ਨਾਬਾਰਡ ਦੇ ਸਹਿਯੋਗ ਨਾਲ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਜਾਗਰੂਕਤਾ ਕੈਂਪ ਲਗਾਇਆ

ਨਾਬਾਰਡ ਦੇ ਸਹਿਯੋਗ ਨਾਲ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਵੱਲੋਂ ‘ਖੇਤ ਬਚਾਓ ਅਭਿਆਨ’ ਤਹਿਤ ਜਾਗਰੂਕਤਾ ਕੈਂਪ ਲਗਾਇਆ
ਫਿਰੋਜ਼ਪੁਰ, 9 ਜੂਨ, 2026: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਫ਼ਿਰੋਜ਼ਪੁਰ ਵੱਲੋਂ ਡਿਪਟੀ ਡਾਇਰੈਕਟਰ ਡਾ. ਗੁਰਮੇਲ ਸਿੰਘ ਸੰਧੂ ਦੀ ਯੋਗ ਅਗਵਾਈ ਹੇਠ, ਨਾਬਾਰਡ ਦੇ ਸਹਿਯੋਗ ਨਾਲ ‘ਖੇਤ ਬਚਾਓ ਅਭਿਆਨ’ ਤਹਿਤ ਪਿੰਡ ਫੱਤੇਵਾਲਾ ਹਿਠਾੜ ਵਿਖੇ ਕਿਸਾਨ ਉਤਪਾਦਕ ਸੰਗਠਨਾਂ ਲਈ ਇੱਕ ਵਿਸ਼ੇਸ਼ ਸਿਖਲਾਈ ਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਕੈਂਪ ਦੀ ਸ਼ੁਰੂਆਤ ਦੌਰਾਨ ਨਾਬਾਰਡ ਦੇ ਡੀ ਡੀ ਐੱਮ, ਸ਼੍ਰੀ ਰੋਹਿਤ ਕਸ਼ਯਪ ਨੇ ਕੇ.ਵੀ.ਕੇ ਟੀਮ, ਸੀ.ਬੀ.ਬੀ.ਓ ਅਧਿਕਾਰੀਆਂ ਅਤੇ ਵੱਖ-ਵੱਖ ਐੱਫ.ਪੀ.ਓਜ਼ ਤੋਂ ਪਹੁੰਚੇ ਪ੍ਰਤੀਭਾਗੀਆਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਐੱਫ.ਪੀ.ਓਜ਼ ਵੱਲੋਂ ਕੀਤੇ ਗਏ ਸ਼ਲਾਘਾਯੋਗ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਕੈਂਪ ਦੌਰਾਨ ਕੇ.ਵੀ.ਕੇ ਦੇ ਸਹਾਇਕ ਪ੍ਰੋਫ਼ੈਸਰ (ਸਬਜ਼ੀ ਵਿਗਿਆਨ) ਡਾ. ਭੱਲਣ ਸਿੰਘ ਸੇਖੋਂ ਨੇ ਐੱਫ.ਪੀ.ਓਜ਼ ਨਾਲ ਜੁੜੇ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਮਿੱਟੀ ਅਤੇ ਪਾਣੀ ਦੀ ਪਰਖ ਕਰਵਾਉਣ ਦੀ ਅਪੀਲ ਕੀਤੀ।
ਉਨ੍ਹਾਂ ਅਹਿਮ ਨੁਕਤਾ ਸਾਂਝਾ ਕਰਦਿਆਂ ਦੱਸਿਆ ਕਿ ਜਿਹੜੇ ਕਿਸਾਨਾਂ ਨੇ ਹਰੀ ਖਾਦ ਦੀ ਬਿਜਾਈ ਕੀਤੀ ਹੈ, ਉਹ ਝੋਨੇ ਵਿੱਚ ਪ੍ਰਤੀ ਏਕੜ 55 ਕਿੱਲੋ ਯੂਰੀਆ ਘੱਟ ਕਰ ਸਕਦੇ ਹਨ। ਹਰੀ ਖਾਦ ਵਾਲੇ ਖੇਤਾਂ ਵਿੱਚ ਬਾਸਮਤੀ ਦੀ ਫ਼ਸਲ ਨੂੰ ਯੂਰੀਆ ਪਾਉਣ ਦੀ ਬਿਲਕੁਲ ਲੋੜ ਨਹੀਂ ਹੈ। ਜੇਕਰ ਪਿਛਲੀ ਫ਼ਸਲ ਨੂੰ ਫ਼ਾਸਫ਼ੋਰਸ (ਡੀ.ਏ.ਪੀ.) ਦੀ ਸਿਫ਼ਾਰਸ਼ ਕੀਤੀ ਖ਼ੁਰਾਕ ਪਾਈ ਗਈ ਸੀ, ਤਾਂ ਝੋਨੇ ਵਿੱਚ ਫ਼ਾਸਫ਼ੋਰਸ ਪਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਸਬਜ਼ੀਆਂ ਵਿੱਚ ਖਾਦਾਂ ਦੀ ਵਰਤੋਂ ਪੀ.ਏ.ਯੂ. ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਕਰਨ ਦੀ ਸਲਾਹ ਦਿੱਤੀ।
ਕੇ.ਵੀ.ਕੇ ਫ਼ਿਰੋਜ਼ਪੁਰ ਦੇ ਸਹਾਇਕ ਪ੍ਰੋਫ਼ੈਸਰ (ਗ੍ਰਹਿ ਵਿਗਿਆਨ) ਡਾ. ਦਿਵਿਆ ਜੈਨ ਨੇ ਐੱਫ.ਪੀ.ਓਜ਼ ਨੂੰ ਆਪਣੀ ਉਪਜ ਦਾ ਵੱਧ ਮੁਨਾਫ਼ਾ ਲੈਣ ਲਈ ਪ੍ਰੋਸੈਸਿੰਗ, ਪੈਕਿੰਗ ਅਤੇ ਲੇਬਲਿੰਗ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਉਤਪਾਦਾਂ ਵਿੱਚ ਵਿਭਿੰਨਤਾ ਲਿਆਉਣ ਅਤੇ ਸਵੈ-ਰੁਜ਼ਗਾਰ ਸ਼ੁਰੂ ਕਰਨ ਲਈ ਕੇ.ਵੀ.ਕੇ ਤੋਂ ਪ੍ਰੋਸੈਸਿੰਗ ਦੀ ਸਿਖਲਾਈ ਜ਼ਰੂਰ ਪ੍ਰਾਪਤ ਕਰਨ।
ਇਸ ਮੌਕੇ ਸੀ.ਬੀ.ਬੀ.ਓ ਦੇ ਸ਼੍ਰੀ ਜਸਬੀਰ ਸਿੰਘ ਨੇ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਆਮਦਨ ਵਿੱਚ ਵਾਧਾ ਕਰਨ ਅਤੇ ਖੇਤੀਬਾੜੀ ਵਿੱਚ ਨਵੇਂ ਰਾਹ ਲੱਭਣ ਲਈ ਕਿਸਾਨਾਂ ਨੂੰ ਲਗਾਤਾਰ ਕੇ.ਵੀ.ਕੇ ਦੇ ਮਾਹਿਰਾਂ ਨਾਲ ਸੰਪਰਕ ਵਿੱਚ ਰਹਿਣਾ ਚਾਹੀਦਾ ਹੈ।
ਸੀ.ਬੀ.ਬੀ.ਓ (ਭੂਸ਼ਣ ਐਂਡ ਸੰਨਜ਼) ਦੇ ਸ਼੍ਰੀ ਸੰਦੀਪ ਸਿੰਘ ਨੇ ਸਬਜ਼ੀਆਂ ਦੀ ਕਾਸ਼ਤ ਵਿੱਚ ਕੀਟਨਾਸ਼ਕਾਂ ਦੀ ਸੁਚੱਜੀ ਅਤੇ ਸੰਜਮ ਨਾਲ ਵਰਤੋਂ ਕਰਨ ‘ਤੇ ਜ਼ੋਰ ਦਿੱਤਾ, ਤਾਂ ਜੋ ਅੰਤਰਰਾਸ਼ਟਰੀ ਪੱਧਰ ‘ਤੇ ਨਿਰਯਾਤ (ਐਕਸਪੋਰਟ) ਦੀਆਂ ਸੰਭਾਵਨਾਵਾਂ ਨੂੰ ਤਲਾਸ਼ ਕੇ ਕਿਸਾਨ ਵਧੇਰੇ ਮੁਨਾਫ਼ਾ ਕਮਾ ਸਕਣ। ਕੈਂਪ ਦੇ ਅਖੀਰ ਵਿੱਚ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਅਤੇ ਇਹ ਕੈਂਪ ਇਲਾਕੇ ਦੇ ਕਿਸਾਨਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਇਆ।





