ਨਰੇਗਾ ਮੁਲਾਜ਼ਮਾਂ ਦਾ ਪੰਚਾਇਤ ਮੰਤਰੀ ਦੀ ਕੋਠੀ ਅੱਗੇ ਰੋਸ ਧਰਨਾ, 7 ਮਹੀਨਿਆਂ ਤੋਂ ਰੁਕੀ ਤਨਖਾਹਾਂ ਜਾਰੀ ਕਰਨ ਤੇ ਵਿਭਾਗ ਵਿੱਚ ਮਰਜ ਕਰਨ ਦੀ ਮੰਗ
ਨਰੇਗਾ ਮੁਲਾਜ਼ਮਾਂ ਦਾ ਪੰਚਾਇਤ ਮੰਤਰੀ ਦੀ ਕੋਠੀ ਅੱਗੇ ਰੋਸ ਧਰਨਾ, 7 ਮਹੀਨਿਆਂ ਤੋਂ ਰੁਕੀ ਤਨਖਾਹਾਂ ਜਾਰੀ ਕਰਨ ਤੇ ਵਿਭਾਗ ਵਿੱਚ ਮਰਜ ਕਰਨ ਦੀ ਮੰਗ

ਫਿਰੋਜ਼ਪੁਰ, 4 ਜੂਨ 2026: ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਪਿਛਲੇ ਕਰੀਬ 17 ਸਾਲਾਂ ਤੋਂ ਕੰਟਰੈਕਟ ਆਧਾਰ ’ਤੇ ਸੇਵਾਵਾਂ ਨਿਭਾ ਰਹੇ ਨਰੇਗਾ ਮੁਲਾਜ਼ਮਾਂ ਵੱਲੋਂ ਅੱਜ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਦ ਦੀ ਕੋਠੀ ਅੱਗੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਨਰੇਗਾ ਮੁਲਾਜ਼ਮਾਂ ਨੇ ਸ਼ਮੂਲੀਅਤ ਕਰਕੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ।
ਧਰਨੇ ਨੂੰ ਸੰਬੋਧਨ ਕਰਦਿਆਂ ਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਨਰੇਗਾ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਠੇਕੇ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਉਨ੍ਹਾਂ ਨੂੰ ਅੱਜ ਤੱਕ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਈ ਮੁਲਾਜ਼ਮ ਪਿਛਲੇ 20 ਸਾਲਾਂ ਤੋਂ ਲਗਭਗ 13,000 ਰੁਪਏ ਮਹੀਨਾਵਾਰ ਤਨਖਾਹ ’ਤੇ ਕੰਮ ਕਰ ਰਹੇ ਹਨ।
ਯੂਨੀਅਨ ਆਗੂਆਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਰੇਗਾ ਮੁਲਾਜ਼ਮਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਠੇਕੇਦਾਰੀ ਸਿਸਟਮ ਖਤਮ ਕਰਕੇ ਉਨ੍ਹਾਂ ਨੂੰ ਪੰਚਾਇਤ ਵਿਭਾਗ ਵਿੱਚ ਪੱਕੀਆਂ ਅਸਾਮੀਆਂ ’ਤੇ ਮਰਜ ਕੀਤਾ ਜਾਵੇਗਾ। ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਨਰੇਗਾ ਮੁਲਾਜ਼ਮਾਂ ਦੀਆਂ ਪਿਛਲੇ 7 ਮਹੀਨਿਆਂ ਤੋਂ ਤਨਖਾਹਾਂ ਰੁਕੀਆਂ ਹੋਈਆਂ ਹਨ, ਜਿਸ ਕਾਰਨ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਰੁਕੀਆਂ ਤਨਖਾਹਾਂ ਜਾਰੀ ਕੀਤੀਆਂ ਜਾਣ ਅਤੇ ਨਰੇਗਾ ਕਰਮਚਾਰੀਆਂ ਨੂੰ ਪੰਚਾਇਤ ਵਿਭਾਗ ਦੀਆਂ ਖਾਲੀ ਪਈਆਂ ਅਸਾਮੀਆਂ ’ਤੇ ਮਰਜ ਕੀਤਾ ਜਾਵੇ।
ਆਗੂਆਂ ਨੇ ਕਿਹਾ ਕਿ ਵਿਭਾਗ ਵੱਲੋਂ ਨਰੇਗਾ ਮੁਲਾਜ਼ਮਾਂ ਦਾ ਡਾਟਾ ਪੋਰਟਲ ਰਾਹੀਂ ਇਕੱਠਾ ਕਰਕੇ ਪ੍ਰਸੋਨਲ ਅਤੇ ਵਿੱਤ ਵਿਭਾਗ ਤੋਂ ਮਨਜ਼ੂਰੀਆਂ ਲੈਣ ਦੀ ਪ੍ਰਕਿਰਿਆ ਪੂਰੀ ਕੀਤੀ ਗਈ ਸੀ, ਪਰ ਇਸ ਦੇ ਬਾਵਜੂਦ ਅਜੇ ਤੱਕ ਨਿਯੁਕਤੀ ਸਬੰਧੀ ਕੋਈ ਕਾਰਵਾਈ ਅੱਗੇ ਨਹੀਂ ਵਧੀ।
ਉਨ੍ਹਾਂ ਕਿਹਾ ਕਿ ਪੰਚਾਇਤ ਵਿਭਾਗ ਵਿੱਚ ਕਈ ਅਸਾਮੀਆਂ ਖਾਲੀ ਪਈਆਂ ਹਨ, ਜਿਨ੍ਹਾਂ ਵਿੱਚ ਨਰੇਗਾ ਮੁਲਾਜ਼ਮਾਂ ਨੂੰ ਤਜਰਬੇ ਦੇ ਆਧਾਰ ’ਤੇ ਮਰਜ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਡਿਊਟੀ ਦੌਰਾਨ ਮੌਤ ਦਾ ਸ਼ਿਕਾਰ ਹੋਏ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਨਾ ਤਾਂ ਨੌਕਰੀ ਦਿੱਤੀ ਗਈ ਅਤੇ ਨਾ ਹੀ ਕੋਈ ਮੁਆਵਜ਼ਾ ਮਿਲਿਆ।
ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਲੋੜ ਪੈਣ ’ਤੇ ਕੰਮ ਬੰਦ ਕਰਨ, ਪੱਕਾ ਧਰਨਾ ਲਗਾਉਣ ਅਤੇ ਸਰਕਾਰ ਦੇ ਨੁਮਾਇੰਦਿਆਂ ਦਾ ਘਿਰਾਓ ਕਰਨ ਵਰਗੇ ਕਦਮ ਚੁੱਕੇ ਜਾਣਗੇ।
ਧਰਨੇ ਦੌਰਾਨ ਸੂਬਾ ਪ੍ਰਧਾਨ ਸੇਵਕ ਸਿੰਘ ਝੰਡੂਕੇ, ਅਮਰੀਕ ਸਿੰਘ ਮਹਿਰਾਜ, ਵਰਿੰਦਰ ਸਿੰਘ ਬਠਿੰਡਾ, ਗੁਰਦੀਪ ਦਾਸ, ਰਣਧੀਰ ਸਿੰਘ ਧਿਮਾਨ, ਸੰਜੀਵ ਕਾਕੜਾ, ਸੰਦੀਪ ਗੁਰਦਾਸਪੁਰ, ਜੋਗਿੰਦਰ ਮੁਕਤਸਰ, ਮਨਪ੍ਰੀਤ ਤਰਨਤਾਰਨ, ਜੀਵਨ ਕੁਮਾਰ ਮੌੜ, ਅੰਮ੍ਰਿਤਪਾਲ ਸਿੰਘ ਫਾਜ਼ਿਲਕਾ, ਸੰਦੀਪ ਲੁਧਿਆਣਾ ਅਤੇ ਹਰਪਿੰਦਰ ਸਿੰਘ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।





