
ਫਿਰੋਜ਼ਪੁਰ ਦੇ ਸਕੂਲਾਂ-ਕਾਲਜਾਂ ਵਿੱਚ ਚੋਣ ਜਾਗਰੂਕਤਾ ਦੀ ਗੂੰਜ, 11-12 ਨਵੰਬਰ ਨੂੰ ਹੋਣਗੇ ਲੇਖ ਤੇ ਕੁਇਜ਼ ਮੁਕਾਬਲੇ

ਫਿਰੋਜ਼ਪੁਰ ਦੇ ਸਕੂਲਾਂ-ਕਾਲਜਾਂ ਵਿੱਚ ਚੋਣ ਜਾਗਰੂਕਤਾ ਦੀ ਗੂੰਜ, 11-12 ਨਵੰਬਰ ਨੂੰ ਹੋਣਗੇ ਲੇਖ ਤੇ ਕੁਇਜ਼ ਮੁਕਾਬਲੇ
– ਸਵੀਪ ਮੁਹਿੰਮ ਤਹਿਤ ਨੌਜਵਾਨਾਂ ਨੂੰ ਲੋਕਤੰਤਰ ਅਤੇ ਵੋਟ ਦੇ ਅਧਿਕਾਰ ਬਾਰੇ ਕੀਤਾ ਜਾਵੇਗਾ ਜਾਗਰੂਕ
ਫਿਰੋਜ਼ਪੁਰ, 10 ਨਵੰਬਰ, 2026 :
ਭਾਰਤੀ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਨੌਜਵਾਨ ਪੀੜ੍ਹੀ ਨੂੰ ਚੋਣ ਪ੍ਰਕਿਰਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਵਿੱਚ ਸਵੀਪ ਗਤੀਵਿਧੀਆਂ ਤਹਿਤ 11 ਅਤੇ 12 ਨਵੰਬਰ ਨੂੰ ਲੇਖ ਲਿਖਣ ਅਤੇ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਇਹ ਮੁਕਾਬਲੇ ਇਲੈਕਟੋਰਲ ਲਿਟਰੇਸੀ ਕਲੱਬਾਂ ਰਾਹੀਂ ਕਰਵਾਏ ਜਾਣਗੇ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੂੰ ਲੋਕਤੰਤਰਿਕ ਪ੍ਰਕਿਰਿਆ, ਵੋਟ ਦੇ ਅਧਿਕਾਰ ਅਤੇ ਜ਼ਿੰਮੇਵਾਰ ਨਾਗਰਿਕਤਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਅਮਨਦੀਪ ਕੌਰ ਅਤੇ ਮੁੱਖ ਮੰਤਰੀ ਫੀਲਡ ਅਫ਼ਸਰ ਸ੍ਰੀ ਹਿਮਾਂਸ਼ੂ ਕਾਦਿਆਨ ਵੱਲੋਂ ਵੀ ਇਨ੍ਹਾਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਜਾ ਰਹੇ ਹਨ।
ਸ਼੍ਰੀ ਹਿਮਾਂਸ਼ੂ ਕਾਦਿਆਨ ਨੇ ਦੱਸਿਆ ਕਿ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ (ਈ.ਆਰ.ਓਜ਼) ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਨ੍ਹਾਂ ਮੁਕਾਬਲਿਆਂ ਵਿੱਚ ਸ਼ੁੱਧ ਅਤੇ ਗਲਤੀ ਰਹਿਤ ਵੋਟਰ ਸੂਚੀ ਦੀ ਮਹੱਤਤਾ ਅਤੇ ਵੋਟ ਪਾਉਣ ਦੀ ਮਹੱਤਤਾ ਵਿਸ਼ਿਆਂ ’ਤੇ ਲੇਖ ਲਿਖਣ ਮੁਕਾਬਲੇ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਸਕੂਲ ਪੱਧਰ ਦੇ ਵਿਦਿਆਰਥੀਆਂ ਲਈ ਲੇਖ ਦੀ ਸ਼ਬਦ ਸੀਮਾ 500 ਤੋਂ 800 ਸ਼ਬਦ ਅਤੇ ਕਾਲਜ ਪੱਧਰ ਦੇ ਵਿਦਿਆਰਥੀਆਂ ਲਈ 800 ਤੋਂ 1200 ਸ਼ਬਦ ਰੱਖੀ ਗਈ ਹੈ। ਵਿਦਿਆਰਥੀ ਪੰਜਾਬੀ, ਹਿੰਦੀ ਜਾਂ ਅੰਗਰੇਜ਼ੀ ਭਾਸ਼ਾ ਵਿੱਚ ਆਪਣੇ ਵਿਚਾਰ ਪੇਸ਼ ਕਰ ਸਕਣਗੇ।
ਇਸੇ ਤਰ੍ਹਾਂ ਕੁਇਜ਼ ਮੁਕਾਬਲੇ ਵਿੱਚ ਚੋਣ ਪ੍ਰਕਿਰਿਆ ਸਬੰਧੀ ਸਵਾਲ ਹੋਣਗੇ। ਕੁਇਜ਼ ਮੁਕਾਬਲੇ ਦੌਰਾਨ ਵੋਟਰ ਸੂਚੀ, ਈ.ਵੀ.ਐੱਮ., ਵੀ.ਵੀ.ਪੈਟ, ਪੋਲਿੰਗ ਪ੍ਰਕਿਰਿਆ ਅਤੇ ਵੋਟ ਦੇ ਅਧਿਕਾਰ ਨਾਲ ਸਬੰਧਤ ਸਵਾਲ ਪੁੱਛੇ ਜਾਣਗੇ। ਇਸ ਮੁਕਾਬਲੇ ਵਿੱਚ ਕੁੱਲ 50 ਬਹੁ-ਵਿਕਲਪੀ ਪ੍ਰਸ਼ਨ ਹੋਣਗੇ, ਜਿਨ੍ਹਾਂ ਰਾਹੀਂ ਵਿਦਿਆਰਥੀਆਂ ਦੇ ਚੋਣ ਪ੍ਰਣਾਲੀ ਸਬੰਧੀ ਗਿਆਨ ਦੀ ਪਰਖ ਕੀਤੀ ਜਾਵੇਗੀ। ਪ੍ਰਸ਼ਨਾਂ ਦੇ ਉੱਤਰ ਪੰਜਾਬੀ ਭਾਸ਼ਾ ਵਿੱਚ ਵੀ ਦਿੱਤੇ ਜਾ ਸਕਣਗੇ।
ਇਨ੍ਹਾਂ ਮੁਕਾਬਲਿਆਂ ਨੂੰ ਜ਼ਿਲ੍ਹੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਸਫ਼ਲਤਾਪੂਰਵਕ ਕਰਵਾਉਣ ਲਈ ਹਲਕਾ ਵਾਰ ਸਵੀਪ ਕੋਆਰਡੀਨੇਟਰ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ। ਇਨ੍ਹਾਂ ਵਿੱਚ 77-ਫਿਰੋਜ਼ਪੁਰ ਦਿਹਾਤੀ ਤੋਂ ਕਮਲ ਸ਼ਰਮਾ, ਫਿਰੋਜ਼ਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਜ਼ੀਰਾ ਤੋਂ ਮਹਾਵੀਰ ਬਾਂਸਲ ਅਤੇ ਗੁਰੂਹਰਸਹਾਏ ਤੋਂ ਪਰਵਿੰਦਰ ਸਿੰਘ ਸ਼ਾਮਲ ਹਨ। ਇਸ ਤੋਂ ਇਲਾਵਾ ਚੋਣ ਕਾਨੂੰਗੋ ਮੈਡਮ ਗਗਨ ਵੱਲੋਂ ਵੀ ਚੋਣ ਸਬੰਧੀ ਗਤੀਵਿਧੀਆਂ ਦੇ ਤਾਲਮੇਲ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਚੋਣ ਤਹਿਸੀਲਦਾਰ ਸ੍ਰੀ ਸੁਖਦੇਵ ਸਿੰਘ ਅਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਵੱਲੋਂ ਵੀ ਇਨ੍ਹਾਂ ਗਤੀਵਿਧੀਆਂ ਨੂੰ ਜ਼ਿਲ੍ਹੇ ਦੇ ਸਮੂਹ ਵਿਦਿਅਕ ਅਦਾਰਿਆਂ ਤੱਕ ਪਹੁੰਚਾਉਣ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਦਾ ਮੁੱਖ ਉਦੇਸ਼ ਨੌਜਵਾਨਾਂ ਵਿੱਚ ਚੋਣਾਂ ਪ੍ਰਤੀ ਦਿਲਚਸਪੀ ਪੈਦਾ ਕਰਨਾ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨਾ, ਸ਼ੁੱਧ ਵੋਟਰ ਸੂਚੀ ਦੀ ਮਹੱਤਤਾ ਸਮਝਾਉਣਾ ਅਤੇ ਭਵਿੱਖ ਦੇ ਜਾਗਰੂਕ ਤੇ ਜ਼ਿੰਮੇਵਾਰ ਵੋਟਰਾਂ ਦਾ ਨਿਰਮਾਣ ਕਰਨਾ ਹੈ, ਤਾਂ ਜੋ ਨੌਜਵਾਨ ਵਰਗ ਲੋਕਤੰਤਰ ਦੀ ਮਜ਼ਬੂਤੀ ਵਿੱਚ ਆਪਣੀ ਸਰਗਰਮ ਭੂਮਿਕਾ ਨਿਭਾ ਸਕੇ।
**




