Ferozepur News

ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਫਿਰੋਜ਼ਪੁਰ ਵਿੱਚ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਫਿਰੋਜ਼ਪੁਰ ਵਿੱਚ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਫਿਰੋਜ਼ਪੁਰ ਵਿੱਚ ਵੱਡਾ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ

ਫਿਰੋਜ਼ਪੁਰ, 12 ਅਗਸਤ, 2026: ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੀ ਜਾ ਰਹੀ ਕਥਿਤ ਬੇਇਨਸਾਫ਼ੀ ਦੇ ਵਿਰੋਧ ਵਿੱਚ 15 ਅਗਸਤ ਨੂੰ ਫਿਰੋਜ਼ਪੁਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਆਮਦ ਮੌਕੇ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਥੇਬੰਦੀਆਂ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਸਰਕਾਰ ਨੂੰ ਸੰਵਿਧਾਨ ਅਤੇ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਯਾਦ ਕਰਵਾਈਆਂ ਜਾਣਗੀਆਂ।

ਪੰਥਕ ਆਗੂਆਂ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿੱਚ ਬੰਦ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਮਾਮਲਾ ਲੰਮੇ ਸਮੇਂ ਤੋਂ ਲਟਕ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਾਰ-ਵਾਰ ਇੱਕ-ਦੂਜੇ ਸਿਰ ਜ਼ਿੰਮੇਵਾਰੀ ਪਾ ਕੇ ਮਾਮਲੇ ਨੂੰ ਟਾਲ ਰਹੀਆਂ ਹਨ।

ਆਗੂਆਂ ਨੇ ਦੱਸਿਆ ਕਿ ਕੌਮੀ ਇਨਸਾਫ਼ ਮੋਰਚਾ, ਮੋਹਾਲੀ ਵੱਲੋਂ ਪਿਛਲੇ ਕਰੀਬ ਸਾਢੇ ਤਿੰਨ ਸਾਲਾਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਸੁਪਰੀਮ ਕੋਰਟ ਵਿੱਚ ਜੇਲ੍ਹ ਬਦਲੀ ਅਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪੈਰੋਲ ਸਬੰਧੀ ਮਾਮਲਿਆਂ ਦੀ ਪੈਰਵੀ ਵੀ ਕੀਤੀ ਜਾ ਰਹੀ ਹੈ।

ਆਗੂਆਂ ਮੁਤਾਬਕ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 6 ਜੁਲਾਈ ਨੂੰ ਮਾਮਲੇ ਨੂੰ ਗੰਭੀਰਤਾ ਨਾਲ ਵਿਚਾਰਨ ਅਤੇ ਫੈਸਲਾ ਲੈਣ ਲਈ ਸੱਤ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਪੰਜਾਬ ਦੇ ਰਾਜਪਾਲ ਵੱਲੋਂ ਮੁੱਖ ਮੰਤਰੀ ਤੋਂ ਸਹਿਮਤੀ ਪੱਤਰ ਵੀ ਲਿਆ ਗਿਆ ਹੈ।

ਕੌਮੀ ਇਨਸਾਫ਼ ਮੋਰਚੇ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ ਅਤੇ ਪਰਮਜੀਤ ਸਿੰਘ ਭਿਉਰਾ ਸਮੇਤ ਜੇਲ੍ਹਾਂ ਵਿੱਚ ਬੰਦ ਸਾਰੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ ਗਈ ਹੈ। ਆਗੂਆਂ ਨੇ ਬਿਨਾਂ ਮੁਕੱਦਮਾ ਚਲਾਏ ਜੇਲ੍ਹ ਵਿੱਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਬੰਦੀਆਂ ਦੀ ਰਿਹਾਈ ਦੀ ਵੀ ਮੰਗ ਉਠਾਈ।

ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ 15 ਅਗਸਤ ਨੂੰ ਕੇਂਦਰ ਸਰਕਾਰ ਵਿਰੁੱਧ ਗਵਰਨਰ ਹਾਊਸ ਵੱਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਦਕਿ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਦੀ ਆਮਦ ਦੇ ਵਿਰੋਧ ਵਿੱਚ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤਾ ਜਾਵੇਗਾ।

ਮੀਟਿੰਗ ਵਿੱਚ ਪੰਥਕ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਰਨਾਮ ਸਿੰਘ, ਦਲੀਪ ਸਿੰਘ, ਕਸ਼ਮੀਰ ਸਿੰਘ, ਭਾਈ ਦਵਿੰਦਰ ਸਿੰਘ ਸੇਖੋਂ, ਐਡਵੋਕੇਟ ਜਗਮੀਤ ਸਿੰਘ, ਮਾਨ ਸਿੰਘ ਕਿੱਲੀ, ਜਗਦੀਪ ਸਿੰਘ, ਲਖਵੀਰ ਸਿੰਘ, ਜਸਬੀਰ ਭੁੱਲਰ, ਅਵਤਾਰ ਸਿੰਘ ਮਹਿਮਾ, ਬਲਦੇਵ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਅਵਤਾਰ ਸਿੰਘ, ਬੱਗਾ ਸਿੰਘ, ਗੁਰਚਰਨ ਸਿੰਘ ਭੁੱਲਰ, ਕਸ਼ਮੀਰ ਸਿੰਘ ਨਿਵਾਦਾ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button