ ਨਹੀਂ ਹਨ। ਉਨ੍ਹਾਂ ਨੇ ਸਾਰੇ ਅਧਿਆਪਕਾਂ ਨੂੰ ਹੋਰ ਵੀ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ।
ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਦੀ ਕਾਮਯਾਬੀ ਦੇ ਪਿੱਛੇ ਅਧਿਆਪਕਾਂ ਦੀ ਦਿਨ-ਰਾਤ ਦੀ ਮਿਹਨਤ ਅਤੇ ਸਹੀ ਮਾਰਗਦਰਸ਼ਨ ਹੁੰਦਾ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸਨਮਾਨ ਸਮਾਗਮ ਅਧਿਆਪਕਾਂ ਵਿੱਚ ਨਵਾਂ ਉਤਸ਼ਾਹ ਭਰਦੇ ਹਨ ਅਤੇ ਹੋਰ ਵਧੀਆ ਨਤੀਜੇ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਦੇ ਹਨ।
ਇਸ ਮੌਕੇ ਡੀਆਰਸੀ ਸੁਭਾਸ਼ ਚੰਦਰ, ਬੀ.ਪੀ.ਈ.ਓ ਰਾਜਨ ਨਰੂਲਾ, ਬੀ.ਪੀ.ਈ.ਓ ਅੰਮ੍ਰਿਤਪਾਲ ਸਿੰਘ ਬਰਾੜ, ਬੀ.ਪੀ.ਈ.ਓ ਰਣਜੀਤ ਸਿੰਘ, ਬੀ.ਪੀ.ਈ.ਓ ਦਲਜੀਤ ਕੌਰ ਅਤੇ ਬੀ.ਪੀ.ਈ.ਓ ਜਸਵਿੰਦਰ ਸਿੰਘ, ਬੀਪੀਈਓ ਗੁਰਮੀਤ ਸਿੰਘ, ਬੀ.ਪੀ.ਈ.ਓ ਹਰਜੀਤ ਕੌਰ, ਬੀਪੀਈਓ ਸੁਖਵਿੰਦਰ ਕੌਰ ਸਮੇਤ ਵੱਖ-ਵੱਖ ਸਕੂਲਾਂ ਦੇ ਮੁਖੀ ਅਤੇ ਗਾਇਡ ਅਧਿਆਪਕ ਵੀ ਹਾਜ਼ਰ ਸਨ। ਸਮਾਗਮ ਦੌਰਾਨ ਸਨਮਾਨਿਤ ਅਧਿਆਪਕਾਂ ਨੇ ਇਸ ਪਹਿਲ ਲਈ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਅਤੇ ਮਾਰਗਦਰਸ਼ਨ ਦੇਣ ਦਾ ਵਿਸ਼ਵਾਸ ਦਿਵਾਇਆ।





