ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮਨਰੇਗਾ ਕਰਮਚਾਰੀਆਂ ਦਾ ਰੋਸ ਮਾਰਚ, ਝੂਠੇ ਲਾਰਿਆਂ ਦੀ ਪੰਡ ਸਾੜ ਕੇ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ
15 ਜੁਲਾਈ ਤੱਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ 'ਤੇ ਕੋਈ ਸਕਾਰਾਤਮਕ ਫ਼ੈਸਲਾ ਨਾ ਲਿਆ ਗਿਆ ਤਾਂ 20 ਜੁਲਾਈ ਤੋਂ ਸੂਬਾ ਪੱਧਰ 'ਤੇ ਤਿੱਖਾ ਸੰਘਰਸ਼ ਸ਼ੁਰੂ

ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਮਨਰੇਗਾ ਕਰਮਚਾਰੀਆਂ ਦਾ ਰੋਸ ਮਾਰਚ, ਝੂਠੇ ਲਾਰਿਆਂ ਦੀ ਪੰਡ ਸਾੜ ਕੇ ਐਸ.ਡੀ.ਐਮ. ਨੂੰ ਸੌਂਪਿਆ ਮੰਗ ਪੱਤਰ
15 ਜੁਲਾਈ ਤੱਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਸਕਾਰਾਤਮਕ ਫ਼ੈਸਲਾ ਨਾ ਲਿਆ ਗਿਆ ਤਾਂ 20 ਜੁਲਾਈ ਤੋਂ ਸੂਬਾ ਪੱਧਰ ‘ਤੇ ਤਿੱਖਾ ਸੰਘਰਸ਼ ਸ਼ੁਰੂ
ਫਿਰੋਜ਼ਪੁਰ, 10 ਜੁਲਾਈ, 2026: ਮਨਰੇਗਾ ਕਰਮਚਾਰੀ ਯੂਨੀਅਨ, ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਰੋਸ ਮਾਰਚ ਕੀਤਾ ਗਿਆ। ਇਸ ਦੌਰਾਨ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਰਮਚਾਰੀਆਂ ਨੇ ਪ੍ਰਤੀਕਾਤਮਕ ਤੌਰ ‘ਤੇ “ਝੂਠੇ ਲਾਰਿਆਂ ਦੀ ਪੰਡ” ਵੀ ਸਾੜੀ। ਬਾਅਦ ਵਿੱਚ ਐਸ.ਡੀ.ਐਮ. ਫਿਰੋਜ਼ਪੁਰ ਨੂੰ ਪੰਜਾਬ ਸਰਕਾਰ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਅਤੇ ਸੀਨੀਅਰ ਆਗੂ ਹਰਪਿੰਦਰ ਸਿੰਘ ਟਿੱਬੀ ਨੇ ਕਿਹਾ ਕਿ ਪਿਛਲੇ ਕਰੀਬ 18 ਸਾਲਾਂ ਤੋਂ ਮਨਰੇਗਾ ਕਰਮਚਾਰੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਨਿਯਮਿਤ ਤੌਰ ‘ਤੇ ਸੇਵਾਵਾਂ ਨਿਭਾ ਰਹੇ ਹਨ, ਪਰ ਅਜੇ ਤੱਕ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕਈ ਵਾਰ ਭਰੋਸੇ ਦਿੱਤੇ ਗਏ, ਪਰ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ।
ਆਗੂਆਂ ਨੇ ਕਿਹਾ ਕਿ ਕਰਮਚਾਰੀ ਸੂਬੇ ਭਰ ਵਿੱਚ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਪਿੰਡ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ, ਫਿਰ ਵੀ ਉਨ੍ਹਾਂ ਨੂੰ ਨੌਕਰੀ ਦੀ ਸੁਰੱਖਿਆ ਤੋਂ ਵਾਂਝਾ ਰੱਖਿਆ ਗਿਆ ਹੈ। ਉਨ੍ਹਾਂ ਮੰਗ ਕੀਤੀ ਕਿ ਮਨਰੇਗਾ ਕਰਮਚਾਰੀਆਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ ਅਤੇ ਉਨ੍ਹਾਂ ਦੀਆਂ ਹੋਰ ਲੰਬਿਤ ਮੰਗਾਂ ਦਾ ਵੀ ਜਲਦ ਨਿਪਟਾਰਾ ਕੀਤਾ ਜਾਵੇ।
ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ 15 ਜੁਲਾਈ ਤੱਕ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ‘ਤੇ ਕੋਈ ਸਕਾਰਾਤਮਕ ਫ਼ੈਸਲਾ ਨਾ ਲਿਆ ਗਿਆ ਤਾਂ 20 ਜੁਲਾਈ ਤੋਂ ਸੂਬਾ ਪੱਧਰ ‘ਤੇ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ, ਸੀਨੀਅਰ ਆਗੂ ਹਰਪਿੰਦਰ ਸਿੰਘ ਟਿੱਬੀ ਸਮੇਤ ਮਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਫਿਰੋਜ਼ਪੁਰ ਦਾ ਸਮੂਹ ਸਟਾਫ਼ ਹਾਜ਼ਰ ਸੀ।





