
ਨੇਤਰਹੀਣ ਪ੍ਰਦਰਸ਼ਨਕਾਰੀਆਂ ਵੱਲੋਂ ਮੰਗਾਂ ਲਈ ਰੋਸ ਮਾਰਚ; ਸਰਕਾਰ ਨੇ 4 ਦਿਨ ਦਾ ਸਮਾਂ ਮੰਗਿਆ, ਵਿੱਤ ਮੰਤਰੀ ਨਾਲ 3 ਸਤੰਬਰ ਨੂੰ ਮੀਟਿੰਗ

ਨੇਤਰਹੀਣ ਪ੍ਰਦਰਸ਼ਨਕਾਰੀਆਂ ਵੱਲੋਂ ਮੰਗਾਂ ਲਈ ਰੋਸ ਮਾਰਚ; ਸਰਕਾਰ ਨੇ 4 ਦਿਨ ਦਾ ਸਮਾਂ ਮੰਗਿਆ, ਵਿੱਤ ਮੰਤਰੀ ਨਾਲ 3 ਸਤੰਬਰ ਨੂੰ ਮੀਟਿੰਗ
ਚੰਡੀਗੜ੍ਹ/ਫਿਰੋਜ਼ਪੁਰ, 1 ਸਤੰਬਰ 2026: ਨੇਤਰਹੀਣ ਏਕਤਾ ਪੰਜਾਬ ਐਸੋਸੀਏਸ਼ਨ ਦੀ ਅਗਵਾਈ ਹੇਠ ਨੇਤਰਹੀਣ ਬੇਰੁਜ਼ਗਾਰਾਂ ਨੇ ਮੰਗਲਵਾਰ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਬੈਕਲਾਗ ਅਸਾਮੀਆਂ ਨੂੰ ਭਰਨਾ, ਪੈਨਸ਼ਨ ਵਿੱਚ ਵਾਧਾ ਅਤੇ ਨੇਤਰਹੀਣ ਵਿਅਕਤੀਆਂ ਲਈ ਸਿੱਖਿਆ ਸਹੂਲਤਾਂ ਵਿੱਚ ਸੁਧਾਰ ਕਰਨਾ ਸ਼ਾਮਲ ਹੈ।
ਨੇਤਰਹੀਣ ਬੇਰੁਜ਼ਗਾਰ ਪਿਛਲੇ ਕੁਝ ਸਮੇਂ ਤੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਫ਼ਤਰ ਦੇ ਬਾਹਰ ਪੱਕਾ ਧਰਨਾ ਦੇ ਰਹੇ ਹਨ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪਹਿਲਾਂ ਦਿੱਤੇ ਗਏ ਭਰੋਸਿਆਂ ਦੇ ਬਾਵਜੂਦ ਸਰਕਾਰ ਵੱਲੋਂ ਬੈਕਲਾਗ ਭਰਤੀ ਅਤੇ ਪੈਨਸ਼ਨ ਸਬੰਧੀ ਮੰਗਾਂ ਬਾਰੇ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ।
ਮੰਗਲਵਾਰ ਦੇ ਪ੍ਰਦਰਸ਼ਨ ਵਿੱਚ ਲਗਭਗ 100 ਤੋਂ 150 ਨੇਤਰਹੀਣ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚੋਂ ਕਰੀਬ 60 ਤੋਂ 70 ਨੇਤਰਹੀਣਾਂ ਨੇ ਸੈਕਟਰ 34-ਏ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ ਸ਼ੁਰੂ ਕੀਤਾ। ਮਾਰਚ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵੱਲੋਂ ਭਾਰੀ ਬੈਰੀਕੇਡਿੰਗ ਕੀਤੀ ਗਈ ਸੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।
ਪ੍ਰਦਰਸ਼ਨਕਾਰੀਆਂ ਮੁਤਾਬਕ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਦੀ ਕੋਸ਼ਿਸ਼ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਧੱਕਾ-ਮੁੱਕੀ ਵੀ ਹੋਈ। ਪੁਲਿਸ ਵੱਲੋਂ ਕਈ ਪ੍ਰਦਰਸ਼ਨਕਾਰੀਆਂ ਨੂੰ ਬੱਸਾਂ ਵਿੱਚ ਡਿਟੇਨ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਿਰਧਾਰਤ ਥਾਂ ‘ਤੇ ਬੈਠ ਕੇ ਹੀ ਰੋਸ ਪ੍ਰਗਟ ਕਰਨ ਲਈ ਕਿਹਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ‘ਤੇ ਭੇਜ ਕੇ ਪ੍ਰਦਰਸ਼ਨ ਨੂੰ ਖਿੰਡਾਉਣ ਦੀ ਕੋਸ਼ਿਸ਼ ਕੀਤੀ ਗਈ। ਕੁਝ ਪ੍ਰਦਰਸ਼ਨਕਾਰੀਆਂ ਨੂੰ ਸੈਕਟਰ 43 ਬੱਸ ਸਟੈਂਡ, ਕੁਝ ਨੂੰ ਥਾਣੇ ਲਿਜਾਇਆ ਗਿਆ, ਜਦਕਿ ਕੁਝ ਨੂੰ ਵਾਪਸ ਸੈਕਟਰ 34-ਏ ਸਥਿਤ ਧਰਨੇ ਵਾਲੀ ਥਾਂ ‘ਤੇ ਛੱਡ ਦਿੱਤਾ ਗਿਆ।
ਤਣਾਅਪੂਰਨ ਸਥਿਤੀ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਦੇ ਇੱਕ ਵਫ਼ਦ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਲਿਜਾਇਆ ਗਿਆ, ਜਿੱਥੇ ਮੁੱਖ ਮੰਤਰੀ ਦੇ ਓ.ਐੱਸ.ਡੀ. ਨਾਲ ਮੀਟਿੰਗ ਹੋਈ। ਮੀਟਿੰਗ ਦੌਰਾਨ ਸਰਕਾਰ ਨੇ ਮੰਗਾਂ ‘ਤੇ ਕਾਰਵਾਈ ਲਈ ਚਾਰ ਦਿਨ ਦਾ ਸਮਾਂ ਮੰਗਿਆ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿੱਤਾ ਗਿਆ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 3 ਸਤੰਬਰ ਨੂੰ ਮੀਟਿੰਗ ਕਰਵਾਈ ਜਾਵੇਗੀ।
ਐਸੋਸੀਏਸ਼ਨ ਦੀਆਂ ਮੁੱਖ ਮੰਗਾਂ ਵਿੱਚ ਨੇਤਰਹੀਣ ਅਤੇ ਦਿਵਿਆਂਗ ਵਿਅਕਤੀਆਂ ਲਈ ਬੈਕਲਾਗ ਅਸਾਮੀਆਂ ਨੂੰ ਤੁਰੰਤ ਭਰਨਾ, ਸਿੱਖਿਆ ਸਹੂਲਤਾਂ ਵਿੱਚ ਸੁਧਾਰ ਅਤੇ ਪੈਨਸ਼ਨ ਵਿੱਚ ਵਾਧਾ ਕਰਨਾ ਸ਼ਾਮਲ ਹੈ।
ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲ ਸਿੰਘ ਬਰੜਵਾਲ, ਸੰਗਰੂਰ ਅਤੇ ਜਨਰਲ ਸਕੱਤਰ ਸੁਖਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਜੇਕਰ 3 ਸਤੰਬਰ ਨੂੰ ਵਿੱਤ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੰਗਾਂ ਦਾ ਕੋਈ ਠੋਸ ਹੱਲ ਨਾ ਨਿਕਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।




