ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਵਿੱਚ ਭਾਈ ਮਰਦਾਨਾ ਸੋਸਾਇਟੀ ਭੇਜੇਗੀ ਸੰਗਤ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਵਿੱਚ ਭਾਈ ਮਰਦਾਨਾ ਸੋਸਾਇਟੀ ਭੇਜੇਗੀ ਸੰਗਤ

ਫਿਰੋਜ਼ਪੁਰ, 11 ਅਗਸਤ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਇਸ ਸਾਲ ਨਵੰਬਰ ਵਿੱਚ ਭਾਰਤ ਤੋਂ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ਵਿੱਚ ਇੰਟਰਨੈਸ਼ਨਲ ਭਾਈ ਮਰਦਾਨਾ ਸੋਸਾਇਟੀ ਵੱਲੋਂ ਸੰਗਤ ਭੇਜੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਿਛਲੇ ਚਾਰ ਜਥਿਆਂ ਦੌਰਾਨ ਭਾਰਤ ਸਰਕਾਰ ਦੀਆਂ ਹਦਾਇਤਾਂ ਕਾਰਨ ਸੋਸਾਇਟੀ ਵੱਲੋਂ ਜਥਾ ਨਹੀਂ ਭੇਜਿਆ ਜਾ ਸਕਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਨਕਾਣਾ ਸਾਹਿਬ ਜਾਣ ਦੇ ਇੱਛੁਕ ਸ਼ਰਧਾਲੂਆਂ ਦੇ ਦਸਤਾਵੇਜ਼ ਇਕੱਠੇ ਕੀਤੇ ਜਾ ਰਹੇ ਹਨ। ਸੰਗਤ ਆਪਣੇ ਪਾਸਪੋਰਟ, ਦੋ ਪਾਸਪੋਰਟ ਸਾਈਜ਼ ਫੋਟੋਆਂ, ਪਾਸਪੋਰਟ ਦੀ ਫੋਟੋਕਾਪੀ ਅਤੇ ਆਧਾਰ ਕਾਰਡ ਦੀ ਫੋਟੋਕਾਪੀ 22 ਅਗਸਤ ਤੱਕ ਇੰਟਰਨੈਸ਼ਨਲ ਭਾਈ ਮਰਦਾਨਾ ਸੋਸਾਇਟੀ ਦੇ ਦਫ਼ਤਰ, ਰਾਮਗੜ੍ਹੀਆ ਨਗਰ, ਫਿਰੋਜ਼ਪੁਰ ਸ਼ਹਿਰ ਵਿਖੇ ਜਮ੍ਹਾਂ ਕਰਵਾ ਸਕਦੀ ਹੈ।
ਜਗਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਉਹ ਪਿਛਲੇ ਦੋ-ਤਿੰਨ ਦਿਨਾਂ ਤੋਂ ਦਿੱਲੀ ਵਿੱਚ ਸਨ ਅਤੇ ਇਸ ਦੌਰਾਨ ਗ੍ਰਹਿ ਵਿਭਾਗ ਨਾਲ ਇਸ ਮਾਮਲੇ ਸਬੰਧੀ ਗੱਲਬਾਤ ਹੋਈ। ਉਨ੍ਹਾਂ ਕਿਹਾ ਕਿ ਸੋਸਾਇਟੀ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਜਥਾ ਭੇਜਿਆ ਜਾਵੇ ਅਤੇ ਲੋੜੀਂਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਨਨਕਾਣਾ ਸਾਹਿਬ ਜਾਣ ਦੇ ਚਾਹਵਾਨ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ 22 ਅਗਸਤ ਤੋਂ ਪਹਿਲਾਂ ਆਪਣੇ ਪਾਸਪੋਰਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਸੋਸਾਇਟੀ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ।
ਉਨ੍ਹਾਂ ਕਿਹਾ ਕਿ ਨਨਕਾਣਾ ਸਾਹਿਬ ਸਿੱਖਾਂ ਲਈ ਬਹੁਤ ਪਵਿੱਤਰ ਅਸਥਾਨ ਹੈ ਅਤੇ ਹਰ ਸਿੱਖ ਦੀ ਉੱਥੇ ਦਰਸ਼ਨ ਕਰਨ ਦੀ ਤਾਂਘ ਹੁੰਦੀ ਹੈ। ਉਨ੍ਹਾਂ ਸਰਕਾਰਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵੱਧ ਤੋਂ ਵੱਧ ਸੰਗਤ ਨੂੰ ਨਨਕਾਣਾ ਸਾਹਿਬ ਜਾਣ ਦੀ ਇਜਾਜ਼ਤ ਦਿੱਤੀ ਜਾਵੇ।
ਭੁੱਲਰ ਨੇ ਜਥਿਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸੰਗਤ ਲਈ ਅਜਿਹੇ ਧਾਰਮਿਕ ਯਾਤਰਾ ਦੇ ਮੌਕੇ ਬਹੁਤ ਮਹੱਤਵਪੂਰਨ ਹਨ।
ਉਨ੍ਹਾਂ ਦੱਸਿਆ ਕਿ ਨਨਕਾਣਾ ਸਾਹਿਬ ਜਾਣ ਦੇ ਇੱਛੁਕ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 88377 50008 ’ਤੇ ਸੰਪਰਕ ਕਰ ਸਕਦੇ ਹਨ।





