
ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼
ਨੰਨ੍ਹੇ-ਮੁੰਨ੍ਹੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਦਿਖਾਏ ਆਪਣੀ ਪ੍ਰਤਿਭਾ ਦੇ ਜੌਹਰ - ਡੀਈਓ ਸੁਨੀਤਾ ਰਾਣੀ

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼
ਨੰਨ੍ਹੇ-ਮੁੰਨ੍ਹੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਦਿਖਾਏ ਆਪਣੀ ਪ੍ਰਤਿਭਾ ਦੇ ਜੌਹਰ – ਡੀਈਓ ਸੁਨੀਤਾ ਰਾਣੀ
ਫ਼ਿਰੋਜ਼ਪੁਰ, 18 ਨਵੰਬਰ, 2026: ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਫ਼ਿਰੋਜ਼ਪੁਰ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਨੰਨ੍ਹੇ-ਮੁੰਨ੍ਹੇ ਖਿਡਾਰੀਆਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ, ਉਨ੍ਹਾਂ ਅੰਦਰ ਖੇਡ ਭਾਵਨਾ, ਅਨੁਸ਼ਾਸਨ, ਸਹਿਯੋਗ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਵਿਖੇ ਹੋਇਆ।
ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਤੋਂ ਪਹੁੰਚੇ ਨੰਨ੍ਹੇ-ਮੁੰਨ੍ਹੇ ਖਿਡਾਰੀਆਂ ਨੇ ਪੂਰੇ ਜੋਸ਼, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਾਗ ਲੈਂਦਿਆਂ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ.) ਫ਼ਿਰੋਜ਼ਪੁਰ ਸ੍ਰੀਮਤੀ ਸੁਨੀਤਾ ਰਾਣੀ, ਡਿਪਟੀ ਡੀਈਓ ਕੋਮਲ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।
ਉਨ੍ਹਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਜੇਤੂ ਰਹੇ ਖਿਡਾਰੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਮਿਹਨਤ ਤੇ ਲਗਨ ਨਾਲ ਖੇਡਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਦਾ ਅਹਿਮ ਹਿੱਸਾ ਹਨ। ਖੇਡਾਂ ਜਿੱਥੇ ਬੱਚਿਆਂ ਨੂੰ ਸਰੀਰਕ ਤੌਰ ’ਤੇ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਉਨ੍ਹਾਂ ਅੰਦਰ ਅਨੁਸ਼ਾਸਨ, ਸਹਿਣਸ਼ੀਲਤਾ, ਆਪਸੀ ਸਾਂਝ, ਆਤਮ-ਵਿਸ਼ਵਾਸ ਅਤੇ ਹਾਰ-ਜਿੱਤ ਨੂੰ ਖਿੜੇ ਮੱਥੇ ਸਵੀਕਾਰ ਕਰਨ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ।
ਉਨ੍ਹਾਂ ਅਧਿਆਪਕਾਂ ਅਤੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਨ ਤਾਂ ਜੋ ਉਨ੍ਹਾਂ ਦੀਆਂ ਛੁਪੀਆਂ ਪ੍ਰਤਿਭਾਵਾਂ ਨੂੰ ਸਾਹਮਣੇ ਲਿਆਂਦਾ ਜਾ ਸਕੇ। ਬੀਪੀਈਓ ਅੰਮ੍ਰਿਤਪਾਲ ਸਿੰਘ ਬਰਾੜ ਨੇ ਦੱਸਿਆ ਕਿ ਤਿੰਨ ਰੋਜ਼ਾ ਖੇਡਾਂ ਦੌਰਾਨ ਐਥਲੈਟਿਕਸ, ਨੈਸ਼ਨਲ ਅਤੇ ਪੰਜਾਬ ਸਟਾਈਲ ਕਬੱਡੀ, ਖੋ-ਖੋ, ਸ਼ਤਰੰਜ, ਮਿੰਨੀ ਹੈਂਡਬਾਲ, ਲੰਮੀ ਛਾਲ, ਰੱਸਾਕਸ਼ੀ, ਯੋਗਾ, ਗੋਲਾ ਸੁੱਟਣਾ, ਹੈਂਡਬਾਲ ਅਤੇ ਬੈਡਮਿੰਟਨ ਸਮੇਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਨੇ ਆਪਣੀ ਫੁਰਤੀ, ਖੇਡ ਹੁਨਰ, ਸਰੀਰਕ ਸਮਰੱਥਾ ਅਤੇ ਜਿੱਤਣ ਦੇ ਜਜ਼ਬੇ ਦਾ ਬਾਖੂਬੀ ਪ੍ਰਦਰਸ਼ਨ ਕੀਤਾ। ਜੇਤੂ ਖਿਡਾਰੀਆਂ ਤੋਂ ਇਲਾਵਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਰਨਾਂ ਖਿਡਾਰੀਆਂ ਦੀ ਵੀ ਹੌਸਲਾ ਅਫ਼ਜ਼ਾਈ ਕੀਤੀ ਗਈ।
ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅੰਮ੍ਰਿਤਪਾਲ ਸਿੰਘ ਬਰਾੜ, ਗੁਰਪ੍ਰੀਤ ਸਿੰਘ,ਰਾਜਨ ਨਰੂਲਾ, ਦਲਜੀਤ ਕੌਰ, ਸੁਮਨਦੀਪ ਕੌਰ, ਸੀਐਚਟੀ ਹਰਮੰਦਿਰ ਸਿੰਘ, ਸ਼ਮਸ਼ੇਰ ਸਿੰਘ, ਗੁਰਸਾਹਿਬ ਸਿੰਘ, ਜੀਵਨ ਸ਼ਰਮਾ, ਬਲਕਾਰ ਸਿੰਘ ਗਿੱਲ, ਨਵਦੀਪ ਸਿੰਘ ਬਜੀਦਪੁਰ ਸਮੇਤ ਵੱਡੀ ਗਿਣਤੀ ਅਧਿਆਪਕ ਅਤੇ ਮਾਪੇ ਹਾਜ਼ਰ ਸਨ।




