Ferozepur News

ਫਿਰੋਜ਼ਪੁਰ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ, ਪੰਜਾਬ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ

ਫਿਰੋਜ਼ਪੁਰ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ, ਪੰਜਾਬ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ

ਫਿਰੋਜ਼ਪੁਰ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੀ ਮੀਟਿੰਗ, ਪੰਜਾਬ ਦੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ

ਫਿਰੋਜ਼ਪੁਰ, 2 ਜੂਨ 2026: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤੇ ਪੀ.ਏ.ਸੀ. ਮੈਂਬਰ ਗੁਰਚਰਨ ਸਿੰਘ ਭੁੱਲਰ ਦੇ ਗ੍ਰਹਿ ਵਿਖੇ ਹੋਈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮੀ ਜਨਰਲ ਸਕੱਤਰ ਹਰਪਾਲ ਸਿੰਘ ਬਲੇਅਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਬਲੇਅਰ ਨੇ ਪੰਜਾਬ ਦੀ ਮੌਜੂਦਾ ਕਾਨੂੰਨ-ਵਿਵਸਥਾ ’ਤੇ ਗੰਭੀਰ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਗੁੰਡਾਗਰਦੀ ਦਾ ਰਾਜ ਚੱਲ ਰਿਹਾ ਹੈ ਅਤੇ ਲੋਕਤੰਤਰ ਦਾ ਘਾਣ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦਾ ਕੋਈ ਵੀ ਵਿਅਕਤੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ, ਜਦਕਿ ਪ੍ਰਸ਼ਾਸਨ ਮੂਕ ਦਰਸ਼ਕ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਕਤਲ ਅਤੇ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਮਖੂ ਵਿੱਚ ਇੱਕ ਦੁਕਾਨਦਾਰ ’ਤੇ ਗੋਲੀਬਾਰੀ ਦੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਕਦੇ ਕਿਸੇ ਨੂੰ ਘਰ ਵਿੱਚ, ਕਦੇ ਬਾਹਰ ਅਤੇ ਕਦੇ ਦੁਕਾਨ ’ਤੇ ਗੋਲੀਆਂ ਮਾਰੀਆਂ ਜਾ ਰਹੀਆਂ ਹਨ, ਪਰ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ।

ਬਲੇਅਰ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਜਿੰਨੇ ਲੋਕਾਂ ਕੋਲ ਕਾਨੂੰਨੀ ਅਸਲਾ ਲਾਇਸੈਂਸ ਹਨ, ਉਸ ਤੋਂ ਕਈ ਗੁਣਾ ਵੱਧ ਲੋਕ ਨਾਜਾਇਜ਼ ਅਸਲਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਇਹ ਸਥਿਤੀ ਸਰਕਾਰ ਦੀ ਨਾਕਾਮੀ ਅਤੇ ਕਾਨੂੰਨ-ਵਿਵਸਥਾ ਦੇ ਡਿੱਗ ਚੁੱਕੇ ਢਾਂਚੇ ਨੂੰ ਦਰਸਾਉਂਦੀ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਥਕ ਧਿਰਾਂ ਨੂੰ ਇਕੱਠਾ ਕਰਕੇ ਇੱਕ ਮਜ਼ਬੂਤ ਵਿਕਲਪ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਫਿਰੋਜ਼ਪੁਰ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇਗਾ। ਜੇਕਰ ਪੰਥਕ ਜਥੇਬੰਦੀਆਂ ਇਕੱਠੀਆਂ ਚੋਣ ਲੜਦੀਆਂ ਹਨ ਤਾਂ ਸਾਂਝੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਿਆ ਜਾਵੇਗਾ।

ਬਲੇਅਰ ਨੇ ਕਿਹਾ ਕਿ ਪੰਥਕ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ, ਨਸ਼ਿਆਂ ਅਤੇ ਅਪਰਾਧ ਦੇ ਰਾਹ ’ਤੇ ਪਏ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾਵੇਗਾ ਅਤੇ ਪੰਜਾਬ ਵਿੱਚ ਸ਼ਾਂਤੀਪੂਰਨ ਅਤੇ ਲੋਕ-ਹਿਤੈਸ਼ੀ ਪ੍ਰਸ਼ਾਸਨ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਸੁਸ਼ਾਸਨ ਦੀ ਤਰ੍ਹਾਂ ਲੋਕਾਂ ਨੂੰ ਸੁਰੱਖਿਆ, ਸੁਵਿਧਾਵਾਂ ਅਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਯਤਨ ਕੀਤੇ ਜਾਣਗੇ।

ਇਸ ਮੌਕੇ ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਅਸਲਾ ਲਾਇਸੈਂਸ ਲਈ ਅਰਜ਼ੀਆਂ ਦਿੱਤੀਆਂ ਹਨ ਜਾਂ ਜਿਨ੍ਹਾਂ ਨੂੰ ਲਾਇਸੈਂਸ ਦੀ ਲੋੜ ਹੈ, ਉਨ੍ਹਾਂ ਦੀ ਪੁਲਿਸ ਤਸਦੀਕ ਉਪਰੰਤ ਜਲਦ ਲਾਇਸੈਂਸ ਜਾਰੀ ਕੀਤੇ ਜਾਣ ਤਾਂ ਜੋ ਉਹ ਆਪਣੀ ਸੁਰੱਖਿਆ ਆਪ ਯਕੀਨੀ ਬਣਾ ਸਕਣ।

ਮੀਟਿੰਗ ਵਿੱਚ ਗੁਰਚਰਨ ਸਿੰਘ ਭੁੱਲਰ, ਤੇਜਿੰਦਰ ਸਿੰਘ ਦਿਓਲ, ਦਵਿੰਦਰ ਸਿੰਘ ਚੂੜੀਆ, ਜੋਗਿੰਦਰ ਸਿੰਘ ਮੱਲੇਵਾਲਾ, ਬਲਕਾਰ ਸਿੰਘ ਜੋਗੇਵਾਲਾ, ਗੁਰਵਿੰਦਰ ਸਿੰਘ ਮੁਹਾਲਮ, ਜਗਜੀਤ ਸਿੰਘ ਛੂਛਕ, ਸੁੱਚਾ ਸਿੰਘ ਮੁਹਾਲਮ, ਸਰਵਣ ਸਿੰਘ ਦਿਆਲਪੁਰਾ, ਨਿਸ਼ਾਨ ਸਿੰਘ, ਜਗਜੀਤ ਸਿੰਘ ਬਲੇਅਰ ਅਤੇ ਹਰਮਨ ਸਿੰਘ ਮੁਗਰਿੰਦਪੁਰਾ ਸਮੇਤ ਹੋਰ ਆਗੂ ਹਾਜ਼ਰ ਸਨ। ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

Related Articles

Leave a Reply

Your email address will not be published. Required fields are marked *

Back to top button