28 ਤੋਂ 30 ਜੂਨ ਤੱਕ ਜ਼ਿਲ੍ਹੇ ਦੇ 97580 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ – ਏ.ਡੀ.ਸੀ.
ਪਲੱਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਹੋਈ ਮੀਟਿੰਗ

– 28 ਤੋਂ 30 ਜੂਨ ਤੱਕ ਜ਼ਿਲ੍ਹੇ ਦੇ 97580 ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਰੋਧਕ ਬੂੰਦਾਂ – ਏ.ਡੀ.ਸੀ.
– ਪਲੱਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਹੋਈ ਮੀਟਿੰਗ
ਫ਼ਿਰੋਜ਼ਪੁਰ, 24 ਜੂਨ 2026: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ ਦੀ ਅਗਵਾਈ ਹੇਠ ਭਾਰਤ ਨੂੰ ਪੋਲੀਓ ਮੁਕਤ ਰੱਖਣ ਦੇ ਉਦੇਸ਼ ਨਾਲ 28, 29 ਅਤੇ 30 ਜੂਨ 2026 ਨੂੰ ਹੋਣ ਵਾਲੀ ਪਲੱਸ ਪੋਲੀਓ ਮੁਹਿੰਮ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਅਮਨਦੀਪ ਕੌਰ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਲੱਸ ਪੋਲੀਓ ਮੁਹਿੰਮ ਨੂੰ ਪੂਰੀ ਸਫਲਤਾ ਨਾਲ ਨੇਪਰੇ ਚਾੜ੍ਹਨ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੋਲੀਓ ਵਰਗੀ ਗੰਭੀਰ ਬਿਮਾਰੀ ਤੋਂ ਬੱਚਿਆਂ ਨੂੰ ਸੁਰੱਖਿਅਤ ਰੱਖਣ ਲਈ ਹਰ ਯੋਗ ਬੱਚੇ ਤੱਕ ਪਹੁੰਚਣਾ ਬਹੁਤ ਜ਼ਰੂਰੀ ਹੈ ਅਤੇ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਡਾ. ਵਿਵੇਕ ਰਜੋਰਾ ਜ਼ਿਲਾ ਪਰਿਵਾਰ ਭਲਾਈ ਅਫ਼ਸਰ ਅਤੇ ਡਾ. ਸ਼ਾਇਨਾ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਪਲੱਸ ਪੋਲੀਓ ਮੁਹਿੰਮ ਸਬੰਧੀ ਵਿਸਥਾਰਪੂਰਵਕ ਦਸਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਕੀਤੀਆਂ ਜਾ ਰਹੀਆਂ ਤਿਆਰੀਆਂ, ਟੀਮਾਂ ਦੀ ਤਾਇਨਾਤੀ, ਉੱਚ ਜੋਖਮ ਵਾਲੇ ਖੇਤਰਾਂ ਦੀ ਕਵਰੇਜ ਅਤੇ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਉਮਰ ਵਰਗ ਦੇ 97580 ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਸਫਲਤਾ ਲਈ ਜ਼ਿਲ੍ਹੇ ਵਿੱਚ 653 ਬੂਥ, 2342 ਹਾਊਸ-ਟੂ-ਹਾਊਸ ਟੀਮਾਂ ਦੇ ਮੈਂਬਰ, ਮੋਬਾਈਲ ਟੀਮਾਂ 19 ਅਤੇ 24 ਟਰਾਂਜ਼ਿਟ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ 114 ਸੁਪਰਵਾਈਜ਼ਰ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣਗੇ।
ਮੀਟਿੰਗ ਦੌਰਾਨ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਉੱਚ ਜੋਖਮ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜਿੱਥੇ ਬੱਚਿਆਂ ਦੀ 100 ਫੀਸਦੀ ਕਵਰੇਜ ਯਕੀਨੀ ਬਣਾਉਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ।
ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਮੀਨਾਕਸ਼ੀ ਢੀਂਗਰਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਲੱਸ ਪੋਲੀਓ ਮੁਹਿੰਮ ਦੌਰਾਨ ਆਪਣੇ 0 ਤੋਂ 5 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਜ਼ਰੂਰ ਪਿਲਾਉਣ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਪੂਰਾ ਸਹਿਯੋਗ ਕਰਨ ਤਾਂ ਜੋ ਜ਼ਿਲ੍ਹੇ ਵਿੱਚ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹੇ।
ਮੀਟਿੰਗ ਦੌਰਾਨ ਸਮੂਹ ਵਿਭਾਗਾਂ ਵੱਲੋਂ ਮੁਹਿੰਮ ਦੀ ਸਫਲਤਾ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਵੀ ਮਜ਼ੂਦ ਸਨ।





