ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿੱਚ 2 ਫਰਵਰੀ ਤੋਂ 4 ਫਰਵਰੀ ਤੱਕ ਡਰਾਈ ਡੇਅ ਘੋਸ਼ਿਤ ਕੀਤਾ ਗਿਆ
ਡਰਾਈ ਡੇਅ ਦੌਰਾਨ ਜ਼ਿਲ੍ਹੇ ਦੇ ਸਮੂਹ ਸ਼ਰਾਬ ਦੇ ਠੇਕੇ ਬੰਦ ਕਰਨ, ਸ਼ਰਾਬ ਸਟੋਰ ਕਰਨ ਤੇ ਸ਼ਰਾਬ ਦੀ ਵਰਤੋਂ 'ਤੇ ਹੋਵੇਗੀ ਪਾਬੰਦੀ
4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਅਤੇ ਲੋਕ ਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਸ. ਬਲਵਿੰਦਰ ਸਿੰਘ ਧਾਲੀਵਾਲ (ਆਈ.ਏ.ਐਸ.) ਨੇ ਪੰਜਾਬ ਐਕਸਾਈਜ਼ ਐਕਟ 1914 ' ਦੀ ਧਾਰਾ 54 ਅਧੀਨ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ 02-02-2017 ਤੋਂ ਮਿਤੀ 04-02-2017 ਤੱਕ ਅਤੇ ਮਿਤੀ 11-03-2017 ਨੂੰ ਗਿਣਤੀ ਵਾਲੇ ਦਿਨ ਡਰਾਈ ਡੇਅ ਘੋਸ਼ਿਤ ਕੀਤੇ ਹਨ। ਇਨ੍ਹਾਂ ਦਿਨਾਂ ਦੌਰਾਨ ਜ਼ਿਲ੍ਹੇ ਵਿੱਚ ਪੈਂਦੇ ਸਮੂਹ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ) ਬੰਦ ਕਰਨ, ਸ਼ਰਾਬ ਸਟੋਰ ਕਰਨ ਤੇ ਸ਼ਰਾਬ ਦੀ ਵਰਤੋਂ ਕਰਨ 'ਤੇ ਵੀ ਪਾਬੰਦੀ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆਂ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੇ ਰੈਸਟੋਰੈਂਟ, ਅਹਾਤੇ, ਕਲੱਬਾਂ, ਹੋਟਲਾਂ ਆਦਿ ਵਿੱਚ ਸ਼ਰਾਬ ਵੇਚੀ ਜਾਂ ਪਿਲਾਈ ਨਹੀਂ ਜਾਵੇਗੀ ਅਤੇ ਨਾ ਹੀ ਬਿਨਾਂ ਲਾਇਸੰਸ ਸ਼ਰਾਬ ਸਟੋਰ (ਇਕੱਠੀ) ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਅੱਗੇ ਦੱਸਿਆ ਕਿ ਕਈ ਵਾਰ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਸ਼ਰਾਬ ਜਾਂ ਹੋਰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਕੇ ਹੋਣ ਵਾਲੀਆਂ ਚੋਣਾਂ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਇਸ ਲਈ ਇਨ੍ਹਾਂ ਚੋਣਾਂ ਨੂੰ ਅਜਾਦ ਅਤੇ ਨਿਰਪੱਖ ਢੰਗ ਨਾਲ ਸ਼ਾਂਤੀਪੂਰਨ ਮੁਕੰਮਲ ਕਰਵਾਉਣ ਲਈ ਅਤੇ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਹ ਆਦੇਸ਼ ਲਾਗੂ ਕੀਤੇ ਗਏ ਹਨ।