ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਪੱਧਰੀ ਸੰਘਰਸ਼ ਦੀਆਂ ਤਿਆਰੀਆਂ ਤੇਜ਼
4 ਜੁਲਾਈ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦੇਣ ਦਾ ਐਲਾਨ
ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਪੱਧਰੀ ਸੰਘਰਸ਼ ਦੀਆਂ ਤਿਆਰੀਆਂ ਤੇਜ਼
4 ਜੁਲਾਈ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦੇਣ ਦਾ ਐਲਾਨ
ਫ਼ਿਰੋਜ਼ਪੁਰ, 30 ਜੂਨ, 2026: ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ, ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਸੂਬਾ ਪੱਧਰੀ ਸੰਘਰਸ਼ ਨੂੰ ਸਫ਼ਲ ਬਣਾਉਣ ਲਈ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ ਕੀਤੀ ਗਈ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਜੰਗਲਾਤ ਵਿਭਾਗ ਵਿੱਚ ਸਾਲਾਂ ਤੋਂ ਸੇਵਾ ਨਿਭਾ ਰਹੇ ਬਹੁਤ ਸਾਰੇ ਕਾਮਿਆਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ, ਜਦਕਿ ਜਿਨ੍ਹਾਂ ਕਾਮਿਆਂ ਨੂੰ ਪੱਕਾ ਕੀਤਾ ਗਿਆ ਹੈ, ਉਨ੍ਹਾਂ ਨੂੰ ਸਿਰਫ਼ ਉੱਕਾ-ਪੁੱਕਾ 15 ਹਜ਼ਾਰ ਰੁਪਏ ਮਹੀਨਾਵਾਰ ਤਨਖ਼ਾਹ ਦਿੱਤੀ ਜਾ ਰਹੀ ਹੈ, ਜੋ ਮੌਜੂਦਾ ਮਹਿੰਗਾਈ ਦੇ ਦੌਰ ਵਿੱਚ ਨਾ-ਕਾਫ਼ੀ ਹੈ। ਇਸ ਕਾਰਨ ਸਮੂਹ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਮੰਗਾਂ ਦੀ ਪ੍ਰਾਪਤੀ ਲਈ 4 ਜੁਲਾਈ 2026 ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਵਿੱਚ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਜੰਗਲਾਤ ਕਾਮੇ ਸ਼ਮੂਲੀਅਤ ਕਰਨਗੇ। ਮੀਟਿੰਗ ਵਿੱਚ ਬੁਲਾਰਿਆਂ ਨੇ ਇੱਕਮੱਤ ਹੁੰਦਿਆਂ ਕਿਹਾ ਕਿ ਸਰਕਾਰ ਨੂੰ ਜੰਗਲਾਤ ਕਾਮਿਆਂ ਨਾਲ ਕੀਤਾ ਜਾ ਰਿਹਾ ਵਿਤਕਰਾ ਤੁਰੰਤ ਖ਼ਤਮ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਲਾਗੂ ਕਰਨਾ ਚਾਹੀਦਾ ਹੈ।
ਉਨ੍ਹਾਂ ਨੇ ਮੰਗ ਕੀਤੀ ਕਿ “ਬਰਾਬਰ ਕੰਮ, ਬਰਾਬਰ ਤਨਖ਼ਾਹ” ਦੇ ਸਿਧਾਂਤ ਨੂੰ ਤੁਰੰਤ ਲਾਗੂ ਕੀਤਾ ਜਾਵੇ, ਉੱਕਾ-ਪੁੱਕਾ 15 ਹਜ਼ਾਰ ਰੁਪਏ ਤਨਖ਼ਾਹ ਵਿੱਚ ਯੋਗ ਵਾਧਾ ਕੀਤਾ ਜਾਵੇ, 2011 ਦੀ ਪੈਨਸ਼ਨ ਨੀਤੀ ਅਧੀਨ ਆਉਣ ਵਾਲੀਆਂ ਸਾਰੀਆਂ ਸਹੂਲਤਾਂ ਮੁਲਾਜ਼ਮਾਂ ਨੂੰ ਦਿੱਤੀਆਂ ਜਾਣ, ਤਿੰਨ-ਤਿੰਨ ਮਹੀਨਿਆਂ ਤੋਂ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ ਅਤੇ ਕਲਾਸ-ਫੋਰ ਵਜੋਂ ਪੱਕੇ ਕੀਤੇ ਮੁਲਾਜ਼ਮਾਂ ਦੀ ਸੇਵਾਮੁਕਤੀ ਉਮਰ 58 ਸਾਲ ਤੋਂ ਵਧਾ ਕੇ 60 ਸਾਲ ਕੀਤੀ ਜਾਵੇ। ਇਸ ਮੌਕੇ ਫ਼ਿਰੋਜ਼ਪੁਰ ਮੰਡਲ ਦੀਆਂ ਚਾਰਾਂ ਰੇਂਜਾਂ ਤੋਂ ਵੱਡੀ ਗਿਣਤੀ ਵਿੱਚ ਵਰਕਰ ਅਤੇ ਆਗੂ ਹਾਜ਼ਰ ਰਹੇ।
ਮੀਟਿੰਗ ਨੂੰ ਬਲਵੀਰ ਸਿੰਘ ਸਿਵੀਆ (ਫ਼ਰੀਦਕੋਟ), ਬਲਕਾਰ ਸਿੰਘ ਤੱਖਣ (ਫ਼ਿਰੋਜ਼ਪੁਰ), ਜੱਜ ਸਿੰਘ (ਜ਼ੀਰਾ), ਗੁਰਪ੍ਰੀਤ ਸੇਖਾ (ਮੋਗਾ), ਬਲਬੀਰ ਸਿੰਘ ਗਿੱਲਾਂਵਾਲਾ, ਮੁਖਤਿਆਰ ਸਿੰਘ, ਜਗਦੀਸ਼ ਸਿੰਘ, ਸਤਪਾਲ ਸਿੰਘ ਲਾਹੁਕਾ ਅਤੇ ਕੁਲਦੀਪ ਸਿੰਘ ਲਾਹੁਕਾ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ। ਸਾਰੇ ਆਗੂਆਂ ਨੇ ਜੰਗਲਾਤ ਵਿਭਾਗ ਦੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ 4 ਜੁਲਾਈ ਨੂੰ ਹੋਣ ਵਾਲੇ ਵਿਸ਼ਾਲ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਆਪਣੀ ਏਕਤਾ ਅਤੇ ਸੰਘਰਸ਼ ਦੀ ਤਾਕਤ ਦਾ ਪ੍ਰਗਟਾਵਾ ਕਰਨ ਤਾਂ ਜੋ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਮੰਨਣ ਲਈ ਮਜਬੂਰ ਕੀਤਾ ਜਾ ਸਕੇ।






