
ਫਿਰੋਜ਼ਪੁਰ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੀ ਕਾਰਵਾਈ ਦੌਰਾਨ 20.298 ਕਿਲੋ ਹੈਰੋਇਨ ਤੇ ਹਥਿਆਰ ਬਰਾਮਦ

ਫਿਰੋਜ਼ਪੁਰ ਪੁਲਿਸ ਅਤੇ ਬੀ.ਐਸ.ਐਫ ਨੇ ਸਾਂਝੀ ਕਾਰਵਾਈ ਦੌਰਾਨ 20.298 ਕਿਲੋ ਹੈਰੋਇਨ ਤੇ ਹਥਿਆਰ ਬਰਾਮਦ
ਹਰੀਸ਼ ਮੋਂਗਾ
ਫਿਰੋਜ਼ਪੁਰ, 8 ਅਕਤੂਬਰ, 2026: ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦੇ ਹੋਏ ਫਿਰੋਜ਼ਪੁਰ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਖੇਤਰ ਤੋਂ ਹਥਿਆਰਾਂ ਅਤੇ ਹੋਰ ਸਮੱਗਰੀ ਸਮੇਤ 20.298 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਫਿਰੋਜ਼ਪੁਰ ਪੁਲਿਸ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਸਰਹੱਦੀ ਖੇਤਰ ਵਿੱਚੋਂ ਨਸ਼ਿਆਂ ਅਤੇ ਹਥਿਆਰਾਂ ਦੀ ਆਵਾਜਾਈ ਸਬੰਧੀ ਖੁਫੀਆ ਸੂਚਨਾਵਾਂ ਦੇ ਆਧਾਰ ‘ਤੇ 7 ਅਕਤੂਬਰ ਨੂੰ ਕਾਰਵਾਈ ਕੀਤੀ ਗਈ ਸੀ।
ਇਸ ਕਾਰਵਾਈ ਦੌਰਾਨ ਪੁਲਿਸ ਅਤੇ ਬੀ.ਐਸ.ਐਫ ਨੇ 20 ਕਿਲੋ 298 ਗ੍ਰਾਮ ਹੈਰੋਇਨ ਦੇ 20 ਪੈਕੇਟ ਸਮੇਤ 12 ਬੈਲਿਸਟਿਕ ਰਾਡਾਂ, ਦੋ ਮੈਗਜ਼ੀਨ, ਇੱਕ ਪਲੇਅਰ ਅਤੇ ਦੋ ਲੋਹੇ ਦੀਆਂ ਰਾਡਾਂ ਬਰਾਮਦ ਕੀਤੀਆਂ ਹਨ।
ਇਹ ਆਪ੍ਰੇਸ਼ਨ ਫਿਰੋਜ਼ਪੁਰ ਪੁਲਿਸ ਅਤੇ ਬੀ.ਐਸ.ਐਫ ਦੇ ਜਵਾਨਾਂ ਦੀ ਟੀਮ ਵੱਲੋਂ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਨਿਗਰਾਨੀ ਹੇਠ ਚਲਾਇਆ ਗਿਆ। ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ ਅਤੇ ਹੋਰ ਸਮੱਗਰੀ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਿਸ ਨੇ ਕਿਹਾ ਕਿ ਤਸਕਰੀ ਦੇ ਨੈਟਵਰਕ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹੈਰੋਇਨ ਦੇ ਸਰੋਤ ਅਤੇ ਉਸ ਦੀ ਮੰਜ਼ਿਲ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਫਿਰੋਜ਼ਪੁਰ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਨੂੰ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ।



