
ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਜ਼ੀਰਾ ਦਾ ਦੌਰਾ
ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵੱਲੋਂ ਜ਼ੀਰਾ ਦਾ ਦੌਰਾ
ਜਨ ਕਲਿਆਨ ਭਵਨ ਜ਼ੀਰਾ ਵਿਖ਼ੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਮੌਕੇ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼
– ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ . ਜਤਿੰਦਰ ਸਿੰਘ ਸ਼ੰਟੀ
– ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਵਟਸਐਪ ਹੈਲਪਲਾਈਨ 9855475547 ਤੇ ਕੀਤੀਆਂ ਜਾਣ
-. ਜਤਿੰਦਰ ਸਿੰਘ ਸ਼ੰਟੀ ਵੱਲੋਂ ਪ੍ਰਸ਼ਾਸ਼ਨ, ਸਮਾਜ ਸੇਵੀ ਸੰਸਥਾਵਾਂ, ਸਰਪੰਚਾਂ, ਯੁੱਧ ਨਸ਼ਿਆਂ ਵਿਰੁੱਧ ਆਦਿ ਨਾਲ ਮਨੁੱਖੀ ਅਧਿਕਾਰਾਂ ਸਬੰਧੀ ਕੀਤੀ ਮੀਟਿੰਗ

ਜ਼ੀਰਾ/ਫ਼ਿਰੋਜ਼ਪੁਰ, 24 ਅਕਤੂਬਰ 2026 :ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ, ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਵਚਨਬੱਧ ਅਤੇ ਨਿਰੰਤਰ ਕਾਰਜਸ਼ੀਲ ਹੈ। ਕਮਿਸ਼ਨ ਪੰਜਾਬ ਦੇ ਹਰੇਕ ਜ਼ਿਲ੍ਹੇ ਵਿੱਚ ਐਨ.ਜੀ.ਓਜ., ਸੀਨੀਅਰ ਸਿਟੀਜਨਾਂ, ਵਕੀਲਾਂ, ਡਾਕਟਰਾਂ, ਵਿਦਿਆਰਥੀਆਂ, ਵਪਾਰੀਆਂ, ਸੰਸਥਾਵਾਂ ਦੇ ਆਗੂਆਂ ਆਦਿ ਨੂੰ ਵਿਸ਼ੇਸ਼ ਤੌਰ ਤੇ ਮਿਲ ਕੇ ਉਹਨਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਸੁਚੇਤ ਕਰ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਰਾਜ ਅਤੇ ਕੇਂਦਰ ਸਾਸ਼ਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਜਤਿੰਦਰ ਸਿੰਘ ਸ਼ੰਟੀ (ਪਦਮ ਸ਼੍ਰੀ ਪੁਰਸਕਾਰ ਜੇਤੂ) ਵੱਲੋਂ ਅੱਜ ਜਨ ਕਲਿਆਨ ਭਵਨ ਜ਼ੀਰਾ ਵਿਖ਼ੇ ਜਨਤਕ ਸੁਣਵਾਈ ਦੌਰਾਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦੇ ਦੌਰੇ ਦੀ ਲੜੀ ਵਿੱਚ ਅੱਜ ਉਨਾਂ ਨੂੰ ਸ਼ਹੀਦਾਂ ਦੀ ਧਰਤੀ ਫਿਰੋਜ਼ਪੁਰ ਦੀ ਸਬ ਡਵੀਜ਼ਨ ਜ਼ੀਰਾ ਵਿਖੇ ਪਹੁੰਚਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖਾਂ ਦੇ ਅਧਿਕਾਰਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਨੂੰ ਮਜ਼ਬੂਤੀ ਦੇਣ ਲਈ ਨਵੀਆਂ ਐਡਵਾਈਜਰੀਆਂ ਜਾਰੀ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਕੋਈ ਵੀ ਹਸਪਤਾਲ ਕਿਸੇ ਵੀ ਮਰੀਜ ਜਾਂ ਮ੍ਰਿਤਕ ਦੇਹ ਨੂੰ ਬੰਧਕ ਬਣਾ ਕੇ ਨਹੀਂ ਰੱਖ ਸਕਦਾ ਜੇਕਰ ਉਹ ਅਜਿਹਾ ਕਰਦਾ ਹੈ ਤਾਂ ਉਸ ਉੱਪਰ ਐਫ.ਆਈ.ਆਰ. ਦਰਜ ਕੀਤੀ ਜਾਵੇਗੀ ਅਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਹਸਪਤਾਲ ਵਿੱਚ ਮੌਰਚਰੀ, ਐਂਬੂਲੈਂਸ ਵੀ ਹੋਣਾ ਬਹੁਤ ਜਰੂਰੀ ਹੈ।
ਜਨਤਕ ਸੁਣਵਾਈ ਦੌਰਾਨ ਉਨ੍ਹਾਂ ਵੱਲੋਂ ਪੁਲਿਸ, ਡੀਡੀਪੀਓ, ਸਿਹਤ ਵਿਭਾਗ, ਨਗਰ ਕੌਂਸਲ ਆਦਿ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਇਨਾਂ ਸਮੱਸਿਆਵਾਂ ਦੇ ਯੋਗ ਹੱਲ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ਤੇ ਨਿਰਦੇਸ਼ ਵੀ ਦਿੱਤੇ ਗਏ|
ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ (ਪੀ.ਐਚ.ਆਰ.ਸੀ) ਵੱਲੋਂ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕੋਰ ਗਰੁੱਪ ਤਿਆਰ ਕੀਤਾ ਗਿਆ ਹੈ, ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ‘ਤੇ ਨਿਗਰਾਨੀ ਰੱਖਣ ਦੇ ਨਾਲ-ਨਾਲ ਜ਼ਿਲ੍ਹਾ ਪੱਧਰ ‘ਤੇ ਛੋਟੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਕਮਿਸ਼ਨ ਦੀ ਸਹਾਇਤਾ ਕਰੇਗਾ। ਜਿਨ੍ਹਾਂ ਵਿੱਚ ਮਨੁੱਖੀ ਅਧਿਕਾਰ ਕਾਰਕੁਨ, ਵਕੀਲ ਅਤੇ ਹੋਰ ਮਾਹਰ ਸ਼ਾਮਲ ਹੋਣਗੇ। ਉਹਨਾਂ ਦੱਸਿਆ ਕਿ ਇਹ ਕੋਰ ਗਰੁੱਪ ਉਹਨਾਂ ਲੋਕਾਂ ਦੇ ਮਸਲੇ ਹੱਲ ਕਰਨ ਲਈ ਵੱਡੇ ਪੱਧਰ ਤੇ ਸਹਾਈ ਹੋਵੇਗਾ ਜਿਹੜੇ ਲੋਕ ਕਿਸੇ ਮਜਬੂਰੀ ਕਾਰਨ ਚੰਡੀਗੜ੍ਹ ਵਿਖੇ ਕਮਿਸ਼ਨ ਕੋਲ ਪਹੁੰਚ ਨਹੀਂ ਕਰ ਸਕਦੇ। ਉਨ੍ਹਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਸ਼ਿਕਾਇਤਾਂ ਦਰਜ ਕਰਨ ਲਈ ਵਟਸਐਪ ਹੈਲਪਲਾਈਨ ਨੰਬਰ 98554-75547 ਜਾਰੀ ਕਰਨ ਬਾਰੇ ਜਾਣਕਾਰੀ ਵੀ ਦਿੱਤੀ। ਉਨਾਂ ਦੱਸਿਆ ਕਿ ਇਸ ਹੈਲਪਲਾਈਨ ਨੰਬਰ ਤੇ ਕੋਈ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ 24 ਘੰਟੇ ਸ਼ਿਕਾਇਤ ਕਰ ਸਕਦਾ ਹੈ।
ਸਿਹਤ ਖੇਤਰ ਨਾਲ ਸਬੰਧਿਤ ਮਨੁੱਖੀ ਅਧਿਕਾਰਾਂ ਬਾਰੇ ਗੱਲ ਕਰਦਿਆਂ ਸ. ਜਤਿੰਦਰ ਸਿੰਘ ਸ਼ੰਟੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਹਸਪਤਾਲ ਵੱਲੋਂ ਇਲਾਜ ਦੀ ਫੀਸ ਬਕਾਇਆ ਹੋਣ ਦੇ ਆਧਾਰ ‘ਤੇ ਮ੍ਰਿਤਕ ਦੀ ਲਾਸ਼, ਪਰਿਵਾਰ ਨੂੰ ਦੇਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ, ਜੋ ਕਿ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੀਆਂ ਹਦਾਇਤਾਂ ਦੇ ਉਲਟ ਹੈ ਅਤੇ ਇਸ ਸਬੰਧੀ ਆਰਡਰ ਵੀ ਜਾਰੀ ਹੋ ਚੁੱਕੇ ਹਨ| ਉਹਨਾਂ ਵੱਲੋਂ ਆਡਰਾਂ ਦੀ ਕਾਪੀ ਚੀਫ ਮੈਡੀਕਲ ਅਫ਼ਸਰ ਨੂੰ ਮੌਕੇ ਤੇ ਦਿੱਤੀ ਗਈ ਅਤੇ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਅੰਦਰ ਸਾਰੇ ਹਸਪਤਾਲਾਂ ਵਿੱਚ ਇਸ ਸਬੰਧੀ ਪੋਸਟਰ ਲਗਾਏ ਜਾਣ, ਉਹਨਾਂ ਕਿਹਾ ਕਿ ਜੇਕਰ ਕੋਈ ਹਸਪਤਾਲ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਐਫ ਆਈ ਆਰ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਪਹਿਲਾਂ ਮਨੁੱਖੀ ਅਧਿਕਾਰਾਂ ਦੀਆਂ ਗੰਭੀਰ ਉਲੰਘਣਾਵਾਂ ‘ਤੇ ਵੀ ਅਕਸਰ ਧਿਆਨ ਨਹੀਂ ਦਿੱਤਾ ਜਾਂਦਾ ਸੀ, ਪਰ ਮਨੁੱਖੀ ਅਧਿਕਾਰ ਕਮਿਸ਼ਨਾਂ ਦੇ ਗਠਨ ਨਾਲ ਜਵਾਬਦੇਹੀ ਮਜ਼ਬੂਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਪੱਧਰ ‘ਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਅਣ-ਦੇਖਿਆ ਕਰਨਾ ਜਾਂ ਰਿਹਾਇਸ਼ੀ ਸੋਸਾਇਟੀਆਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨਾ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਅਜਿਹੇ ਮਾਮਲਿਆਂ ‘ਚ ਕਮਿਸ਼ਨ ਵੱਲੋਂ ਖੁਦ ਨੋਟਿਸ ਵੀ ਲਏ ਜਾਣਗੇ।
ਇਸ ਮੌਕੇ ਉਨ੍ਹਾਂ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ, ਵਲੰਟੀਅਰਾਂ, ਯੁੱਧ ਨਸ਼ਿਆਂ ਵਿਰੁੱਧ ਅਤੇ ਹੋਰ ਕੁਦਰਤੀ ਆਫਤਾਂ ਦੌਰਾਨ ਲੋਕਾਂ ਦੀ ਸਹਾਇਤਾ ਕਰਨ ਅਤੇ ਸਮਾਜ ਸੇਵਾ ਦੇ ਕੰਮ ਕਰਨ ਵਾਲਿਆਂ ਦੀ ਸ਼ਲਾਘਾ ਕੀਤੀ ਗਈ|
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ.
ਅਮਨਦੀਪ ਕੌਰ, ਐਸਡੀਐਮ ਜ਼ੀਰਾ ਸ਼੍ਰੀ ਸੂਰਜ, ਸਟੇਟ ਕੋਰ ਕਮੇਟੀ ਮੈਂਬਰ ਭੋਲਾ ਸਿੰਘ ਵਿਰਕ, ਐਸ.ਪੀ. ਐਚ ਸ਼੍ਰੀ ਬਲਜੀਤ ਸਿੰਘ, ਤਹਿਸੀਲਦਾਰ ਜ਼ੀਰਾ ਸ਼੍ਰੀ ਵਿਨੋਦ ਕੁਮਾਰ, ਨਾਇਬ ਤਹਿਸੀਲਦਾਰ ਮੱਖੂ ਸ਼੍ਰੀ ਪਰਮਪਾਲ ਸਿੰਘ, ਕੋਰ ਗਰੁੱਪ ਮੈਂਬਰ
ਗੁਰਨਾਮ ਸਿੱਧੂ, ਨਰਿੰਦਰ ਸਿੰਘ ਕੇਸਰ, ਅਮਰਜੀਤ ਕੌਰ ਛਾਬੜਾ, ਬਾਬਾ ਸਤਨਾਮ ਸਿੰਘ ਵੱਲੀਆਂ, ਗੁਰਨੂਰ ਬਰਾੜ, ਅਮਨ ਮੌਂਗਾ, ਰਮਨਦੀਪ ਕੌਰ, ਤੋਤਾ ਸਿੰਘ, ਐਨਜੀਓਜ ਦੇ ਨੁਮਾਇੰਦੇ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਤੇ ਜ਼ਿਲ੍ਹੇ ਦੀਆਂ ਹੋਰ ਨਾਮਵਰ ਸ਼ਖਸੀਅਤਾਂ ਵੀ ਹਾਜ਼ਰ ਸਨ।




