
ਪ੍ਰਾਪਰਟੀ ਟੈਕਸ ਨਾ ਭਰਨ ’ਤੇ ਨਗਰ ਕੌਂਸਲ ਵੱਲੋਂ ਐਡੀਡਾਸ ਸ਼ੋਅਰੂਮ ਸਮੇਤ ਕਈ ਯੂਨਿਟ ਸੀਲ

ਪ੍ਰਾਪਰਟੀ ਟੈਕਸ ਨਾ ਭਰਨ ’ਤੇ ਨਗਰ ਕੌਂਸਲ ਵੱਲੋਂ ਐਡੀਡਾਸ ਸ਼ੋਅਰੂਮ ਸਮੇਤ ਕਈ ਯੂਨਿਟ ਸੀਲ
ਫ਼ਿਰੋਜ਼ਪੁਰ, 26 ਨਵੰਬਰ, 2026: ਨਗਰ ਕੌਂਸਲ ਫ਼ਿਰੋਜ਼ਪੁਰ ਵੱਲੋਂ ਪ੍ਰਾਪਰਟੀ ਟੈਕਸ ਦੇ ਡਿਫਾਲਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਕਈ ਵਪਾਰਕ ਅਦਾਰਿਆਂ ਅਤੇ ਹੋਰ ਜਾਇਦਾਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਦੌਰਾਨ ਐਡੀਡਾਸ ਸ਼ੋਅਰੂਮ ਨੂੰ ਵੀ ਪ੍ਰਾਪਰਟੀ ਟੈਕਸ ਦੀ ਅਦਾਇਗੀ ਨਾ ਕਰਨ ਕਾਰਨ ਸੀਲ ਕੀਤਾ ਗਿਆ।
ਇਹ ਕਾਰਵਾਈ ਕਾਰਜ ਸਾਧਕ ਅਫ਼ਸਰ (ਈ.ਓ.) ਅਮਿੰਦਰ ਪਾਲ ਸਿੰਘ ਦੇ ਨਿਰਦੇਸ਼ਾਂ ਹੇਠ ਕੀਤੀ ਜਾ ਰਹੀ ਹੈ। ਇਸ ਮੁਹਿੰਮ ਵਿੱਚ ਨਗਰ ਕੌਂਸਲ ਦੇ ਸੁਪਰਡੈਂਟ, ਇੰਸਪੈਕਟਰ, ਐੱਸ.ਡੀ.ਓ., ਜੇ.ਈ. ਅਤੇ ਹੋਰ ਕਰਮਚਾਰੀਆਂ ਦੀ ਟੀਮ ਸ਼ਾਮਲ ਹੈ।
ਅਧਿਕਾਰੀਆਂ ਅਨੁਸਾਰ ਜਿਨ੍ਹਾਂ ਜਾਇਦਾਦਾਂ ਅਤੇ ਵਪਾਰਕ ਅਦਾਰਿਆਂ ਵੱਲ ਇੱਕ ਸਾਲ, ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਦਾ ਪ੍ਰਾਪਰਟੀ ਟੈਕਸ ਬਕਾਇਆ ਹੈ, ਉਨ੍ਹਾਂ ਨੂੰ ਇਸ ਮੁਹਿੰਮ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਖਾਸ ਤੌਰ ’ਤੇ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਟੈਕਸ ਦੀ ਅਦਾਇਗੀ ਨਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਨਗਰ ਕੌਂਸਲ ਵੱਲੋਂ ਇਸ ਤੋਂ ਪਹਿਲਾਂ ਵੀ ਬੈਂਕ ਆਫ਼ ਇੰਡੀਆ ਸਮੇਤ ਹੋਰ ਅਦਾਰਿਆਂ ਨਾਲ ਸਬੰਧਤ ਕਈ ਯੂਨਿਟਾਂ ਅਤੇ ਕੁਝ ਰਿਹਾਇਸ਼ੀ ਜਾਇਦਾਦਾਂ ਨੂੰ ਸੀਲ ਕੀਤਾ ਜਾ ਚੁੱਕਾ ਹੈ।
ਗਰੈਂਡ ਵਿਲਾ ਹੋਟਲ/ਪੈਲੇਸ ਦੇ ਮਾਮਲੇ ਵਿੱਚ ਵੀ ਬਕਾਇਆ ਪ੍ਰਾਪਰਟੀ ਟੈਕਸ ਦੀ ਵਸੂਲੀ ਲਈ ਕਾਰਵਾਈ ਅਤੇ ਗੱਲਬਾਤ ਜਾਰੀ ਹੈ। ਇਸ ਜਾਇਦਾਦ ਵੱਲ 7 ਲੱਖ ਰੁਪਏ ਤੋਂ ਵੱਧ ਦਾ ਪ੍ਰਾਪਰਟੀ ਟੈਕਸ ਬਕਾਇਆ ਦੱਸਿਆ ਜਾ ਰਿਹਾ ਹੈ।
ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚ ਅਜਿਹੀਆਂ ਦਰਜਨਾਂ ਜਾਇਦਾਦਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਦੇ ਮਾਲਕਾਂ ਨੂੰ ਪਹਿਲਾਂ ਹੀ ਡਿਮਾਂਡ ਨੋਟਿਸ ਅਤੇ ਨੋਟੀਫ਼ਿਕੇਸ਼ਨ ਜਾਰੀ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਫ਼ੋਨ ਕਾਲਾਂ ਰਾਹੀਂ ਵੀ ਉਨ੍ਹਾਂ ਨੂੰ ਬਕਾਇਆ ਟੈਕਸ ਜਮ੍ਹਾਂ ਕਰਵਾਉਣ ਲਈ ਯਾਦ ਦਿਵਾਇਆ ਗਿਆ ਹੈ।
ਈ.ਓ. ਅਮਿੰਦਰ ਪਾਲ ਸਿੰਘ ਨੇ ਸਮੂਹ ਜਾਇਦਾਦ ਮਾਲਕਾਂ ਅਤੇ ਟੈਕਸਦਾਤਾਵਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਪ੍ਰਾਪਰਟੀ ਟੈਕਸ ਸਮੇਂ ਸਿਰ ਜਮ੍ਹਾਂ ਕਰਵਾਉਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਜਾਇਦਾਦਾਂ ਸੀਲ ਕਰਨ ਸਮੇਤ ਹੋਰ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਰਹੇਗੀ।




