ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ
ਫ਼ਿਰੋਜ਼ਪੁਰ 28 ਅਪ੍ਰੈਲ 2018 ( ) ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਅੱਜ ਆਪਣੀ ਰਿਹਾਇਸ਼ ਫ਼ਿਰੋਜ਼ਪੁਰ ਛਾਉਣੀ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਖੇਤੀਬਾੜੀ, ਸਿੰਚਾਈ, ਲੋਕ ਨਿਰਮਾਣ, ਸਹਿਕਾਰਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।
ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣ ਲਈ ਸੇਵਾ ਦਾ ਅਧਿਕਾਰ ਕਾਨੂੰਨ ਬਣਾਇਆ ਗਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਲੋਕ ਸੇਵਕ ਬਣਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤੇ ਕਿਹਾ ਕਿ ਲੋਕਾਂ ਨੂੰ ਮਿਥੇ ਸਮੇਂ ਵਿਚ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਜੇਕਰ ਕਿਸੇ ਵੀ ਵਿਭਾਗ ਦੀ ਅਣਗਹਿਲੀ ਸਾਹਮਣੇ ਆਈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਲਈ ਅਤੇ ਆਦੇਸ਼ ਦਿੱਤੇ ਕਿ ਸਾਰੇ ਪ੍ਰਾਜੈਕਟਾਂ ਨੂੰ ਮਿਥੇ ਸਮੇਂ ਵਿਚ ਪੂਰਾ ਕੀਤਾ ਜਾਵੇ ਅਤੇ ਜਿਹੜੇ-ਜਿਹੜੇ ਪ੍ਰਾਜੈਕਟਾਂ ਲਈ ਹੋਰ ਫ਼ੰਡਾਂ ਦੀ ਲੋੜ ਹੈ ਉਨ੍ਹਾਂ ਸਬੰਧੀ ਲਿਖਤੀ ਤੌਰ ਤੇ ਸੂਚਿਤ ਕੀਤਾ ਜਾਵੇ ਤਾਂ ਜੋ ਵਿੱਤ ਵਿਭਾਗ ਤੋਂ ਉਨ੍ਹਾਂ ਸਬੰਧੀ ਫ਼ੰਡ ਜਾਰੀ ਕਰਵਾਏ ਜਾ ਸਕਣ। ਉਨ੍ਹਾਂ ਨੇ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਕਣਕ ਦੀ ਖ਼ਰੀਦ, ਅਦਾਇਗੀ ਅਤੇ ਲਿਫ਼ਟਿੰਗ ਆਦਿ ਸਬੰਧੀ ਵੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਹਿੰਦੀ ਅਦਾਇਗੀ ਵੀ ਤੁਰੰਤ ਜਾਰੀ ਕੀਤੀ ਜਾਵੇ ਕਿਉਂਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ ਕਣਕ ਦੀ ਖ਼ਰੀਦ ਲਈ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਸ਼੍ਰੀ ਰਾਣਾ ਸੋਢੀ ਨੇ ਕਿਹਾ ਕਿ ਉਹ ਜਲਦੀ ਹੀ ਬਾਕੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਪ੍ਰਾਜੈਕਟਾਂ ਤੇ ਲੋਕ ਭਲਾਈ ਸਕੀਮਾਂ ਸਬੰਧੀ ਸਮੀਖਿਆ ਕਰਨਗੇ।
ਇਸ ਮੌਕੇ ਸ਼੍ਰੀ ਅਨੁਮੀਤ ਸਿੰਘ ਹੀਰਾ ਸੋਢੀ, ਸ੍ਰ: ਗੁਰਦੀਪ ਸਿੰਘ ਢਿੱਲੋਂ, ਸ੍ਰ: ਅੰਮ੍ਰਿਤਪਾਲ ਸਿੰਘ, ਸ੍ਰ: ਬਲਕਾਰ ਸਿੰਘ, ਸ਼੍ਰੀ ਰਵੀ ਸ਼ਰਮਾ, ਸ੍ਰ: ਨਸੀਬ ਸਿੰਘ ਸੰਧੂ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਹਾਜ਼ਰ ਸਨ।