ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਸੈਸ਼ਨ
ਨਸ਼ਿਆਂ ਵਿਰੁੱਧ ਵਿਸ਼ੇਸ਼ ਗੱਲਬਾਤ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੰਦੇਸ਼

ਨਸ਼ਿਆਂ ਵਿਰੁੱਧ ਵਿਸ਼ੇਸ਼ ਗੱਲਬਾਤ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੰਦੇਸ਼
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਵਿਸ਼ੇ ’ਤੇ ਵਿਸ਼ੇਸ਼ ਜਾਗਰੂਕਤਾ ਸੈਸ਼ਨ
ਫਿਰੋਜ਼ਪੁਰ, 20 ਅਗਸਤ 2026: ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਦੇ ਕੈਂਪਸ ਰੈੱਡ ਰਿਬਨ ਕਲੱਬਾਂ ਅਤੇ ਐਨ.ਐਸ.ਐਸ. ਯੂਨਿਟਾਂ ਵੱਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਮਾਣਯੋਗ ਐਸ.ਐਸ.ਪੀ. ਫਿਰੋਜ਼ਪੁਰ ਸਰਦਾਰ ਭੁਪਿੰਦਰ ਸਿੰਘ ਸਿੱਧੂ ਨੇ ਕੈਂਪਸ ਵਿਦਿਆਰਥੀਆਂ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਵਿਸ਼ੇ ’ਤੇ ਵਿਸ਼ੇਸ਼ ਗੱਲਬਾਤ ਕੀਤੀ।
ਇਸ ਮੌਕੇ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ, ਤੇ ਕੈਂਪਸ ਰਜਿਸਟਰਾਰ ਡਾ ਰਾਜੀਵ ਅਰੋੜਾ ਨੇ ਆਪਣੇ ਸੰਦੇਸ਼ ਰਾਹੀਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ੇ ਨੌਜਵਾਨਾਂ ਦੇ ਭਵਿੱਖ ਨੂੰ ਤਬਾਹ ਕਰਦੇ ਹਨ ਅਤੇ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਊਰਜਾ ਪੜ੍ਹਾਈ, ਖੇਡਾਂ ਅਤੇ ਰਚਨਾਤਮਕ ਗਤੀਵਿਧੀਆਂ ਵਿੱਚ ਲਗਾਉਣ।
ਸੀ.ਵੀ. ਰਮਨ ਹਾਲ, ਬਲਾਕ-ਸੀ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ, ਸਮਾਜਿਕ ਅਤੇ ਆਰਥਿਕ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ।

ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਪੂਰੀ ਤਰ੍ਹਾਂ ਦੂਰ ਰਹਿਣ, ਆਪਣੇ ਦੋਸਤਾਂ ਅਤੇ ਸਾਥੀਆਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਕਿਸੇ ਵੀ ਵਿਅਕਤੀ ਨੂੰ ਨਸ਼ੇ ਦੀ ਲਤ ਤੋਂ ਬਾਹਰ ਕੱਢਣ ਲਈ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ।
ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਵੀ ਨਸ਼ਿਆਂ ਸਬੰਧੀ ਆਪਣੇ ਸਵਾਲ ਅਤੇ ਵਿਚਾਰ ਸਾਂਝੇ ਕੀਤੇ, ਜਿਨ੍ਹਾਂ ਦਾ ਐਸ.ਐਸ.ਪੀ. ਵੱਲੋਂ ਵਿਸਥਾਰਪੂਰਵਕ ਜਵਾਬ ਦਿੱਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਾ-ਮੁਕਤ ਜੀਵਨ ਅਪਣਾਉਣ ਅਤੇ ਹੋਰਨਾਂ ਨੂੰ ਵੀ ਇਸ ਮੁਹਿੰਮ ਨਾਲ ਜੋੜਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਜਾਗਰੂਕਤਾ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਕੈਂਪਸ ਰੈੱਡ ਰਿਬਨ ਕਲੱਬਾਂ ਅਤੇ ਐਨ.ਐਸ.ਐਸ. ਯੂਨਿਟਾਂ ਦੇ ਅਧਿਕਾਰੀਆਂ ਸ੍ਰੀ ਯਸ਼ਪਾਲ , ਜਸਵੀਰ ਚੰਦ , ਰਾਹੁਲ ਚੋਪੜਾ, ਗੁਰਜੀਵਨ ਸਿੰਘ , ਗੁਰਪ੍ਰੀਤ ਸਿੰਘ, ਜਗਦੀਪ ਸਿੰਘ ਮਾਂਗਟ, ਦਵਿੰਦਰ ਮੋਂਗਾ ਅਤੇ ਵਲੰਟੀਅਰਾਂ ਨੇ ਸਰਗਰਮ ਭੂਮਿਕਾ ਨਿਭਾਈ। ਯੂਨੀਵਰਸਿਟੀ ਵੱਲੋਂ ਅਜਿਹੇ ਜਾਗਰੂਕਤਾ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਇੱਕ ਸਿਹਤਮੰਦ, ਸੁਰੱਖਿਅਤ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਲਗਾਤਾਰ ਯਤਨ ਕਰਨ ਦਾ ਸੰਦੇਸ਼ ਦਿੱਤਾ ਗਿਆ।





