Ferozepur News
ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾ ਲਈ, ਯੂ.ਆਈ.ਡੀ ਬਣਾਉਣੀ ਲਾਜ਼ਮੀ : ਡਾ. ਅਮਨਦੀਪ ਕੌਰ

ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕਿਸਾਨਾ ਲਈ, ਯੂ.ਆਈ.ਡੀ ਬਣਾਉਣੀ ਲਾਜ਼ਮੀ : ਡਾ. ਅਮਨਦੀਪ ਕੌਰ
– ਏਡੀਸੀ ਨੇ ਕਿਸਾਨਾਂ ਨੂੰ ਕਿਸਾਨ ਆਈਡੀ ਕਾਰਡ ਬਣਾਉਣ ਦੀ ਕੀਤੀ ਅਪੀਲ
– ਕਾਮਨ ਸਰਵਿਸ ਸੈਟਰਾਂ (ਸੀ.ਐਸ.ਸੀ.) ‘ਤੇ ਕਿਸਾਨ ਆਈ.ਡੀ. ਬਣਾਉਣ ਦੀ ਸੁਵਿਧਾ ਉਪਲੱਬਧ
ਫਿਰੋਜ਼ਪੁਰ, 21 ਮਈ:
ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕਿਸਾਨ ਆਈ.ਡੀ. ਬਣਾਉਣੀ ਲਾਜ਼ਮੀ ਹੈ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਨੂੰ ਖੇਤੀਬਾੜੀ ਵਿਭਾਗ ਦੇ ਨਾਲ ਸਰਕਾਰ ਦੇ ਇਸ ਮਹੱਤਵਪੂਰਨ ਕੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਕਿਸਾਨ ਆਈ.ਡੀ. ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਐਗਰੀ ਸਟੈਕ ਨਾਂ ਦਾ ਪੋਰਟਲ ਤਿਆਰ ਕੀਤਾ ਗਿਆ ਹੈ। ਜਿਸ ‘ਤੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਕੀਤੀ ਜਾ ਰਹੀ ਹੈ। ਇਸ ਵਿੱਚ ਕਿਸਾਨ ਦੀ ਜ਼ਮੀਨ ਦਾ ਰਕਬਾ ਅਤੇ ਹੋਰ ਪਰਿਵਾਰਕ ਅਤੇ ਜਮੀਨੀ ਰਿਕਾਰਡ ਨਾਲ ਸਬੰਧਤ ਜਾਣਕਾਰੀਆਂ ਦਰਜ ਕੀਤੀਆਂ ਜਾ ਰਹੀਆਂ ਹਨ। ਇਸ ਕੰਮ ਲਈ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਕੁੱਲ 73 ਡਾਟਾ ਐਟਰੀ ਅਪਰੇਟਰ ਲਗਾਏ ਗਏ ਹਨ, ਜੋ ਰੋਜ਼ਾਨਾ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਕਰ ਰਹੇ ਹਨ। ਇਸ ਤੋਂ ਇਲਾਵਾ ਪਿੰਡਾਂ ਵਿਚਲੇ ਕਾਮਨ ਸਰਵਿਸ ਸੈਟਰਾਂ (ਸੀ.ਐਸ.ਸੀ.) ‘ਤੇ ਵੀ ਫਾਰਮਰ ਆਈ.ਡੀ ਬਣਾਈ ਜਾ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੂਨੀਕ ਆਈ.ਡੀ. ਬਣਨ ਨਾਲ ਕੇਂਦਰ ਅਤੇ ਪੰਜਾਬ ਸਰਕਾਰ ਵੱਲੋ ਕਿਸਾਨਾਂ ਲਈ ਚਲਾਈਆਂ ਜਾਣ ਵਾਲੀਆਂ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀ ਤੱਕ ਪੁੱਜਣਾ ਯਕੀਨੀ ਬਣ ਜਾਵੇਗਾ। ਆਉਣ ਵਾਲੇ ਸਮੇਂ ਵਿੱਚ ਕਿਸਾਨ ਆਈ.ਡੀ. ਪ੍ਰਾਪਤ ਕਿਸਾਨਾਂ ਨੂੰ ਹੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦਾ ਲਾਭ, ਖੇਤੀਬਾੜੀ ਵਿੱਚ ਵਰਤੇ ਜਾਣ ਵਾਲੇ ਵੱਖ-ਵੱਖ ਇਪੁਟਸ ਜਿਵੇਂ ਕਿ ਯੂਰੀਆ, ਡੀ.ਏ.ਪੀ ਖਾਦ ਆਦਿ ਮਿਲੇਗੀ।
ਮੁੱਖ ਖੇਤੀਬਾੜੀ ਅਫ਼ਸਰ ਫਿਰੋਜ਼ਪੁਰ ਡਾ. ਬਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਹੱਤਵਪੂਰਨ ਕੰਮ ਲਈ ਜ਼ਿਲ੍ਹੇ ਭਰ ਦੇ ਪਿੰਡਾਂ ਵਿੱਚ ਕਿਸਾਨਾਂ ਤੱਕ ਜਾਣਕਾਰੀ ਪਹੁੰਚਾਉਣ ਲਈ ਵੱਖ-ਵੱਖ ਮਾਧਿਅਮਾਂ ਰਾਹੀ ਪ੍ਰਚਾਰ ਕੀਤਾ ਜਾ ਰਿਹਾ ਹੈ।





