ਐਨਐਚਐਮ ਮੁਲਾਜ਼ਮਾਂ ਦੀ ਹੜਤਾਲ ਜਾਰੀ, ਸਿਹਤ ਸੇਵਾਵਾਂ ਪ੍ਰਭਾਵਿਤ; ਮੰਗਾਂ ਨਾ ਮੰਨੀਆਂ ਤਾਂ ਵਿੱਤ ਮੰਤਰੀ ਦਾ ਘਿਰਾਓ ਕਰਨ ਦੀ ਚੇਤਾਵਨੀ
ਐਨਐਚਐਮ ਮੁਲਾਜ਼ਮਾਂ ਦੀ ਹੜਤਾਲ ਜਾਰੀ, ਸਿਹਤ ਸੇਵਾਵਾਂ ਪ੍ਰਭਾਵਿਤ; ਮੰਗਾਂ ਨਾ ਮੰਨੀਆਂ ਤਾਂ ਵਿੱਤ ਮੰਤਰੀ ਦਾ ਘਿਰਾਓ ਕਰਨ ਦੀ ਚੇਤਾਵਨੀ
ਫਿਰੋਜ਼ਪੁਰ, 17 ਅਗਸਤ, 2026: ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਅਧੀਨ ਕੰਮ ਕਰ ਰਹੇ ਮੁਲਾਜ਼ਮਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋਣ ਦਾ ਦਾਅਵਾ ਕੀਤਾ ਗਿਆ ਹੈ। ਐਨਐਚਐਮ ਇੰਪਲਾਈਜ਼ ਯੂਨੀਅਨ ਪੰਜਾਬ ਵੱਲੋਂ 17 ਤੋਂ 24 ਅਗਸਤ ਤੱਕ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਹੜਤਾਲ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਜਲਦ ਪੂਰੀਆਂ ਕਰਨ ਦੀ ਮੰਗ ਕੀਤੀ।
ਯੂਨੀਅਨ ਦੇ ਕਮੇਟੀ ਮੈਂਬਰ ਬਗੀਚ ਸਿੰਘ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਨਐਚਐਮ ਅਧੀਨ ਮੁਲਾਜ਼ਮ ਪਿਛਲੇ 15-20 ਸਾਲਾਂ ਤੋਂ ਠੇਕੇ ਦੇ ਆਧਾਰ ’ਤੇ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਰਕਾਰ ਨਾਲ ਲਗਭਗ 40-45 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਦੌਰਾਨ ਵੀ ਕੋਈ ਠੋਸ ਫੈਸਲਾ ਨਹੀਂ ਹੋਇਆ।
ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ ਬਰਾਬਰ ਕੰਮ ਲਈ ਬਰਾਬਰ ਤਨਖਾਹ, ਗ੍ਰੈਚੁਟੀ ਅਤੇ ਉਮਰ ਹੱਦ ਵਿੱਚ ਵਾਧਾ ਆਦਿ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਐਨਐਚਐਮ ਮੁਲਾਜ਼ਮ ਆਪਣੇ ਭਵਿੱਖ ਅਤੇ ਰੁਜ਼ਗਾਰ ਦੀ ਸੁਰੱਖਿਆ ਲਈ ਸੰਘਰਸ਼ ਕਰ ਰਹੇ ਹਨ ਅਤੇ ਜੇਕਰ ਸਰਕਾਰ ਨੇ ਮੰਗਾਂ ਨੂੰ ਜਲਦ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਸ ਮੌਕੇ ਯੂਨੀਅਨ ਆਗੂ ਪ੍ਰੀਤ ਮਖੀਜਾ, ਕਮਿਊਨਿਟੀ ਹੈਲਥ ਅਫਸਰ, ਅਤੇ ਹਰਜਿੰਦਰ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ, ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਮੰਗਾਂ ਦੇ ਹੱਕ ਵਿੱਚ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ ਯੂਨੀਅਨ ਵੱਲੋਂ ਸਰਕਾਰ ਦਾ ਹਰ ਪੱਧਰ ’ਤੇ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਲਦ ਹੀ ਪੰਜਾਬ ਦੇ ਵਿੱਤ ਮੰਤਰੀ ਦਾ ਘਿਰਾਓ ਵੀ ਕੀਤਾ ਜਾਵੇਗਾ।
ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸੁਖਦੇਵ ਰਾਜ (DSA), ਡਾ. ਯੁਵਰਾਜ ਨਾਰੰਗ (Epidemiologist), ਅਜੈ ਕੁਮਾਰ (IA), ਗੁਰਬਚਨ ਸਿੰਘ (CHO), ਜਯੋਤੀ ਛਾਬੜਾ (BSA), ਡਾ. ਅਮਨਦੀਪ (AMO, RBSK) ਅਤੇ ਪ੍ਰਭਜੋਤ ਕੌਰ (ਸਟਾਫ ਨਰਸ) ਨੇ ਸਾਂਝੀ ਆਵਾਜ਼ ਵਿੱਚ ਸਰਕਾਰ ਅਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਮੁੜ ਟਾਲਮਟੋਲ ਦੀ ਨੀਤੀ ਅਪਣਾਈ ਤਾਂ ਐਨਐਚਐਮ ਮੁਲਾਜ਼ਮ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਲਈ ਮਜਬੂਰ ਹੋਣਗੇ। ਯੂਨੀਅਨ ਆਗੂਆਂ ਨੇ ਕਿਹਾ ਕਿ ਹੜਤਾਲ ਕਾਰਨ ਪ੍ਰਭਾਵਿਤ ਹੋਣ ਵਾਲੀਆਂ ਸਿਹਤ ਸੇਵਾਵਾਂ ਦੀ ਜ਼ਿੰਮੇਵਾਰੀ ਸਰਕਾਰ ਅਤੇ ਸਿਹਤ ਵਿਭਾਗ ਦੀ ਹੋਵੇਗੀ।
ਇਸ ਮੌਕੇ ਮਿਸ ਸੀਮਾ ਰਾਣੀ, ਰਵੀ ਚੌਪੜਾ, ਸੁਮੀਤ ਕੁਮਾਰ, ਮੁਕੇਸ਼ ਕੁਮਾਰ, ਸਿਮਰਨਪ੍ਰੀਤ ਕੌਰ, ਹਰਮਨਪ੍ਰੀਤ ਕੌਰ, ਜਸਪਾਲ ਸ਼ਰਮਾ, ਰਿੰਕੂ ਕੰਬੋਜ, ਅਮਰਿੰਦਰ ਸਿੰਘ ਸਮੇਤ ਹੋਰ ਐਨਐਚਐਮ ਮੁਲਾਜ਼ਮ ਹਾਜ਼ਰ ਸਨ।





