Ferozepur News

ਹਜ਼ਾਰਾਂ ਲੋਕਾਂ ਦੀ ਸ਼ਮੂਲੀਅਤ ਨਾਲ ਫਿਰੋਜ਼ਪੁਰ ਪਹੁੰਚੀ ‘ਨਸ਼ਾ ਮੁਕਤ ਪੰਜਾਬ ਯਾਤਰਾ’

ਰਾਣਾ ਸੋਢੀ ਦੀ ਅਗਵਾਈ ਹੇਠ ਪਿੰਡ-ਪਿੰਡ ਜਨਸੰਪਰਕ, ਦਾਣਾ ਮੰਡੀ ਵਿੱਚ ਇਕੱਠੇ ਹੋਏ ਵਰਕਰਾਂ ਨੇ ਨਸ਼ੇ ਖ਼ਿਲਾਫ਼ ਦਿੱਤਾ ਇਕਜੁੱਟਤਾ ਦਾ ਸੰਦੇਸ਼

ਹਜ਼ਾਰਾਂ ਲੋਕਾਂ ਦੀ ਸ਼ਮੂਲੀਅਤ ਨਾਲ ਫਿਰੋਜ਼ਪੁਰ ਪਹੁੰਚੀ ‘ਨਸ਼ਾ ਮੁਕਤ ਪੰਜਾਬ ਯਾਤਰਾ’

ਹਜ਼ਾਰਾਂ ਲੋਕਾਂ ਦੀ ਸ਼ਮੂਲੀਅਤ ਨਾਲ ਫਿਰੋਜ਼ਪੁਰ ਪਹੁੰਚੀ ‘ਨਸ਼ਾ ਮੁਕਤ ਪੰਜਾਬ ਯਾਤਰਾ’

ਰਾਣਾ ਸੋਢੀ ਦੀ ਅਗਵਾਈ ਹੇਠ ਪਿੰਡ-ਪਿੰਡ ਜਨਸੰਪਰਕ, ਦਾਣਾ ਮੰਡੀ ਵਿੱਚ ਇਕੱਠੇ ਹੋਏ ਵਰਕਰਾਂ ਨੇ ਨਸ਼ੇ ਖ਼ਿਲਾਫ਼ ਦਿੱਤਾ ਇਕਜੁੱਟਤਾ ਦਾ ਸੰਦੇਸ਼

ਫਿਰੋਜ਼ਪੁਰ: 27-9-2026: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸ਼ਨੀਵਾਰ ਨੂੰ ਫਿਰੋਜ਼ਪੁਰ ਪਹੁੰਚੀ। ਯਾਤਰਾ ਦੇ ਫਿਰੋਜ਼ਪੁਰ ਪਹੁੰਚਣ ’ਤੇ ਹਲਕਾ ਫਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਲੋਕ ਇਸ ਵਿੱਚ ਸ਼ਾਮਲ ਹੋਏ। ਦਾਣਾ ਮੰਡੀ ਵਿਖੇ ਹੋਏ ਸਮਾਗਮ ਦੌਰਾਨ ਹਜ਼ਾਰਾਂ ਲੋਕਾਂ ਦੀ ਮੌਜੂਦਗੀ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਸਮਾਜਿਕ ਇਕਜੁੱਟਤਾ ਦਾ ਸੰਦੇਸ਼ ਦਿੱਤਾ ਗਿਆ।

ਭਾਜਪਾ ਦੀ ਇਹ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਈ ਹੈ ਅਤੇ 30 ਸਤੰਬਰ ਨੂੰ ਜਲੰਧਰ ਵਿਖੇ ਇਸ ਦੇ ਸਮਾਪਤੀ ਸਮਾਗਮ ਦਾ ਪ੍ਰਸਤਾਵਿਤ ਪ੍ਰੋਗਰਾਮ ਹੈ।

ਯਾਤਰਾ ਨੂੰ ਫਿਰੋਜ਼ਪੁਰ ਵਿੱਚ ਸਫਲ ਬਣਾਉਣ ਲਈ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਪਹਿਲਾਂ ਹੀ ਵਿਆਪਕ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ। ਉਨ੍ਹਾਂ ਵੱਲੋਂ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਲੋਕਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ਇਸ ਅਭਿਆਨ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ ਕੀਤੀ ਗਈ ਸੀ। ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਿਰਫ਼ ਸਰਕਾਰ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਪਵੇਗੀ। ਉਨ੍ਹਾਂ ਦੀ ਅਪੀਲ ਤੋਂ ਬਾਅਦ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਅਤੇ ਭਾਜਪਾ ਵਰਕਰ ਯਾਤਰਾ ਵਿੱਚ ਸ਼ਾਮਲ ਹੋਏ।

ਦਾਣਾ ਮੰਡੀ ਵਿਖੇ ਹੋਏ ਸਮਾਗਮ ਦੌਰਾਨ ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀ ਸਰਦਾਰ ਬਲਦੇਵ ਸਿੰਘ ਔਲਖ ਦਾ ਫਿਰੋਜ਼ਪੁਰ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਸਰਦਾਰ ਰਵਿਕਰਨ ਸਿੰਘ ਕਾਹਲੋਂ, ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਸਮੇਤ ਹੋਰ ਆਗੂਆਂ ਦਾ ਵੀ ਸਵਾਗਤ ਕੀਤਾ ਗਿਆ। ਆਗੂਆਂ ਨੇ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸਮਾਜਿਕ ਜਾਗਰੂਕਤਾ ਵਧਾਉਣ ਅਤੇ ਸਾਂਝੇ ਯਤਨਾਂ ’ਤੇ ਜ਼ੋਰ ਦਿੱਤਾ।

ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ, ਸਗੋਂ ਇਸ ਦਾ ਪ੍ਰਭਾਵ ਪੂਰੇ ਸਮਾਜ ’ਤੇ ਪੈਂਦਾ ਹੈ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਜਾਗਰੂਕਤਾ ਦਾ ਮਾਹੌਲ ਤਿਆਰ ਕਰਨਾ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਨੂੰ ਜਨ-ਅੰਦੋਲਨ ਬਣਾਇਆ ਜਾਵੇ ਅਤੇ ਆਪਣੇ ਆਲੇ-ਦੁਆਲੇ ਦੇ ਨੌਜਵਾਨਾਂ ਨੂੰ ਸਕਾਰਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇ।

ਸਮਾਗਮ ਵਿੱਚ ਭਾਜਪਾ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬੋਬੀ ਬਾਠ, ਸਾਬਕਾ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਕੱਕੜ, ਸ਼ਸ਼ੀ ਬਾਲਾ ਸ਼ਰਮਾ, ਲੱਲੋ ਹਾਂਡਾ, ਦੇਵਿੰਦਰ ਜੰਗ, ਲਖਵਿੰਦਰ ਮੋਮੀ, ਰਿੰਕੂ ਮਹਿਤਾ, ਦੇਵਿੰਦਰ ਬਜਾਜ, ਮਨੀਸ਼ ਸ਼ਰਮਾ, ਸਾਗਰ ਤੇਜਲੀ, ਦੇਵਿੰਦਰ ਪਹਿਲਵਾਨ, ਅਸ਼ਵਨੀ ਮਹਿਤਾ, ਸੁਖਰਾਜ ਸਰਪੰਚ ਖਾਈ, ਗਗਨ ਪਠਾਨ, ਸਰਬਜੀਤ ਸੈਣੀ ਸ਼ਰਮਾ, ਮਨੀ ਖੰਨਾ, ਲੱਕੀ ਬੇਦੀ, ਸੁਸ਼ੀਲ ਗੁਪਤਾ, ਬਲਜੀਤ ਰੱਖੜੀ ਅਤੇ ਮੋਨੂ ਹਾਂਡਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਮੌਜੂਦ ਰਹੇ।

ਭਾਜਪਾ ਅਨੁਸਾਰ, ਇਸ ਯਾਤਰਾ ਦਾ ਉਦੇਸ਼ ਨਸ਼ਿਆਂ ਖ਼ਿਲਾਫ਼ ਜਨ-ਜਾਗਰੂਕਤਾ ਵਧਾਉਣਾ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਇਸ ਮੁਹਿੰਮ ਨਾਲ ਜੋੜਨਾ ਹੈ। ਯਾਤਰਾ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚੋਂ ਹੁੰਦੀ ਹੋਈ 30 ਸਤੰਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗੀ।

Related Articles

Leave a Reply

Your email address will not be published. Required fields are marked *

Back to top button