Ferozepur News

ਫੂਡ ਸੇਫਟੀ ਵਿਭਾਗ ਦੀਆਂ ਚੈਕਿੰਗਾਂ ਦਾ ਅਸਰ; ਮੈਰਿਜ ਪੈਲੇਸ ਵਿੱਚ ਬਿਨਾਂ ਰੰਗਾਂ ਵਾਲੀਆਂ ਜਲੇਬੀਆਂ ਪਰੋਸੀਆਂ ਗਈਆਂ

ਫੂਡ ਸੇਫਟੀ ਵਿਭਾਗ ਦੀਆਂ ਚੈਕਿੰਗਾਂ ਦਾ ਅਸਰ; ਮੈਰਿਜ ਪੈਲੇਸ ਵਿੱਚ ਬਿਨਾਂ ਰੰਗਾਂ ਵਾਲੀਆਂ ਜਲੇਬੀਆਂ ਪਰੋਸੀਆਂ ਗਈਆਂ

ਫੂਡ ਸੇਫਟੀ ਵਿਭਾਗ ਦੀਆਂ ਚੈਕਿੰਗਾਂ ਦਾ ਅਸਰ; ਮੈਰਿਜ ਪੈਲੇਸ ਵਿੱਚ ਬਿਨਾਂ ਰੰਗਾਂ ਵਾਲੀਆਂ ਜਲੇਬੀਆਂ ਪਰੋਸੀਆਂ ਗਈਆਂ

ਫਿਰੋਜ਼ਪੁਰ, 22 ਨਵੰਬਰ, 2026: ਵਿਆਹ-ਸ਼ਾਦੀਆਂ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਲੋਕਾਂ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਮਿਆਰੀ ਖਾਣਾ ਮੁਹੱਈਆ ਕਰਵਾਉਣ ਲਈ ਫੂਡ ਸੇਫਟੀ ਵਿਭਾਗ ਵੱਲੋਂ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਮੁਹਿੰਮ ਤਹਿਤ ਵਿਭਾਗ ਦੀ ਟੀਮ ਵੱਲੋਂ 7-Eleven ਪੈਲੇਸ ਵਿਖੇ ਚੱਲ ਰਹੇ ਇੱਕ ਵਿਆਹ ਸਮਾਗਮ ਦੌਰਾਨ ਕੈਟਰਿੰਗ ਪ੍ਰਬੰਧਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਚੈਕਿੰਗ ਦੌਰਾਨ ਟੀਮ ਵੱਲੋਂ ਖਾਣ-ਪੀਣ ਦੀਆਂ ਵਸਤਾਂ ਤਿਆਰ ਕਰਨ ਅਤੇ ਪਰੋਸਣ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸਮੁੱਚੇ ਪ੍ਰਬੰਧਾਂ ਵਿੱਚ ਸਫ਼ਾਈ ਅਤੇ ਸਵੱਛਤਾ ਦੀ ਸਥਿਤੀ ਸੰਤੋਸ਼ਜਨਕ ਪਾਈ ਗਈ। ਇਹ ਵੀ ਦੇਖਣ ਵਿੱਚ ਆਇਆ ਕਿ ਸਮਾਗਮ ਦੌਰਾਨ ਪਰੋਸੀਆਂ ਜਾ ਰਹੀਆਂ ਜਲੇਬੀਆਂ ਬਿਨਾਂ ਕਿਸੇ ਨਕਲੀ ਰੰਗ ਦੀ ਵਰਤੋਂ ਤੋਂ ਤਿਆਰ ਕੀਤੀਆਂ ਗਈਆਂ ਸਨ। ਹਾਲਾਂਕਿ, ਕੈਟਰਿੰਗ ਪ੍ਰਬੰਧਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਅਤੇ ਸੁਰੱਖਿਆ ਸਬੰਧੀ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ।

ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਆਉਣ ਵਾਲੇ ਵਿਆਹ-ਸ਼ਾਦੀਆਂ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ ਸਮੂਹ ਮੈਰਿਜ ਪੈਲੇਸਾਂ ਅਤੇ ਉੱਥੇ ਹੋਣ ਵਾਲੇ ਸਮਾਗਮਾਂ ਉੱਪਰ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਸਮੂਹ ਕੈਟਰਿੰਗ ਸੇਵਾਵਾਂ ਪ੍ਰਦਾਨ ਕਰਨ ਵਾਲਿਆਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਖਾਣਾ ਤਿਆਰ ਕਰਨ ਲਈ ਵਰਤੇ ਜਾਣ ਵਾਲੇ ਕੱਚੇ ਮਾਲ ਦੀ ਗੁਣਵੱਤਾ ਦੀ ਵੀ ਬਾਰੀਕੀ ਨਾਲ ਜਾਂਚ ਕੀਤੀ ਜਾਵੇਗੀ।

ਵਿਭਾਗ ਵੱਲੋਂ ਕੈਟਰਿੰਗ ਸੰਚਾਲਕਾਂ ਨੂੰ ਫੂਡ ਸੇਫਟੀ ਸਬੰਧੀ ਜ਼ਰੂਰੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਇਨ੍ਹਾਂ ਵਿੱਚ ਕੈਟਰਿੰਗ ਸੇਵਾ ਲਈ ਵੈਧ ਫੂਡ ਸੇਫਟੀ ਲਾਇਸੈਂਸ ਜਾਂ ਰਜਿਸਟ੍ਰੇਸ਼ਨ ਲੈਣਾ, ਖਾਣਾ ਤਿਆਰ ਕਰਨ ਅਤੇ ਪਰੋਸਣ ਵਾਲੇ ਸਾਰੇ ਕਰਮਚਾਰੀਆਂ ਦਾ ਮੈਡੀਕਲ ਚੈੱਕਅੱਪ ਕਰਵਾਉਣਾ ਅਤੇ ਉਨ੍ਹਾਂ ਨੂੰ ਛੂਤ ਦੀਆਂ ਬਿਮਾਰੀਆਂ ਤੋਂ ਮੁਕਤ ਰੱਖਣਾ ਸ਼ਾਮਲ ਹੈ। ਇਸ ਤੋਂ ਇਲਾਵਾ ਰਸੋਈ, ਬਰਤਨਾਂ ਅਤੇ ਖਾਣਾ ਤਿਆਰ ਕਰਨ ਵਾਲੀਆਂ ਥਾਵਾਂ ਦੀ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ ਹੈ।

ਕੈਟਰਿੰਗ ਸੰਚਾਲਕਾਂ ਨੂੰ ਖਾਣਾ ਤਿਆਰ ਕਰਨ ਵਿੱਚ ਵਰਤੇ ਜਾਣ ਵਾਲੇ ਪਾਣੀ ਦੀ ਗੁਣਵੱਤਾ ਯਕੀਨੀ ਬਣਾਉਣ ਅਤੇ ਇਸ ਸਬੰਧੀ ਪ੍ਰਮਾਣਿਤ ਵਾਟਰ ਟੈਸਟਿੰਗ ਰਿਪੋਰਟ ਉਪਲਬਧ ਰੱਖਣ ਲਈ ਵੀ ਕਿਹਾ ਗਿਆ ਹੈ। ਖਾਣਾ ਤਿਆਰ ਕਰਨ ਲਈ ਵਰਤੇ ਜਾਣ ਵਾਲੇ ਕੱਚੇ ਮਾਲ ਦੀ ਗੁਣਵੱਤਾ ਅਤੇ ਸਟੋਰੇਜ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਾਲ-ਨਾਲ ਖਾਣ-ਪੀਣ ਦੀਆਂ ਵਸਤਾਂ ਵਿੱਚ ਗੈਰ-ਮਨਜ਼ੂਰਸ਼ੁਦਾ ਰੰਗਾਂ ਜਾਂ ਮਿਲਾਵਟੀ ਪਦਾਰਥਾਂ ਦੀ ਵਰਤੋਂ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ।

ਵਿਭਾਗ ਵੱਲੋਂ ਸਮੂਹ ਮੈਰਿਜ ਪੈਲੇਸ ਮਾਲਕਾਂ ਅਤੇ ਕੈਟਰਿੰਗ ਸੰਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਫੂਡ ਸੇਫਟੀ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ, ਕਿਉਂਕਿ ਵਿਆਹ-ਸ਼ਾਦੀਆਂ ਦੇ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਖਾਣਾ ਖਾਂਦੇ ਹਨ ਅਤੇ ਉਨ੍ਹਾਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਵਿਭਾਗ ਨੇ ਚਿਤਾਵਨੀ ਦਿੱਤੀ ਕਿ ਆਉਣ ਵਾਲੇ ਦਿਨਾਂ ਵਿੱਚ ਵਿਆਹ-ਸ਼ਾਦੀਆਂ ਦੇ ਸਮਾਗਮਾਂ ਅਤੇ ਕੈਟਰਿੰਗ ਸੇਵਾਵਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006 ਤਹਿਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button