Ferozepur News

ਐਨਐਚਐਮ ਕਰਮਚਾਰੀਆਂ ਦੀ ਹੜਤਾਲ ਨੂੰ ਡੀਟੀਐੱਫ ਪੰਜਾਬ ਦਾ ਸਮਰਥਨ

ਐਨਐਚਐਮ ਕਰਮਚਾਰੀਆਂ ਦੀ ਹੜਤਾਲ ਨੂੰ ਡੀਟੀਐੱਫ ਪੰਜਾਬ ਦਾ ਸਮਰਥਨ

ਐਨਐਚਐਮ ਕਰਮਚਾਰੀਆਂ ਦੀ ਹੜਤਾਲ ਨੂੰ ਡੀਟੀਐੱਫ ਪੰਜਾਬ ਦਾ ਸਮਰਥਨ

ਫ਼ਿਰੋਜ਼ਪੁਰ, 19 ਅਗਸਤ, 2026: ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਐਨਐਚਐਮ ਇੰਪਲਾਇਜ਼ ਯੂਨੀਅਨ ਪੰਜਾਬ ਵੱਲੋਂ ਜ਼ਿਲ੍ਹਾ ਕੰਪਲੈਕਸ ਫ਼ਿਰੋਜ਼ਪੁਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਨੂੰ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਵੱਲੋਂ ਡਟਵਾਂ ਸਮਰਥਨ ਦਿੱਤਾ ਗਿਆ। ਡੀਟੀਐੱਫ ਆਗੂਆਂ ਨੇ ਕਿਹਾ ਕਿ ਮੰਗਾਂ ਦੀ ਪ੍ਰਾਪਤੀ ਤੱਕ ਫਰੰਟ ਐਨਐਚਐਮ ਕਰਮਚਾਰੀਆਂ ਦੇ ਸੰਘਰਸ਼ ਨਾਲ ਖੜ੍ਹੀ ਰਹੇਗੀ।

ਡੀਟੀਐੱਫ ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ ਅਤੇ ਸੂਬਾ ਕਮੇਟੀ ਮੈਂਬਰ ਸਰਬਜੀਤ ਸਿੰਘ ਭਾਵੜਾ ਦੀ ਅਗਵਾਈ ਹੇਠ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਦਿਆਂ ਆਗੂਆਂ ਨੇ ਕਿਹਾ ਕਿ ਐਨਐਚਐਮ ਕਰਮਚਾਰੀ ਪਿਛਲੇ ਲਗਭਗ 20 ਸਾਲਾਂ ਤੋਂ ਠੇਕਾ ਪ੍ਰਥਾ ਦਾ ਸੰਤਾਪ ਹੰਢਾ ਰਹੇ ਹਨ ਅਤੇ ਉਨ੍ਹਾਂ ਨਾਲ ਲਗਾਤਾਰ ਆਰਥਿਕ ਤੇ ਮਾਨਸਿਕ ਬੇਇਨਸਾਫ਼ੀ ਕੀਤੀ ਜਾ ਰਹੀ ਹੈ।

ਆਗੂਆਂ ਅਨੁਸਾਰ ਐਨਐਚਐਮ ਕਰਮਚਾਰੀ ਆਪਣੀਆਂ ਮੰਗਾਂ ਸਬੰਧੀ ਸਰਕਾਰ ਵੱਲੋਂ ਲਿਖਤੀ ਨੋਟੀਫਿਕੇਸ਼ਨ ਜਾਰੀ ਹੋਣ ਤੱਕ 17 ਅਗਸਤ 2026 ਤੋਂ ਹੜਤਾਲ ’ਤੇ ਹਨ। ਹੜਤਾਲ ਦੌਰਾਨ ਕਰਮਚਾਰੀਆਂ ਵੱਲੋਂ ਰਿਪੋਰਟਿੰਗ, ਮੀਟਿੰਗਾਂ, ਇੰਸਪੈਕਸ਼ਨਾਂ ਅਤੇ ਹੋਰ ਸਾਰੇ ਕੰਮ ਮੁਕੰਮਲ ਤੌਰ ’ਤੇ ਬੰਦ ਕੀਤੇ ਗਏ ਹਨ। ਡੀਟੀਐੱਫ ਆਗੂਆਂ ਨੇ ਸਰਕਾਰ ਤੋਂ ਬਿਨਾਂ ਹੋਰ ਦੇਰੀ ਕੀਤੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ।

ਡੀਟੀਐੱਫ ਨੇ ਮੰਗ ਕੀਤੀ ਕਿ ਐਨਐਚਐਮ ਕਰਮਚਾਰੀਆਂ ਲਈ ‘ਬਰਾਬਰ ਕੰਮ, ਬਰਾਬਰ ਤਨਖਾਹ’ ਦਾ ਸਿਧਾਂਤ ਲਾਗੂ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਤੋਂ ਤਨਖਾਹਾਂ ਵਿੱਚ ਕੋਈ ਵਾਧਾ ਨਾ ਹੋਣ ਕਾਰਨ ਮੌਜੂਦਾ ਮਹਿੰਗਾਈ ਦੇ ਮੱਦੇਨਜ਼ਰ ਸਨਮਾਨਯੋਗ ਤਨਖਾਹ ਵਾਧਾ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਕੇਡਰਾਂ ਦੀਆਂ ਤਨਖਾਹਾਂ ਦਾ ਪੁਨਰਗਠਨ ਕਰਕੇ ਲੋਇਲਟੀ ਬੋਨਸ ਲਾਗੂ ਕਰਨ ਦੀ ਮੰਗ ਵੀ ਕੀਤੀ ਗਈ।

ਆਗੂਆਂ ਨੇ ਕਿਹਾ ਕਿ ਦੇਸ਼ ਦੇ ਹੋਰ ਸੂਬਿਆਂ ਦੀ ਤਰਜ਼ ’ਤੇ ਐਨਐਚਐਮ ਪੰਜਾਬ ਦੇ ਕੱਚੇ ਮੁਲਾਜ਼ਮਾਂ ਦੀ ਰਿਟਾਇਰਮੈਂਟ ਉਮਰ ਘੱਟੋ-ਘੱਟ 62 ਸਾਲ ਕੀਤੀ ਜਾਵੇ। ਲੰਬੀ ਸੇਵਾ ਤੋਂ ਬਾਅਦ ਕਰਮਚਾਰੀਆਂ ਦੇ ਖਾਲੀ ਹੱਥ ਸੇਵਾਮੁਕਤ ਹੋਣ ਦੀ ਪ੍ਰਥਾ ਖ਼ਤਮ ਕਰਦਿਆਂ ਹੋਰ ਵਿਭਾਗਾਂ ਦੀ ਤਰਜ਼ ’ਤੇ ਰਿਟਾਇਰਮੈਂਟ ਉਪਰੰਤ ਗਰੈਚੁਟੀ ਦੀ ਸਹੂਲਤ ਦੇਣ ਦੀ ਵੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਮਹੀਨਾਵਾਰ ਤਨਖਾਹਾਂ ਦੀ ਅਦਾਇਗੀ ਪ੍ਰਣਾਲੀ ਵਿੱਚ ਸੁਧਾਰ ਕਰਦਿਆਂ ਹਰ ਮਹੀਨੇ ਦੀ 5 ਤਾਰੀਖ ਤੱਕ ਤਨਖਾਹ ਜਾਰੀ ਕਰਨਾ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ।

ਡੀਟੀਐੱਫ ਆਗੂਆਂ ਨੇ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਤੋਂ ਮੰਗ ਕੀਤੀ ਕਿ ਐਨਐਚਐਮ ਕਰਮਚਾਰੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਸਬੰਧੀ ਤੁਰੰਤ ਲਿਖਤੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸਿਹਤ ਵਿਭਾਗ ਦੀਆਂ ਸੇਵਾਵਾਂ ਵਿੱਚ ਅਹਿਮ ਯੋਗਦਾਨ ਪਾ ਰਹੇ ਕਰਮਚਾਰੀਆਂ ਨੂੰ ਠੇਕਾ ਪ੍ਰਥਾ ਰਾਹੀਂ ਲਗਾਤਾਰ ਅਸੁਰੱਖਿਆ ਵਿੱਚ ਰੱਖਣਾ ਬੇਇਨਸਾਫ਼ੀ ਹੈ।

ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਵੱਲੋਂ ਐਨਐਚਐਮ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਗਿਆ ਤਾਂ 27 ਅਗਸਤ ਨੂੰ ਐਨਐਚਐਮ ਸਟੇਟ ਹੈੱਡਕੁਆਰਟਰ, ਚੰਡੀਗੜ੍ਹ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਡੀਟੀਐੱਫ ਪੰਜਾਬ ਵੱਲੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡੀਟੀਐੱਫ ਪੰਜਾਬ ਐਨਐਚਐਮ ਕਰਮਚਾਰੀਆਂ ਦੇ ਹੱਕੀ ਸੰਘਰਸ਼ ਨੂੰ ਮੰਗਾਂ ਦੀ ਪ੍ਰਾਪਤੀ ਤੱਕ ਆਪਣਾ ਸਮਰਥਨ ਜਾਰੀ ਰੱਖੇਗੀ।

ਇਸ ਮੌਕੇ ਅਮਿਤ ਸ਼ਰਮਾ, ਹੀਰਾ ਸਿੰਘ ਤੂਤ, ਦਵਿੰਦਰ ਨਾਥ, ਰਾਜ ਕੁਮਾਰ ਮਹਿਰੋਕ, ਅਮਿਤ ਕੰਬੋਜ, ਸਵਰਨ ਸਿੰਘ, ਨਰਿੰਦਰ ਜੰਮੂ, ਹਰਵਿੰਦਰ ਸਿੰਘ ਕੈਲਾਸ਼, ਰਾਮ ਕੁਮਾਰ, ਹਰਜਿੰਦਰ ਜਨੇਰ, ਵਿਕਰਮਜੀਤ, ਅਨਿਲ ਧਵਨ, ਗਗਨ ਮਿੱਤਲ, ਸੰਦੀਪ ਕੁਮਾਰ, ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਨ ਕੰਬੋਜ, ਗੁਰਦਰਸ਼ਨ ਸਿੰਘ, ਮੁਖਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ ਵੜਵਾਲ, ਸੰਧੂ, ਵਰਿੰਦਰਪਾਲ ਸਿੰਘ, ਕਿਰਪਾਲ ਸਿੰਘ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button