ਪਿੰਡ ਬੱਧਨੀ ਜੈਮਲ ਸਿੰਘ ਅਤੇ ਢੀਂਡਸਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ

ਪਿੰਡ ਬੱਧਨੀ ਜੈਮਲ ਸਿੰਘ ਅਤੇ ਢੀਂਡਸਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ
ਫਿਰੋਜ਼ਪੁਰ, 6 ਅਗਸਤ, 2026: ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਉਣ ਅਤੇ ਉਨ੍ਹਾਂ ਦੇ ਜੀਵਨ, ਫਲਸਫ਼ੇ, ਬਾਣੀ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ-ਪਿੰਡ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਅੱਜ ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡ ਬੱਧਨੀ ਜੈਮਲ ਸਿੰਘ ਅਤੇ ਢੀਂਡਸਾ ਵਿਖੇ ਵਿਸ਼ੇਸ਼ ਡਾਕੂਮੈਂਟਰੀ ਦਿਖਾਈ ਗਈ।
ਡਾਕੂਮੈਂਟਰੀ ਵੈਨ ਰਾਹੀਂ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡਾਂ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਸੰਦੇਸ਼ ਨੂੰ ਉਜਾਗਰ ਕਰਦੀ ਦਸਤਾਵੇਜ਼ੀ ਫਿਲਮ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪੰਜਾਬ ਸਰਕਾਰ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾ ਕੇ ਸਮਾਜ ਵਿੱਚ ਸਮਾਨਤਾ, ਸਦਭਾਵਨਾ ਅਤੇ ਸਾਂਝੀਵਾਲਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਹ ਦਸਤਾਵੇਜ਼ੀ ਨੌਜਵਾਨਾਂ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ, ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਣ ਲਈ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋ ਰਹੀ ਹੈ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ, ਆਪਸੀ ਸਤਿਕਾਰ ਅਤੇ ਮਨੁੱਖੀ ਏਕਤਾ ਦਾ ਰਾਹ ਦਿਖਾਉਂਦੀ ਹੈ।




