ਭਾਰਤ ਸਰਕਾਰ ਦੀ “ਇੱਕ ਰੁੱਖ ਮਾਂ ਦੇ ਨਾਮ 3.0” ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ
ਵਾਤਾਵਰਣ ਦੀ ਸੰਭਾਲ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੱਦਾ
ਭਾਰਤ ਸਰਕਾਰ ਦੀ “ਇੱਕ ਰੁੱਖ ਮਾਂ ਦੇ ਨਾਮ 3.0” ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ ਵਿਖੇ ਰੁੱਖ ਲਗਾਉਣ ਦੀ ਮੁਹਿੰਮ
ਵਾਤਾਵਰਣ ਦੀ ਸੰਭਾਲ ਲਈ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੱਦਾ
ਫ਼ਿਰੋਜ਼ਪੁਰ, 3 ਜੁਲਾਈ, 2026: ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ “ਇੱਕ ਰੁੱਖ ਮਾਂ ਦੇ ਨਾਮ 3.0” ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ ਉਪ ਜਿਲ੍ਹਾ ਸਿੱਖਿਆ ਅਫਸਰ (ਐ.ਸਿ) ਫ਼ਿਰੋਜ਼ਪੁਰ ਕੋਮਲ ਅਰੋੜਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅੰਮ੍ਰਿਤਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਸੋਢੀ ਨਗਰ, ਬਲਾਕ ਘੱਲ ਖੁਰਦ ਵਿਖੇ ਵਾਤਾਵਰਣ ਦੀ ਸੰਭਾਲ, ਹਰਿਆਲੀ ਦੇ ਵਿਸਥਾਰ ਅਤੇ ਲੋਕਾਂ ਵਿੱਚ ਰੁੱਖ ਲਗਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਰੁੱਖ ਲਗਾਉਣ ਦੀ ਮੁਹਿੰਮ ਆਯੋਜਿਤ ਕੀਤੀ ਗਈ।
ਇਸ ਦੌਰਾਨ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ, ਸਕੂਲ ਪ੍ਰਬੰਧਨ ਕਮੇਟੀ ਦੇ ਨੁਮਾਇੰਦਿਆਂ, ਪਿੰਡ ਪੰਚਾਇਤ ਦੇ ਮੈਂਬਰਾਂ ਅਤੇ ਹੋਰ ਹਾਜ਼ਰ ਸ਼ਖ਼ਸੀਅਤਾਂ ਨੇ ਮਿਲ ਕੇ ਸਕੂਲ ਕੈਂਪਸ ਅਤੇ ਆਲੇ-ਦੁਆਲੇ ਵੱਖ-ਵੱਖ ਕਿਸਮਾਂ ਦੇ ਛਾਂਦਾਰ, ਫਲਦਾਰ ਅਤੇ ਵਾਤਾਵਰਣ ਲਈ ਲਾਭਦਾਇਕ ਰੁੱਖ ਲਗਾਏ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਅਧਿਆਪਕਾਂ ਨੇ ਕਿਹਾ ਕਿ ਰੁੱਖ ਮਨੁੱਖੀ ਜੀਵਨ ਦਾ ਅਨਮੋਲ ਆਧਾਰ ਹਨ, ਜੋ ਸਾਨੂੰ ਆਕਸੀਜਨ ਪ੍ਰਦਾਨ ਕਰਨ ਦੇ ਨਾਲ-ਨਾਲ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ, ਜਲਵਾਯੂ ਸੰਤੁਲਨ ਬਣਾਈ ਰੱਖਣ, ਵਰਖਾ ਵਿੱਚ ਸਹਾਇਕ ਹੋਣ ਅਤੇ ਜੈਵਿਕ ਵਿਭਿੰਨਤਾ ਨੂੰ ਸੁਰੱਖਿਅਤ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਵੱਧ ਰਹੇ ਤਾਪਮਾਨ, ਪ੍ਰਦੂਸ਼ਣ ਅਤੇ ਜੰਗਲਾਂ ਦੀ ਕਟਾਈ ਕਾਰਨ ਵਾਤਾਵਰਣ ਸੰਤੁਲਨ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨੂੰ ਬਹਾਲ ਕਰਨ ਲਈ ਹਰ ਨਾਗਰਿਕ ਨੂੰ ਘੱਟੋ-ਘੱਟ ਇੱਕ ਰੁੱਖ ਜ਼ਰੂਰ ਲਗਾਉਣਾ ਅਤੇ ਉਸ ਦੀ ਸੰਭਾਲ ਕਰਨੀ ਚਾਹੀਦੀ ਹੈ।
ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਆਪਣੇ ਜਨਮ ਦਿਨ, ਪਰਿਵਾਰਕ ਸਮਾਗਮਾਂ ਅਤੇ ਹੋਰ ਖ਼ਾਸ ਮੌਕਿਆਂ ‘ਤੇ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਦੇਖਭਾਲ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਮਿਲ ਸਕੇ। ਵਿਦਿਆਰਥੀਆਂ ਨੇ ਵੀ ਪੂਰੇ ਉਤਸ਼ਾਹ ਨਾਲ ਰੁੱਖ ਲਗਾਏ ਅਤੇ ਉਨ੍ਹਾਂ ਦੀ ਨਿਯਮਿਤ ਦੇਖਭਾਲ ਕਰਨ ਦਾ ਸੰਕਲਪ ਲਿਆ। ਇਸ ਮੌਕੇ ਹੈੱਡ ਟੀਚਰ ਕੁਲਵੰਤ ਸਿੰਘ ਸੰਧੂ ਨੇ ਕਿਹਾ ਕਿ “ਇੱਕ ਰੁੱਖ ਮਾਂ ਦੇ ਨਾਮ 3.0” ਮੁਹਿੰਮ ਸਿਰਫ਼ ਰੁੱਖ ਲਗਾਉਣ ਤੱਕ ਸੀਮਿਤ ਨਹੀਂ, ਸਗੋਂ ਲੋਕਾਂ ਵਿੱਚ ਕੁਦਰਤ ਪ੍ਰਤੀ ਪਿਆਰ, ਜ਼ਿੰਮੇਵਾਰੀ ਅਤੇ ਵਾਤਾਵਰਣ ਸੰਭਾਲ ਦੀ ਭਾਵਨਾ ਪੈਦਾ ਕਰਨ ਦਾ ਮਹੱਤਵਪੂਰਨ ਉਪਰਾਲਾ ਹੈ।
ਉਨ੍ਹਾਂ ਸਮੂਹ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪਾਲਣ-ਪੋਸ਼ਣ ਦੀ ਜ਼ਿੰਮੇਵਾਰੀ ਵੀ ਨਿਭਾਉਣ। ਇਸ ਮੌਕੇ ਹੈੱਡ ਟੀਚਰ ਕੁਲਵੰਤ ਸਿੰਘ ਸੰਧੂ, ਬੀ.ਐਲ.ਓ. ਰੋਹਿਤ, ਅਧਿਆਪਕ ਗੁਰਮੇਲ ਸਿੰਘ, ਕੁਲਵੰਤ ਸਿੰਘ, ਮੈਡਮ ਗਗਨਦੀਪ ਕੌਰ, ਗੁਰਵਿੰਦਰ ਕੌਰ ਅਤੇ ਕੁਲਵਿੰਦਰ ਕੌਰ, ਐਸ.ਐਮ.ਸੀ. ਚੇਅਰਮੈਨ ਜਸਬੀਰ ਸਿੰਘ, ਸਰਪੰਚ ਕਰਨੈਲ ਸਿੰਘ, ਸਕੂਲ ਦੇ ਵਿਦਿਆਰਥੀ, ਐਮ.ਡੀ.ਐਮ. ਵਰਕਰ ਅਤੇ ਆਂਗਣਵਾੜੀ ਵਰਕਰ ਹਾਜ਼ਰ ਸਨ।






