Ferozepur News

‘ਪੰਜਾਬੀ ਸੂਬਾ ਅਤੇ ਰਾਜ ਭਾਸ਼ਾ ਐਕਟ’ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ, ਨੌਜਵਾਨਾਂ ਨੂੰ ਪੰਜਾਬੀ ਵਿੱਚ ਸਰਕਾਰੀ ਕੰਮਕਾਜ ਲਈ ਕੀਤਾ ਪ੍ਰੇਰਿਤ

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਅਤੇ ਜ਼ਿਲ੍ਹਾ ਲਾਇਬ੍ਰੇਰੀ ਦੇ ਸਾਂਝੇ ਉਪਰਾਲੇ ਤਹਿਤ ਕਰਵਾਇਆ ਗਿਆ ਸੈਮੀਨਾਰ, ਪੁਸਤਕ ਪ੍ਰਦਰਸ਼ਨੀ ਵੀ ਬਣੀ ਖਿੱਚ ਦਾ ਕੇਂਦਰ

'ਪੰਜਾਬੀ ਸੂਬਾ ਅਤੇ ਰਾਜ ਭਾਸ਼ਾ ਐਕਟ' ਵਿਸ਼ੇ 'ਤੇ ਵਿਸ਼ੇਸ਼ ਸੈਮੀਨਾਰ, ਨੌਜਵਾਨਾਂ ਨੂੰ ਪੰਜਾਬੀ ਵਿੱਚ ਸਰਕਾਰੀ ਕੰਮਕਾਜ ਲਈ ਕੀਤਾ ਪ੍ਰੇਰਿਤ

‘ਪੰਜਾਬੀ ਸੂਬਾ ਅਤੇ ਰਾਜ ਭਾਸ਼ਾ ਐਕਟ’ ਵਿਸ਼ੇ ‘ਤੇ ਵਿਸ਼ੇਸ਼ ਸੈਮੀਨਾਰ, ਨੌਜਵਾਨਾਂ ਨੂੰ ਪੰਜਾਬੀ ਵਿੱਚ ਸਰਕਾਰੀ ਕੰਮਕਾਜ ਲਈ ਕੀਤਾ ਪ੍ਰੇਰਿਤ

ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਿਰੋਜ਼ਪੁਰ ਅਤੇ ਜ਼ਿਲ੍ਹਾ ਲਾਇਬ੍ਰੇਰੀ ਦੇ ਸਾਂਝੇ ਉਪਰਾਲੇ ਤਹਿਤ ਕਰਵਾਇਆ ਗਿਆ ਸੈਮੀਨਾਰ, ਪੁਸਤਕ ਪ੍ਰਦਰਸ਼ਨੀ ਵੀ ਬਣੀ ਖਿੱਚ ਦਾ ਕੇਂਦਰ

ਫ਼ਿਰੋਜ਼ਪੁਰ, 21 ਜੁਲਾਈ, 2026: 

ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਵੱਲੋਂ ਜ਼ਿਲ੍ਹਾ ਲਾਇਬ੍ਰੇਰੀ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਲਾਇਬ੍ਰੇਰੀ ਵਿਖੇ ‘ਪੰਜਾਬੀ ਸੂਬਾ ਅਤੇ ਰਾਜ ਭਾਸ਼ਾ ਐਕਟ’ ਵਿਸ਼ੇ ‘ਤੇ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਆਪਣੇ ਵਿਲੱਖਣ ਵਿਸ਼ੇ ਅਤੇ ਸਿਰਜਣਾਤਮਕ ਵਿਚਾਰ-ਚਰਚਾ ਕਰਕੇ ਇਹ ਸੈਮੀਨਾਰ ਭਾਗੀਦਾਰਾਂ ਲਈ ਯਾਦਗਾਰੀ ਅਤੇ ਬੇਹੱਦ ਲਾਹੇਵੰਦ ਸਾਬਤ ਹੋਇਆ।

ਸੈਮੀਨਾਰ ਦੌਰਾਨ ਵੱਖ-ਵੱਖ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਨੇ ਕਿਹਾ ਕਿ ਭਵਿੱਖ ਵਿੱਚ ਸਰਕਾਰੀ ਸੇਵਾ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਪੰਜਾਬੀ ਭਾਸ਼ਾ ਦੇ ਮਹੱਤਵ ਦੀ ਜਾਣਕਾਰੀ ਦੇ ਨਾਲ-ਨਾਲ ਪੰਜਾਬੀ ਵਿੱਚ ਸਰਕਾਰੀ ਕੰਮਕਾਜ ਕਰਨ ਦੀ ਭਾਵਨਾ ਹੋਣੀ ਵੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਨੇ ਪੰਜਾਬ ਰਾਜ ਭਾਸ਼ਾ ਐਕਟ, 1967 ਦੀ ਰਚਨਾ, ਸਾਲ 2008 ਅਤੇ 2023 ਵਿੱਚ ਕੀਤੀਆਂ ਸੋਧਾਂ ਅਤੇ ਐਕਟ ਦੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਭਾਸ਼ਾ ਵਿਭਾਗ ਵੱਲੋਂ ਹਰ ਮਹੀਨੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਨਿਰੀਖਣ ਕਰਕੇ ਰਾਜ ਭਾਸ਼ਾ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਮੇਂ-ਸਮੇਂ ‘ਤੇ ਕੀਤੀਆਂ ਸੋਧਾਂ ਨਾਲ ਐਕਟ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ਲਈ ਸਜ਼ਾਵਾਂ ਦੀ ਵੀ ਵਿਵਸਥਾ ਕੀਤੀ ਗਈ ਹੈ।

ਉੱਘੇ ਭਾਸ਼ਾ ਚਿੰਤਕ ਡਾ. ਰਮੇਸ਼ਵਰ ਸਿੰਘ ਕਟਾਰਾ ਨੇ ਆਪਣੇ ਵਿਅਖਿਆਨ ਵਿੱਚ ਸੱਤਵੀਂ ਸਦੀ ਤੋਂ ਲੈ ਕੇ ਮੌਜੂਦਾ ਸਮੇਂ ਤੱਕ ਪੰਜਾਬ ਦੇ ਇਤਿਹਾਸਕ, ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਵਿਕਾਸ ਦੀ ਵਿਸਥਾਰਪੂਰਵਕ ਚਰਚਾ ਕੀਤੀ। ਉਨ੍ਹਾਂ ਪੰਜਾਬੀ ਸੂਬੇ ਦੀ ਸਥਾਪਨਾ, ਨਵੰਬਰ 1966 ਵਿੱਚ ਹੋਈ ਪੰਜਾਬ ਦੀ ਮੁੜ ਵੰਡ ਦੇ ਪਿਛੋਕੜ, ਕਾਰਨਾਂ ਅਤੇ ਪ੍ਰਭਾਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਪਣੀ ਧਰਤੀ ਅਤੇ ਮਾਂ-ਬੋਲੀ ਦੀ ਰੱਖਿਆ ਲਈ ਹਮੇਸ਼ਾ ਅਹਿਮ ਯੋਗਦਾਨ ਪਾਇਆ ਅਤੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ।

ਸਮਾਗਮ ਦਾ ਸੁਚੱਜਾ ਮੰਚ ਸੰਚਾਲਨ ਸ੍ਰੀ ਰਜਨੀਸ਼ ਕੁਮਾਰ, ਲਾਇਬ੍ਰੇਰੀਅਨ ਨੇ ਕੀਤਾ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਭਾਸ਼ਾ ਵਿਭਾਗ ਦੀਆਂ ਪ੍ਰਕਾਸ਼ਨਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਸਮਾਗਮ ਨੂੰ ਸਫ਼ਲ ਬਣਾਉਣ ਵਿੱਚ ਸ੍ਰੀ ਚੇਤਨ ਕੁਮਾਰ ਅਤੇ ਸ੍ਰੀ ਵਿਜੇ ਕੁਮਾਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਵਿਦਿਆਰਥੀਆਂ ਦੀ ਉਤਸ਼ਾਹਪੂਰਵਕ ਸ਼ਮੂਲੀਅਤ ਅਤੇ ਪੂਰੇ ਸੈਮੀਨਾਰ ਦੌਰਾਨ ਇਕਾਗਰਤਾ ਨਾਲ ਜੁੜੇ ਰਹਿਣਾ ਇਸ ਦੀ ਸਫ਼ਲਤਾ ਦਾ ਪ੍ਰਮਾਣ ਬਣਿਆ। ਆਯੋਜਕਾਂ ਅਨੁਸਾਰ ਇਹ ਸੈਮੀਨਾਰ ਨੌਜਵਾਨਾਂ ਵਿੱਚ ਪੰਜਾਬੀ ਭਾਸ਼ਾ, ਪੰਜਾਬੀ ਸੂਬੇ ਦੇ ਇਤਿਹਾਸ ਅਤੇ ਰਾਜ ਭਾਸ਼ਾ ਐਕਟ ਪ੍ਰਤੀ ਜਾਗਰੂਕਤਾ ਵਧਾਉਣ ਵਿੱਚ ਕਾਫ਼ੀ ਪ੍ਰਭਾਵਸ਼ਾਲੀ ਸਾਬਤ ਹੋਇਆ।

Related Articles

Leave a Reply

Your email address will not be published. Required fields are marked *

Back to top button