Ferozepur News

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਜ਼ਿਲ੍ਹਾ ਚੋਣ ਅਫ਼ਸਰ
24 ਜੁਲਾਈ 2026 ਤੱਕ ਘਰ-ਘਰ ਜਾ ਕੇ ਬੀ.ਐਲ.ਓਜ਼ ਭਰਵਾਉਣਗੇ ਇਨੂਮਰੇਸ਼ਨ ਫਾਰਮ
– ਜ਼ਿਲ੍ਹਾ ਵਾਸੀਆਂ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਦੀ ਕੀਤੀ ਅਪੀਲ
– ਜ਼ਿਲ੍ਹਾ ਚੋਣ ਅਫ਼ਸਰ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 7 ਜੁਲਾਈ 2026: ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਮੁਹਿੰਮ ਨੂੰ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਪੋਲਿੰਗ ਬੂਥਾਂ ਦੀ ਰੈਸਨਲਾਈਜੇਸ਼ਨ ਸਬੰਧੀ ਮੀਟਿੰਗ ਦੌਰਾਨ ਕੀਤਾ।
ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ। ਜ਼ਿਲ੍ਹੇ ਵਿੱਚ ਕੁੱਲ 903 ਪੋਲਿੰਗ ਬੂਥਾਂ ਲਈ 903 ਬੀ.ਐਲ.ਓਜ਼ ਅਤੇ 91 ਸੈਕਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਟ੍ਰੇਨਿੰਗ ਅਤੇ ਇਨੂਮਰੇਸ਼ਨ ਫਾਰਮਾਂ ਦੀ ਛਪਾਈ ਅਤੇ ਤਿਆਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਇਨੂਮਰੇਸ਼ਨ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ।
ਉਨ੍ਹਾਂ ਦੱਸਿਆ ਕਿ 3 ਅਗਸਤ, 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਉਨਾਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ ਵੀ ਸਾਂਝੇ ਕੀਤੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਮੌਕੇ ਤੇ ਸਬੰਧਤ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਲਈ ਹਦਾਇਤ ਕੀਤੀ| ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਗਿਣਤੀ ਜੇਕਰ 1200 ਤੋਂ ਵੱਧ ਹੋ ਜਾਂਦੀ ਹੈ ਤਾਂ ਅਲੱਗ ਤੋਂ ਬੂਥ ਬਣਾਇਆ ਜਾਵੇਗਾ ਜਿਸ ਨਾਲ ਹੁਣ ਰੈਸਨਲਾਈਜੇਸ਼ਨ ਕਰਨ ਉਪਰੰਤ ਜ਼ਿਲ੍ਹੇ ਵਿੱਚ 903 ਦੀ ਬਜਾਏ 936 ਪੋਲਿੰਗ ਬੂਥ ਬਣਾਏ ਜਾਣ ਦੀ ਤਜਵੀਜ ਹੈ

ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋ ਸਕੇ।
ਇਸ ਮੀਟਿੰਗ ਵਿੱਚ ਵਧੀਕ ਚੋਣਕਾਰ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਇਲੈਕਸ਼ਨ ਤਹਿਸੀਲਦਾਰ ਦੀਪਕ ਕੁਮਾਰ, ਇਲੈਕਸ਼ਨ ਕਾਨੂੰਗੋ ਗਗਨਦੀਪ ਕੌਰ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button