ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਜਾਰੀ, 4 ਅਗਸਤ ਨੂੰ ਮੁਹਾਲੀ ’ਚ ਵੱਡਾ ਇਕੱਠ
ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਧਰਨੇ ਸਮੇਤ ਮੌਨਸੂਨ ਸੈਸ਼ਨ ਦੌਰਾਨ ਕੀਤੀ ਜਾਵੇਗੀ ਭੁੱਖ ਹੜਤਾਲ -ਹਰਕੇਸ਼ ਕੁਮਾਰ ਵਿੱਕੀ
ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਜਾਰੀ, 4 ਅਗਸਤ ਨੂੰ ਮੁਹਾਲੀ ’ਚ ਵੱਡਾ ਇਕੱਠ
3 ਅਗਸਤ ਤੋਂ ਚੱਕਾ ਜਾਮ ਦਾ ਐਲਾਨ, ਮੰਗਾਂ ਨਾ ਮੰਨਣ ’ਤੇ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ
*ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਕਰ ਰਹੀ ਨਜ਼ਰਅੰਦਾਜ਼ 3 ਅਗਸਤ ਤੋਂ ਕਰਾਂਗੇ ਚੱਕਾ ਜਾਮ -ਰੇਸ਼ਮ ਸਿੰਘ ਗਿੱਲ*
*ਕੱਚੇ ਮੁਲਾਜ਼ਮਾਂ ਦਾ ਠੇਕੇਦਾਰੀ ਸਿਸਟਮ ਤਹਿਤ ਹੋ ਰਿਹਾ ਹੈ ਸ਼ੋਸਣ,ਕਿਲੋਮੀਟਰ ਸਕੀਮ ਦੇ ਰਾਹੀਂ ਪੰਜਾਬ ਦੇ ਨੌਜਵਾਨ ਤੋਂ ਖੋਹਿਆ ਜਾ ਰਿਹਾ ਹੈ ਰੋਜ਼ਗਾਰ-ਸ਼ਮਸ਼ੇਰ ਸਿੰਘ ਢਿੱਲੋਂ*
ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਤੇ ਧਰਨੇ ਸਮੇਤ ਮੌਨਸੂਨ ਸੈਸ਼ਨ ਦੌਰਾਨ ਕੀਤੀ ਜਾਵੇਗੀ ਭੁੱਖ ਹੜਤਾਲ -ਹਰਕੇਸ਼ ਕੁਮਾਰ ਵਿੱਕੀ*
ਫ਼ਿਰੋਜ਼ਪੁਰ , 3 ਅਗਸਤ, 2026: ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਖ਼ਤਮ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ’ਤੇ ਲਿਆਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਸ਼ੁਰੂ ਕੀਤਾ ਸੰਘਰਸ਼ ਜਾਰੀ ਹੈ। ਯੂਨੀਅਨ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਮੰਨੀਆਂ ਮੰਗਾਂ ਨੂੰ ਲਿਖਤੀ ਰੂਪ ਵਿੱਚ ਲਾਗੂ ਨਹੀਂ ਕੀਤਾ ਜਾਂਦਾ, ਹੜਤਾਲ ਅਤੇ ਸੰਘਰਸ਼ ਦੇ ਪ੍ਰੋਗਰਾਮ ਜਾਰੀ ਰਹਿਣਗੇ।
ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਸਮੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਠੇਕੇਦਾਰੀ ਸਿਸਟਮ ਖ਼ਤਮ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਚਾਰ ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਮੀਟਿੰਗਾਂ ਤੋਂ ਇਲਾਵਾ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨਾਲ ਹੁਣ ਤੱਕ ਕਰੀਬ 70 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਮੰਗਾਂ ਲਗਾਤਾਰ ਲਟਕਾਈਆਂ ਜਾ ਰਹੀਆਂ ਹਨ।
ਯੂਨੀਅਨ ਆਗੂਆਂ ਨੇ ਦੋਸ਼ ਲਾਇਆ ਕਿ ਠੇਕੇਦਾਰੀ ਪ੍ਰਣਾਲੀ ਤਹਿਤ ਮੁਲਾਜ਼ਮਾਂ ਦਾ ਸ਼ੋਸ਼ਣ ਹੋ ਰਿਹਾ ਹੈ ਅਤੇ EPF ਤੇ ESI ਸਮੇਤ ਤਨਖ਼ਾਹਾਂ ਨਾਲ ਸਬੰਧਤ ਕਰੋੜਾਂ ਰੁਪਏ ਦੀ ਕਥਿਤ ਹੇਰਾਫੇਰੀ ਹੋਈ ਹੈ। ਉਨ੍ਹਾਂ ਟਰਾਂਸਪੋਰਟ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ ਲਾਉਂਦਿਆਂ ਕਿਹਾ ਕਿ ਭਰਤੀਆਂ ਸਬੰਧੀ ਕਥਿਤ ਬੇਨਿਯਮੀਆਂ ਦੇ ਸਬੂਤ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਣ ਦੇ ਬਾਵਜੂਦ ਕਾਰਵਾਈ ਨਹੀਂ ਕੀਤੀ ਗਈ।
ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਅਤੇ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਰਾਹੀਂ ਪ੍ਰਾਈਵੇਟ ਬੱਸਾਂ ਨੂੰ ਤਰਜੀਹ ਦੇਣ ਨਾਲ ਵਿਭਾਗ ਅਤੇ ਪੰਜਾਬ ਦੇ ਨੌਜਵਾਨਾਂ ਦੇ ਰੋਜ਼ਗਾਰ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਨਬੱਸ ਦੀਆਂ ਸੈਂਕੜੇ ਸਰਕਾਰੀ ਮਾਲਕੀ ਵਾਲੀਆਂ ਬੱਸਾਂ ਸਪੇਅਰ ਪਾਰਟਸ, ਟਾਇਰਾਂ ਅਤੇ ਬੈਟਰੀਆਂ ਦੀ ਘਾਟ ਕਾਰਨ ਖੜ੍ਹੀਆਂ ਹਨ, ਜਦਕਿ ਪ੍ਰਾਈਵੇਟ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਚਲਾਈਆਂ ਜਾ ਰਹੀਆਂ ਹਨ। ਯੂਨੀਅਨ ਅਨੁਸਾਰ ਇਸ ਕਾਰਨ ਰੋਜ਼ਾਨਾ ਵੱਡੀ ਗਿਣਤੀ ਵਿੱਚ ਸਰਕਾਰੀ ਬੱਸਾਂ ਦੇ ਕਿਲੋਮੀਟਰ ਮਿਸ ਹੋ ਰਹੇ ਹਨ।
ਆਗੂਆਂ ਨੇ ਕਿਹਾ ਕਿ 24 ਜੂਨ ਦੀ ਮੀਟਿੰਗ ਵਿੱਚ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕਰਨ, ਆਊਟਸੋਰਸ ਮੁਲਾਜ਼ਮਾਂ ਨੂੰ ਤਿੰਨ ਸਾਲ ਦੀ ਸਮਾਂ ਸੀਮਾ ਉਪਰੰਤ ਕੰਟਰੈਕਟ ’ਤੇ ਲਿਆਉਣ ਅਤੇ ਹੋਰ ਮੰਗਾਂ ਦਾ ਹੱਲ ਕਰਨ ਲਈ ਸਮਾਂ ਦਿੱਤਾ ਗਿਆ ਸੀ, ਪਰ ਉਨ੍ਹਾਂ ਅਨੁਸਾਰ ਅਜੇ ਤੱਕ ਕੋਈ ਠੋਸ ਨਤੀਜਾ ਨਹੀਂ ਨਿਕਲਿਆ। ਯੂਨੀਅਨ ਦਾ ਦੋਸ਼ ਹੈ ਕਿ ਮੰਨੀਆਂ ਮੰਗਾਂ ਨੂੰ ਵੀ ਸਪੱਸ਼ਟ ਸ਼ਬਦਾਂ ਵਿੱਚ ਲਿਖਤੀ ਰੂਪ ਨਾ ਦੇ ਕੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਗਿਆ ਹੈ।
ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਜੇਲ੍ਹਾਂ ਵਿੱਚ ਬੰਦ ਮੁਲਾਜ਼ਮਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਅਤੇ ਹੋਰ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਬਾਈਕਾਟ ਕਰਨ ਸਮੇਤ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਧਰਨਾ ਅਤੇ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੌਰਾਨ ਭੁੱਖ ਹੜਤਾਲ ਕਰਨ ਦੀ ਚਿਤਾਵਨੀ ਵੀ ਦਿੱਤੀ ਹੈ।
ਹੜਤਾਲ ਦੇ ਕਾਰਨ ਫਿਰੋਜ਼ਪੁਰ ਡਿਪੂ ਦੀਆਂ 64 ਬੱਸਾਂ ਦਾ ਸੰਚਾਲਨ ਪ੍ਰਭਾਵਿਤ ਰਿਹਾ, ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹੜਤਾਲ ਦੌਰਾਨ ਨਿੱਜੀ ਬੱਸ ਸੰਚਾਲਕਾਂ ਦੀ ਚਾਂਦੀ ਰਹੀ ਅਤੇ ਯਾਤਰੀਆਂ ਨੇ ਨਿੱਜੀ ਬੱਸਾਂ ਦਾ ਸਹਾਰਾ ਲਿਆ। ਕੱਚੇ ਅਤੇ ਠੇਕਾ ਕਰਮਚਾਰੀਆਂ ਨੇ ਸਰਕਾਰ ਤੋਂ ਅਸਥਾਈ ਕਰਮਚਾਰੀਆਂ ਨੂੰ ਪੱਕਾ ਕਰਨ, ਇੱਕੋ ਜਿਹੇ ਕੰਮ ਲਈ ਇੱਕੋ ਜਿਹੀ ਤਨਖ਼ਾਹ ਦੇਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਠੇਕਾ ਸਿਸਟਮ ਖ਼ਤਮ ਕਰਨ, ਕੈਸ਼ਲੈਸ ਮੈਡੀਕਲ ਸਹੂਲਤ ਮੁਹੱਈਆ ਕਰਵਾਉਣ ਅਤੇ ਲੰਬੇ ਸਮੇਂ ਤੋਂ ਪੈਂਡਿੰਗ ਪਈਆਂ ਜਾਇਜ਼ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ ਹੈ।
ਇਸ ਦੌਰਾਨ ਯੂਨੀਅਨ ਵੱਲੋਂ ਤਾਜ਼ਾ ਅਪੀਲ ਜਾਰੀ ਕਰਦਿਆਂ ਸਮੂਹ ਡਿਪੂ ਕਮੇਟੀਆਂ ਅਤੇ ਮੁਲਾਜ਼ਮਾਂ ਨੂੰ ਕਿਹਾ ਗਿਆ ਹੈ ਕਿ ਹੜਤਾਲ ਜਾਰੀ ਹੈ। 4 ਅਗਸਤ ਨੂੰ ਸਵੇਰੇ 9 ਵਜੇ ਡੰਡੇ, ਝੰਡੇ ਅਤੇ ਫਲੈਕਸਾਂ ਸਮੇਤ ਪੂਰੀ ਗਿਣਤੀ ਵਿੱਚ ਮੁਹਾਲੀ 6 ਫੇਜ਼ ਬੱਸ ਸਟੈਂਡ ਵਿਖੇ ਪਹੁੰਚਿਆ ਜਾਵੇ। ਯੂਨੀਅਨ ਨੇ ਕਿਹਾ ਕਿ ਜਦੋਂ ਤੱਕ ਸੂਬਾ ਕਮੇਟੀ ਵੱਲੋਂ ਹੜਤਾਲ ਖ਼ਤਮ ਕਰਨ ਸਬੰਧੀ ਕੋਈ ਸੁਨੇਹਾ ਨਹੀਂ ਆਉਂਦਾ, ਉਦੋਂ ਤੱਕ ਹੜਤਾਲ ਅਤੇ ਐਲਾਨੇ ਗਏ ਸਾਰੇ ਸੰਘਰਸ਼ੀ ਪ੍ਰੋਗਰਾਮ ਜਾਰੀ ਰਹਿਣਗੇ।






