
ਮਿਲਟਰੀ ਇੰਟੈਲੀਜੈਂਸ ਨੇ ਫਿਰੋਜ਼ਪੁਰ ਵਿੱਚ 540 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ, ਸਾਥੀ ਫਰਾਰ
ਮਿਲਟਰੀ ਇੰਟੈਲੀਜੈਂਸ ਨੇ ਫਿਰੋਜ਼ਪੁਰ ਵਿੱਚ 540 ਗ੍ਰਾਮ ਹੈਰੋਇਨ ਸਮੇਤ ਤਸਕਰ ਕਾਬੂ, ਸਾਥੀ ਫਰਾਰ

ਫਿਰੋਜ਼ਪੁਰ, 5 ਅਕਤੂਬਰ, 2026: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਤਹਿਤ ਸੁਰੱਖਿਆ ਏਜੰਸੀਆਂ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਤੇਜ਼ ਕੀਤੀ ਗਈ ਹੈ। ਇਸੇ ਕੜੀ ਤਹਿਤ ਮਿਲਟਰੀ ਇੰਟੈਲੀਜੈਂਸ ਨੇ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿੱਚ ਕਾਰਵਾਈ ਕਰਦਿਆਂ 540 ਗ੍ਰਾਮ ਹੈਰੋਇਨ ਸਮੇਤ ਇੱਕ ਕਥਿਤ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ, ਜਦਕਿ ਉਸਦਾ ਸਾਥੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ ਮਿਲਟਰੀ ਇੰਟੈਲੀਜੈਂਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾ ਕੇ ਇਸ ਦੀ ਅੱਗੇ ਸਪਲਾਈ ਕਰਨ ਦਾ ਕੰਮ ਕਰਦੇ ਹਨ। ਇਸ ਇਨਪੁੱਟ ਦੇ ਆਧਾਰ ’ਤੇ ਇੰਟੈਲੀਜੈਂਸ ਟੀਮ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਰਵਾਈ ਕਰਦਿਆਂ ਮੋਟਰਸਾਈਕਲ ’ਤੇ ਆ ਰਹੇ ਇੱਕ ਸ਼ੱਕੀ ਵਿਅਕਤੀ ਦਾ ਪਿੱਛਾ ਕਰਕੇ ਉਸ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ 540 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਵਿਅਕਤੀ ਦੀ ਪਛਾਣ ਜਸ਼ਨਪ੍ਰੀਤ ਸਿੰਘ ਉਰਫ਼ ਜਸ ਪੁੱਤਰ ਜੱਜ ਸਿੰਘ ਵਾਸੀ ਪਿੰਡ ਨਵਾਂ ਕਿਲਾ, ਥਾਣਾ ਲੱਖੋ ਕੇ ਬਹਿਰਾਮ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਈ ਗਈ ਸੀ।

ਮਿਲਟਰੀ ਇੰਟੈਲੀਜੈਂਸ ਵੱਲੋਂ ਮਾਮਲੇ ਦੀ ਸੂਚਨਾ ਤੁਰੰਤ ਫਿਰੋਜ਼ਪੁਰ ਸੀਆਈਏ ਸਟਾਫ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਸੀਆਈਏ ਸਟਾਫ ਨੇ ਕਾਬੂ ਕੀਤੇ ਵਿਅਕਤੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ। ਪੁਲਿਸ ਨੇ ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਪੁਲਿਸ ਵੱਲੋਂ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਤਾਂ ਜੋ ਉਸ ਤੋਂ ਪੁੱਛਗਿੱਛ ਕਰਕੇ ਨਸ਼ਾ ਤਸਕਰੀ ਦੇ ਨੈੱਟਵਰਕ ਅਤੇ ਫਰਾਰ ਸਾਥੀ ਬਾਰੇ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।




