ਨੀਟ ਪੇਪਰ ਲੀਕ ਮਾਮਲੇ ‘ਚ ਦਿੱਲੀ ਵਿਦਿਆਰਥੀ ਸੰਘਰਸ਼ ਦੇ ਹੱਕ ਵਿੱਚ ਫਿਰੋਜ਼ਪੁਰ ‘ਚ ਬੁੱਧੀਜੀਵੀਆਂ ਅਤੇ ਸਮਾਜਿਕ ਕਾਰਕੁੰਨਾਂ ਦਾ ਇਕੱਠ

ਨੀਟ ਪੇਪਰ ਲੀਕ ਮਾਮਲੇ ‘ਚ ਦਿੱਲੀ ਵਿਦਿਆਰਥੀ ਸੰਘਰਸ਼ ਦੇ ਹੱਕ ਵਿੱਚ ਫਿਰੋਜ਼ਪੁਰ ‘ਚ ਬੁੱਧੀਜੀਵੀਆਂ ਅਤੇ ਸਮਾਜਿਕ ਕਾਰਕੁੰਨਾਂ ਦਾ ਇਕੱਠ
ਫਿਰੋਜ਼ਪੁਰ, 26-7-2026: ਨੀਟ ਪੇਪਰ ਲੀਕ ਮਾਮਲੇ ਅਤੇ ਸਿੱਖਿਆ ਪ੍ਰਣਾਲੀ ਵਿੱਚ ਮਾਫੀਆ ਦੀ ਕਥਿਤ ਦਖਲਅੰਦਾਜ਼ੀ ਦੇ ਵਿਰੋਧ ਵਿੱਚ ਦਿੱਲੀ ਵਿੱਚ ਚੱਲ ਰਹੇ ਵਿਦਿਆਰਥੀ ਸੰਘਰਸ਼ ਦੇ ਸਮਰਥਨ ਵਿੱਚ ਫਿਰੋਜ਼ਪੁਰ ਦੇ ਸਮਾਜਿਕ ਕਾਰਕੁੰਨਾਂ, ਬੁੱਧੀਜੀਵੀਆਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਇਕੱਠ ਕਰਕੇ ਆਪਣਾ ਸਮਰਥਨ ਪ੍ਰਗਟਾਇਆ।
ਇਕੱਠ ਦੀ ਸ਼ੁਰੂਆਤ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਹਾਰ ਪਹਿਨਾ ਕੇ ਕੀਤੀ ਗਈ। ਇਸ ਉਪਰੰਤ ਹੋਈ ਸਭਾ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦਿੱਲੀ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਦੀ ਪਿਛੋਕੜ ਅਤੇ ਇਸ ਦੇ ਮਕਸਦ ਬਾਰੇ ਜਾਣਕਾਰੀ ਦਿੱਤੀ। ਇਸ ਇਕੱਠ ਦੀ ਅਗਵਾਈ ਕ੍ਰਾਂਤੀਕਾਰੀ ਸੱਭਿਆਚਾਰਕ ਕੇਂਦਰ ਦੇ ਆਗੂ ਗੁਰਮੀਤ ਜੱਜ ਨੇ ਕੀਤੀ।
ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਾਬਕਾ ਜਨਰਲ ਸਕੱਤਰ ਹਰਮੀਤ ਵਿਦਿਆਰਥੀ, ਡਾ. ਕੁਲਦੀਪ ਸਿੰਘ, ਡਾ. ਆਜ਼ਾਦਵਿੰਦਰ ਸਿੰਘ, ਡਾ. ਪ੍ਰਦੀਪ ਰਾਣਾ, ਅਸ਼ੋਕ ਕੁਮਾਰ ਗੁਪਤਾ, ਸ. ਰਜਿੰਦਰ ਸਿੰਘ, ਸੁਖਚੈਨ ਸਿੰਘ ਅਤੇ ਕਿਸਾਨ ਆਗੂ ਕੁਲਵੰਤ ਸਿੰਘ ਮੋਹਕਮ ਖਾਂ ਵਾਲਾ ਸਮੇਤ ਹੋਰ ਹਾਜ਼ਰ ਸਨ।
ਬੁਲਾਰਿਆਂ ਨੇ ਦਿੱਲੀ ਵਿੱਚ ਸੰਘਰਸ਼ ਕਰ ਰਹੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਡਟ ਕੇ ਸੰਘਰਸ਼ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਅੰਦੋਲਨ ਦੌਰਾਨ ਸਰਕਾਰ ਵੱਲੋਂ ਅੰਦੋਲਨਕਾਰੀਆਂ ‘ਤੇ ਤਸ਼ੱਦਦ ਕੀਤਾ ਗਿਆ ਅਤੇ ਲੋਕਾਂ ਨੂੰ ਧਰਨਾ ਸਥਾਨ ਤੱਕ ਪਹੁੰਚਣ ਤੋਂ ਰੋਕਣ ਲਈ ਹਰ ਸੰਭਵ ਯਤਨ ਕੀਤੇ ਗਏ, ਪਰ ਇਸ ਦੇ ਬਾਵਜੂਦ ਵਿਦਿਆਰਥੀਆਂ ਨੇ ਆਪਣਾ ਸੰਘਰਸ਼ ਜਾਰੀ ਰੱਖਿਆ ਅਤੇ ਆਖ਼ਰਕਾਰ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਹੀ ਅੰਦੋਲਨ ਨੂੰ ਸਫਲਤਾ ਮਿਲੀ।
ਬੁਲਾਰਿਆਂ ਨੇ ਸਰਕਾਰ ਦੇ ਵਤੀਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਸੰਘਰਸ਼ ਇਸ ਗੱਲ ਦਾ ਪ੍ਰਤੀਕ ਹੈ ਕਿ ਜੇਕਰ ਲੜਾਈ ਇਮਾਨਦਾਰੀ, ਏਕਤਾ ਅਤੇ ਸੁੱਚੇ ਜਜ਼ਬੇ ਨਾਲ ਲੜੀ ਜਾਵੇ ਤਾਂ ਉਸ ਨੂੰ ਮੰਜ਼ਿਲ ਤੱਕ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਰਗੇ ਮਹੱਤਵਪੂਰਨ ਖੇਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮਤਾ ਅਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ ਅਤੇ ਇਸ ਲਈ ਸਮਾਜ ਦੇ ਹਰ ਵਰਗ ਨੂੰ ਜਾਗਰੂਕ ਹੋ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।





