Ferozepur News
ਨਗਰ ਪੰਚਾਇਤ ਨਿਜ਼ਾਮਵਾਲਾ ਵੱਲੋਂ ਸਰਕਾਰੀ ਪ੍ਰਾਇਮਰੀ/ਹਾਈ ਸਕੂਲ ਨੂੰ ਖੇਡ ਕਿੱਟਾਂ ਭੇਟ
ਖੇਡਾਂ ਨਾਲ ਜੁੜ ਕੇ ਵਿਦਿਆਰਥੀ ਸਿਹਤਮੰਦ, ਅਨੁਸ਼ਾਸਿਤ ਅਤੇ ਕਾਮਯਾਬ ਜੀਵਨ ਵੱਲ ਵਧਣਗੇ - ਮਨਦੀਪ ਘਈ / ਕਪਿਲ ਦੇਵ

ਨਗਰ ਪੰਚਾਇਤ ਨਿਜ਼ਾਮਵਾਲਾ ਵੱਲੋਂ ਸਰਕਾਰੀ ਪ੍ਰਾਇਮਰੀ/ਹਾਈ ਸਕੂਲ ਨੂੰ ਖੇਡ ਕਿੱਟਾਂ ਭੇਟ
ਖੇਡਾਂ ਨਾਲ ਜੁੜ ਕੇ ਵਿਦਿਆਰਥੀ ਸਿਹਤਮੰਦ, ਅਨੁਸ਼ਾਸਿਤ ਅਤੇ ਕਾਮਯਾਬ ਜੀਵਨ ਵੱਲ ਵਧਣਗੇ – ਮਨਦੀਪ ਘਈ / ਕਪਿਲ ਦੇਵ
ਫ਼ਿਰੋਜ਼ਪੁਰ , 3 ਅਗਸਤ, 2026: ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਸਰਕਾਰਾਂ ਦੇ ਨਾਲ-ਨਾਲ ਪਿੰਡਾਂ ਦੀਆਂ ਪੰਚਾਇਤਾਂ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ। ਇਸੇ ਕੜੀ ਤਹਿਤ ਨਗਰ ਪੰਚਾਇਤ ਨਿਜ਼ਾਮਵਾਲਾ ਵੱਲੋਂ ਸਰਕਾਰੀ ਪ੍ਰਾਇਮਰੀ/ਹਾਈ ਸਕੂਲ ਨਿਜ਼ਾਮਵਾਲਾ ਦੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਲਈ ਖੇਡ ਕਿੱਟਾਂ ਅਤੇ ਹੋਰ ਲੋੜੀਂਦਾ ਖੇਡ ਸਮਾਨ ਭੇਟ ਕੀਤਾ ਗਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਦੀਆਂ ਖੇਡ ਪ੍ਰਤਿਭਾਵਾਂ ਨੂੰ ਨਿਖਾਰਨਾ ਹੈ।
ਸਕੂਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਨਗਰ ਪੰਚਾਇਤ ਵੱਲੋਂ ਕ੍ਰਿਕਟ, ਵਾਲੀਬਾਲ, ਫੁੱਟਬਾਲ, ਬੈਡਮਿੰਟਨ ਅਤੇ ਹੋਰ ਖੇਡਾਂ ਨਾਲ ਸਬੰਧਤ ਸਮਾਨ ਸਕੂਲ ਨੂੰ ਸੌਂਪਿਆ ਗਿਆ। ਇਸ ਮੌਕੇ ਸਰਪੰਚ ਸ. ਜੁਗਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਸਗੋਂ ਅਨੁਸ਼ਾਸਨ, ਟੀਮ ਭਾਵਨਾ, ਲੀਡਰਸ਼ਿਪ ਅਤੇ ਆਤਮ-ਵਿਸ਼ਵਾਸ ਵੀ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਲਈ ਖੇਡਾਂ ਨਾਲ ਜੁੜਨਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਉਣ ਅਤੇ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਮੇਂ ਦੀ ਕਦਰ ਕਰਦੇ ਹੋਏ ਪੜ੍ਹਾਈ ਅਤੇ ਖੇਡਾਂ ਦੋਵਾਂ ਵਿੱਚ ਮਿਹਨਤ ਕਰਨ ਦੀ ਅਪੀਲ ਕੀਤੀ।
ਸਕੂਲ ਦੇ ਹੈੱਡਮਾਸਟਰ ਮਨਦੀਪ ਸਿੰਘ ਘਈ ਨੇ ਨਗਰ ਪੰਚਾਇਤ ਦੇ ਇਸ ਸ਼ਲਾਘਾਯੋਗ ਉਪਰਾਲੇ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਪਣੀ ਖੇਡ ਪ੍ਰਤਿਭਾ ਨੂੰ ਹੋਰ ਨਿਖਾਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਸਕੂਲ ਪ੍ਰਬੰਧਨ ਵਿਦਿਆਰਥੀਆਂ ਨੂੰ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਖੇਡ ਮੁਕਾਬਲਿਆਂ ਲਈ ਤਿਆਰ ਕਰਨ ਵਾਸਤੇ ਲਗਾਤਾਰ ਯਤਨਸ਼ੀਲ ਹੈ ਅਤੇ ਇਹ ਖੇਡ ਸਮੱਗਰੀ ਇਸ ਦਿਸ਼ਾ ਵਿੱਚ ਬਹੁਤ ਲਾਭਕਾਰੀ ਸਾਬਤ ਹੋਵੇਗੀ।
ਹੈੱਡ ਟੀਚਰ ਪ੍ਰਾਇਮਰੀ ਕਪਿਲ ਦੇਵ ਨੇ ਵੀ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਖੇਡਾਂ ਵਿੱਚ ਪੂਰੀ ਲਗਨ ਅਤੇ ਅਨੁਸ਼ਾਸਨ ਨਾਲ ਭਾਗ ਲੈਣ ਤਾਂ ਜੋ ਸਕੂਲ, ਪਿੰਡ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਖੇਡਾਂ ਮਨੁੱਖ ਦੇ ਸਰਵਪੱਖੀ ਵਿਕਾਸ ਦਾ ਅਹਿਮ ਸਾਧਨ ਹਨ ਅਤੇ ਹਰ ਵਿਦਿਆਰਥੀ ਨੂੰ ਕਿਸੇ ਨਾ ਕਿਸੇ ਖੇਡ ਨਾਲ ਜ਼ਰੂਰ ਜੁੜਨਾ ਚਾਹੀਦਾ ਹੈ।
ਸਮਾਗਮ ਦੌਰਾਨ ਨਗਰ ਪੰਚਾਇਤ ਨਿਜ਼ਾਮਵਾਲਾ ਦੇ ਸਮੂਹ ਮੈਂਬਰਾਂ, ਐੱਸ.ਐੱਮ.ਸੀ. ਕਮੇਟੀ ਦੇ ਮੈਂਬਰਾਂ, ਵਿਦਿਆਰਥੀਆਂ ਦੇ ਮਾਪਿਆਂ ਅਤੇ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਦੇ ਸਮੂਹ ਅਧਿਆਪਕਾਂ ਨੇ ਵੀ ਸ਼ਮੂਲੀਅਤ ਕੀਤੀ। ਹਾਜ਼ਰ ਸਾਰਿਆਂ ਨੇ ਨਗਰ ਪੰਚਾਇਤ ਦੇ ਇਸ ਲੋਕ-ਹਿਤੈਸ਼ੀ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਸਿੱਖਿਆ ਅਤੇ ਖੇਡਾਂ ਦੇ ਵਿਕਾਸ ਲਈ ਇਸ ਤਰ੍ਹਾਂ ਦਾ ਸਹਿਯੋਗ ਜਾਰੀ ਰਹੇਗਾ। ਇਹ ਉਪਰਾਲਾ ਪਿੰਡ ਦੇ ਵਿਦਿਆਰਥੀਆਂ ਵਿੱਚ ਖੇਡ ਭਾਵਨਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਉੱਚ ਪੱਧਰੀ ਖੇਡ ਮੁਕਾਬਲਿਆਂ ਲਈ ਪ੍ਰੇਰਿਤ ਕਰਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਏਗਾ।





