
ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਕੀਤੀ ਸਮੀਖਿਆ ਮੀਟਿੰਗ

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਨੇ ਕੀਤੀ ਸਮੀਖਿਆ ਮੀਟਿੰਗ
ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਯੋਗ ਵਿਅਕਤੀਆਂ ਨੂੰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ- ਪ੍ਰਿਯੰਕ ਕਾਨੂੰਨਗੋ
ਕੇਂਦਰੀ ਭਲਾਈ ਯੋਜਨਾਵਾਂ, ਬੱਚਿਆਂ, ਮਹਿਲਾਵਾਂ ਅਤੇ ਦਿਵਿਆਂਗ ਵਿਅਕਤੀਆਂ ਨਾਲ ਸਬੰਧਤ ਮਾਮਲਿਆਂ ਬਾਰੇ ਕੀਤੀ ਸੁਣਵਾਈ, ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਨਿਰਦੇਸ਼
ਫ਼ਿਰੋਜ਼ਪੁਰ, 8 ਅਕਤੂਬਰ, 2026: ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ, ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਲੋਕਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ, ਸਮਾਜਿਕ ਸੁਰੱਖਿਆ ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਯੋਗ ਲੋਕਾਂ ਤੱਕ ਪਹੁੰਚਾਉਣ ਲਈ ਸਮੀਖਿਆ ਮੀਟਿੰਗ ਕੀਤੀ ਗਈ। ਇਸ ਤੋਂ ਪਹਿਲਾਂ ਸ੍ਰੀ ਪ੍ਰਿਯੰਕ ਕਾਨੂੰਨਗੋ ਵੱਲੋਂ ਪਿੰਡ ਆਸਲ, ਗੁਰੂਹਰਸਹਾਏ ਅਤੇ ਕੜਮਾ ਦਾ ਦੌਰਾ ਵੀ ਕੀਤਾ।
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨਾ ਕਿਸੇ ਇੱਕ ਵਿਭਾਗ ਦੀ ਡਿਊਟੀ ਨਹੀਂ, ਸਗੋਂ ਸਮੁੱਚੇ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਅਤੇ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਅਤੇ ਪਰੇਸ਼ਾਨੀ ਦੇ ਮਿਲਣਾ ਚਾਹੀਦਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੰਵੇਦਨਸ਼ੀਲਤਾ ਨਾਲ ਸੁਣਦਿਆਂ ਉਨ੍ਹਾਂ ਦਾ ਯੋਗ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।
ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਵੱਖ-ਵੱਖ ਸਕੀਮਾਂ ਬਾਰੇ ਸਮੀਖਿਆ ਮੀਟਿੰਗ ਕਰਦਿਆਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ, ਪ੍ਰਧਾਨ ਮੰਤਰੀ ਰੁਜ਼ਗਾਰ ਉਤਪਤੀ ਯੋਜਨਾ, ਪੀ.ਐੱਮ. ਵਿਸ਼ਵਕਰਮਾ ਯੋਜਨਾ, ਆਯੂਸ਼ਮਾਨ ਭਾਰਤ, ਮਿਸ਼ਨ ਵਤਸਾਲਿਆ, ‘ਬੇਟੀ ਬਚਾਓ-ਬੇਟੀ ਪੜ੍ਹਾਓ’, ਦਿਵਿਆਂਗ ਵਿਅਕਤੀਆਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਸਿੱਖਿਆ ਨਾਲ ਸਬੰਧਤ ਵੱਖ-ਵੱਖ ਪਹਿਲਕਦਮੀਆਂ ਦੀ ਪ੍ਰਗਤੀ ਬਾਰੇ ਜਾਣਕਾਰੀ ਲਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਨੇ ਪੋਕਸੋ ਐਕਟ ਅਧੀਨ ਮਾਮਲਿਆਂ, ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ, ਸੇਫ਼ ਸਕੂਲ ਵਾਹਨ ਸਕੀਮ ਅਤੇ ਸਮਾਜਿਕ ਸੁਰੱਖਿਆ ਨਾਲ ਜੁੜੇ ਹੋਰ ਮਾਮਲਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਕਿਹਾ ਕਿ ਬੱਚਿਆਂ, ਮਹਿਲਾਵਾਂ, ਦਿਵਿਆਂਗ ਵਿਅਕਤੀਆਂ ਅਤੇ ਸਮਾਜ ਦੇ ਹੋਰ ਕਮਜ਼ੋਰ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਬਣਦੇ ਕਾਨੂੰਨਾਂ ਅਤੇ ਨਿਯਮਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਸਾਰੇ ਵਰਗਾਂ ਨੂੰ ਬਣਦੇ ਹੱਕ ਦਿੱਤੇ ਜਾਣ।
ਮੀਟਿੰਗ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਵਿਭਾਗਾਂ ਨੂੰ ਪੇਸ਼ ਹੋਣ ਵਾਲੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਅਸਲ ਮਕਸਦ ਤਾਂ ਹੀ ਪੂਰਾ ਹੋ ਸਕਦਾ ਹੈ ਜਦੋਂ ਇਨ੍ਹਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਤੋਂ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ’ਤੇ ਕਾਰਵਾਈ ਕਰਦੇ ਸਮੇਂ ਸਮਾਂਬੱਧਤਾ ਅਤੇ ਪਾਰਦਰਸ਼ਤਾ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੀਤੀ ਜਾਣ ਵਾਲੀ ਹਰ ਕਾਰਵਾਈ ਦਾ ਉਦੇਸ਼ ਲੋਕਾਂ ਨੂੰ ਨਿਆਂ, ਸੁਰੱਖਿਆ ਅਤੇ ਸਰਕਾਰੀ ਸਹੂਲਤਾਂ ਦੀ ਬਿਹਤਰ ਪਹੁੰਚ ਮੁਹੱਈਆ ਕਰਵਾਉਣਾ ਹੋਣਾ ਚਾਹੀਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਜ਼ੀਰਾ ਸ੍ਰੀ ਸੂਰਜ, ਐਸ.ਪੀ. ਮਨਜੀਤ ਸਿੰਘ, ਡੀ.ਡੀ.ਪੀ.ਓ. ਯੁੱਧਵੀਰ ਸਿੰਘ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।




