
‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ – ਬਾਲ ਵਿਆਹ ਵਿਰੁੱਧ ਜਾਗਰੂਕਤਾ ਲਈ ਬਲਾਕ ਫਿਰੋਜ਼ਪੁਰ ਵਿਖੇ ਸੈਮੀਨਾਰ ਕਰਵਾਇਆ

‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’
ਬਾਲ ਵਿਆਹ ਵਿਰੁੱਧ ਜਾਗਰੂਕਤਾ ਲਈ ਬਲਾਕ ਫਿਰੋਜ਼ਪੁਰ ਵਿਖੇ ਸੈਮੀਨਾਰ ਕਰਵਾਇਆ
ਫਿਰੋਜ਼ਪੁਰ, 26 ਨਵੰਬਰ, 2026: ‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਵੱਲੋਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਫਿਰੋਜ਼ਪੁਰ ਸੁਖਵਿੰਦਰ ਕੌਰ ਦੇ ਸਹਿਯੋਗ ਨਾਲ ਦੇਵ ਸਮਾਜ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।
ਇਹ ਸੰਗਠਨ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਪਣੇ ਪ੍ਰਧਾਨ ਪਰਮਜੀਤ ਸਿੰਘ ਬਡੋਲਾ ਅਤੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਅਮਿਤ ਚੋਪੜਾ ਦੀ ਅਗਵਾਈ ਹੇਠ ਕੰਮ ਕਰ ਰਿਹਾ ਹੈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਕੁਮਾਰ ਨੇ ਵਿਦਿਆਰਥੀਆਂ ਨੂੰ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਬਾਲ ਤਸਕਰੀ ਵਰਗੀਆਂ ਸਮਾਜਿਕ ਬੁਰਾਈਆਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਲੋੜਵੰਦ ਬੱਚਿਆਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।
ਜ਼ਿਲ੍ਹਾ ਯੁਵਾ ਵਿਕਾਸ ਸੰਗਠਨ ਦੇ ਕਮਿਊਨਿਟੀ ਸੋਸ਼ਲ ਵਰਕਰ ਸਤਨਾਮ ਸਿੰਘ ਨੇ ਬਾਲ ਵਿਆਹ ਦੇ ਮਾੜੇ ਪ੍ਰਭਾਵਾਂ ਅਤੇ ਬਾਲ ਵਿਆਹ ਰੋਕਥਾਮ ਕਾਨੂੰਨ, 2006 ਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਜਾਣਕਾਰੀ ਦਿੱਤੀ ਕਿ ਲੜਕੀ ਲਈ ਵਿਆਹ ਦੀ ਕਾਨੂੰਨੀ ਉਮਰ 18 ਸਾਲ ਅਤੇ ਲੜਕੇ ਲਈ 21 ਸਾਲ ਨਿਰਧਾਰਤ ਹੈ। ਵਿਦਿਆਰਥੀਆਂ ਨੂੰ ਚਾਈਲਡ ਹੈਲਪਲਾਈਨ ਦੇ ਟੋਲ-ਫ੍ਰੀ ਨੰਬਰ 1098 ਬਾਰੇ ਵੀ ਜਾਣੂ ਕਰਵਾਇਆ ਗਿਆ।
ਬੁਲਾਰਿਆਂ ਨੇ ਜ਼ੋਰ ਦਿੱਤਾ ਕਿ ਹਰ ਬੱਚੇ ਨੂੰ ਸਿੱਖਿਆ, ਸੁਰੱਖਿਆ, ਸਿਹਤ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਦਾ ਅਧਿਕਾਰ ਹੈ। ਬਚਪਨ ਬਾਲ ਵਿਆਹ ਦੀ ਬਜਾਏ ਪੜ੍ਹਾਈ, ਖੇਡਣ ਅਤੇ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਬਤੀਤ ਹੋਣਾ ਚਾਹੀਦਾ ਹੈ।
ਸੈਮੀਨਾਰ ਦੇ ਅੰਤ ਵਿੱਚ ਹਾਜ਼ਰ ਸਾਰੇ ਨੁਮਾਇੰਦਿਆਂ ਨੇ ਬਾਲ ਵਿਆਹ ਵਿਰੁੱਧ ਆਵਾਜ਼ ਉਠਾਉਣ ਅਤੇ ਭਾਰਤ ਨੂੰ ਬਾਲ ਵਿਆਹ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ ਦਾ ਸਮੂਹਿਕ ਪ੍ਰਣ ਲਿਆ।
ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਦਫ਼ਤਰ ਤੋਂ ਤੇਜਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੋਂ ਕਵਿਤਾ, ਸਕੂਲ ਦੀ ਪ੍ਰਿੰਸੀਪਲ ਪੂਜਾ ਸਚਦੇਵਾ, ਨਵਜੋਤ ਕੌਰ, ਰੁਪਿੰਦਰ ਕੌਰ, ਅਧਿਆਪਕ ਅਰੁਣ ਅਤੇ ਆਂਗਣਵਾੜੀ ਵਰਕਰਾਂ ਹਾਜ਼ਰ ਸਨ। ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਸੁਆਗਤੀ ਗੀਤ ਨਾਲ ਕੀਤੀ ਗਈ।




