‘ਸੀਐੱਮ ਦੀ ਯੋਗਸ਼ਾਲਾ’ ਫ਼ਿਰੋਜ਼ਪੁਰ ਵਾਸੀਆਂ ਦੀ ਸਿਹਤ ਲਈ ਸਾਬਿਤ ਹੋ ਰਹੀ ਵਰਦਾਨ
ਯੋਗ ਕਰਨ ਨਾਲ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਸਮਸਿਆਵਾਂ ਤੋਂ ਮਿਲ ਰਹੀ ਰਾਹਤ

‘ਸੀਐੱਮ ਦੀ ਯੋਗਸ਼ਾਲਾ’ ਫ਼ਿਰੋਜ਼ਪੁਰ ਵਾਸੀਆਂ ਦੀ ਸਿਹਤ ਲਈ ਸਾਬਿਤ ਹੋ ਰਹੀ ਵਰਦਾਨ
– ਯੋਗ ਕਰਨ ਨਾਲ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਸਮਸਿਆਵਾਂ ਤੋਂ ਮਿਲ ਰਹੀ ਰਾਹਤ
ਫ਼ਿਰੋਜ਼ਪੁਰ, 06 ਜੁਲਾਈ, 2026: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦਾ ਪ੍ਰਾਜੈਕਟ ‘ਸੀਐੱਮ ਦੀ ਯੋਗਸ਼ਾਲਾ’ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਲੋਕਾਂ ਲਈ ਵਰਦਾਨ ਸਾਬਤ ਹੋ ਰਿਹਾ ਹੈ। ਇਸ ਪ੍ਰਾਜੈਕਟ ਤਹਿਤ ਲੋਕਾਂ ਨੂੰ ਮੁਫ਼ਤ ਯੋਗ ਕਲਾਸਾਂ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਸੂਖਮ ਕਸਰਤਾਂ, ਸਥੂਲ ਕਸਰਤਾਂ, ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਵਾਇਆ ਜਾਂਦਾ ਹੈ। ਇਨ੍ਹਾਂ ਕਲਾਸਾਂ ਵਿੱਚ ਹਰ ਉਮਰ ਵਰਗ ਦੇ ਲੋਕ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ‘ਸੀਐੱਮ ਦੀ ਯੋਗਸ਼ਾਲਾ’ ਪੰਜਾਬ ਸਰਕਾਰ ਦਾ ਇੱਕ ਸ਼ਲਾਘਾਯੋਗ ਉਪਰਾਲਾ ਹੈ। ਇਸ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਤਾਇਨਾਤ 84 ਯੋਗ ਟ੍ਰੇਨਰ ਵੱਖ-ਵੱਖ ਥਾਵਾਂ ‘ਤੇ ਰੋਜ਼ਾਨਾ ਯੋਗ ਕਲਾਸਾਂ ਲਗਾ ਕੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰ ਰਹੇ ਹਨ। ਨਿਯਮਤ ਯੋਗ ਅਭਿਆਸ ਨਾਲ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵੀ ਵਧ ਰਹੀ ਹੈ।
ਉਨ੍ਹਾਂ ਨੇ ਦੱਸਿਆ ਕਿ ਇਹ ਪ੍ਰਾਜੈਕਟ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ 700 ਤੋਂ ਵੱਧ ਨਿਯਮਤ ਯੋਗ ਕਲਾਸਾਂ ਚੱਲ ਰਹੀਆਂ ਹਨ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਭਾਗ ਲੈ ਕੇ ਆਪਣੀ ਸਿਹਤ ਨੂੰ ਬਿਹਤਰ ਬਣਾ ਰਹੇ ਹਨ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਪਣੇ ਨੇੜੇ ਚੱਲ ਰਹੀ ਸੀਐੱਮ ਦੀ ਯੋਗਸ਼ਾਲਾ ਨਾਲ ਜੁੜ ਕੇ ਸਿਹਤਮੰਦ ਅਤੇ ਨਿਰੋਗ ਜੀਵਨ ਵੱਲ ਕਦਮ ਵਧਾਉਣ।
ਯੋਗਸ਼ਾਲਾ ਨਾਲ ਜੁੜੇ ਭਾਗੀਦਾਰਾਂ ਪਰਮਜੀਤ ਕੌਰ, ਸੰਦੀਪ ਕੌਰ, ਅਨੀਤਾ, ਅਮਨ ਆਦਿ ਨੇ ਦੱਸਿਆ ਕਿ ਨਿਯਮਤ ਯੋਗ ਅਭਿਆਸ ਨਾਲ ਸਰਵਾਈਕਲ, ਪਿੱਠ ਦਰਦ, ਜੋੜਾਂ ਦੇ ਦਰਦ, ਮੋਟਾਪਾ, ਤਣਾਅ, ਚਿੰਤਾ ਅਤੇ ਹਾਈ-ਲੋਅ ਬਲੱਡ ਪ੍ਰੈਸ਼ਰ ਵਰਗੀਆਂ ਸਮੱਸਿਆਵਾਂ ਵਿੱਚ ਕਾਫ਼ੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਯੋਗ ਨੇ ਨਾ ਸਿਰਫ਼ ਸਰੀਰਕ ਸਗੋਂ ਮਾਨਸਿਕ ਤੌਰ ‘ਤੇ ਵੀ ਉਨ੍ਹਾਂ ਦੀ ਸਿਹਤ ਵਿੱਚ ਸਕਾਰਾਤਮਕ ਬਦਲਾਅ ਲਿਆ ਹੈ।





