Ferozepur News
ਨਸ਼ਿਆਂ ਦੇ ਖ਼ਾਤਮੇ ਲਈ ਨੌਜਵਾਨਾਂ ਅਤੇ ਸਮਾਜ ਦੇ ਸਹਿਯੋਗ ਦੀ ਲੋੜ -ਡਿਪਟੀ ਕਮਿਸ਼ਨਰ ਸਰਕਾਰੀ ਹਾਈ ਸਕੂਲ ਤੂਤ ਵਿਖੇ ਨਸ਼ਿਆਂ ਖ਼ਿਲਾਫ਼ ਕਰਵਾਇਆ ਜਾਗਰੂਕਤਾ ਸੈਮੀਨਾਰ
ਫ਼ਿਰੋਜ਼ਪੁਰ 20 ਅਗਸਤ 2018 ( Manish Bawa ) ਡਿਪਟੀ ਕਮਿਸ਼ਨਰ ਸ੍ਰ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਖੇਡਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਹ ਅੱਜ ਪਿੰਡ ਤੂਤ ਦੇ ਸਰਕਾਰੀ ਹਾਈ ਸਕੂਲ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਰਵਾਏ ਗਏ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰ ਰਹੇ ਸਨ। ਜਿਸ ਵਿੱਚ ਸਹਾਇਕ ਕਮਿਸ਼ਨਰ (ਜ) ਸ੍ਰ. ਰਣਜੀਤ ਸਿੰਘ, ਖੇਤੀਬਾੜੀ ਅਫ਼ਸਰ ਮੁਖ਼ਤਿਆਰ ਸਿੰਘ ਵੀ ਹਾਜ਼ਰ ਸਨ ।
ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਨੌਜਵਾਨਾਂ ਅਤੇ ਸਮਾਜ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਨਵੀਂ ਸੇਧ ਦੇਣ, ਲੋਕਾਂ ਦੀ ਸਿਹਤ ਸੰਭਾਲ ਕਰਨ, ਸ਼ੁੱਧ ਵਾਤਾਵਰਨ ਮੁਹੱਈਆ ਕਰਵਾਉਣ ਲਈ ਮਿਸ਼ਨ ਤੰਦਰੁਸਤ ਪੰਜਾਬ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਅੱਜ ਇਸ ਪਿੰਡ ਵਿੱਚ ਨਸ਼ਿਆਂ ਦੇ ਖ਼ਾਤਮੇ ਅਤੇ ਲੋਕਾਂ ਨੂੰ ਇਨ੍ਹਾਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਇਹ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ੇ ਉੱਤੇ ਕਾਬੂ ਪਾਉਣ ਲਈ ਨੌਜਵਾਨਾਂ ਨੂੰ ਜਾਗਰੂਕ ਕਰਨਾ ਬੇਹੱਦ ਜ਼ਰੂਰੀ ਹੈ। ਜੇਕਰ ਨੌਜਵਾਨ ਜਾਗਰੂਕ ਹੋ ਜਾਣਗੇ ਤਾਂ ਖ਼ੁਦ ਬ ਖ਼ੁਦ ਨਸ਼ਿਆਂ ਦਾ ਖ਼ਾਤਮਾ ਹੋ ਜਾਵੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਜਿੱਥੇ ਦਿਲ ਲਗਾ ਕੇ ਪੜ੍ਹਾਈ ਕਰਨ ਲਈ ਕਿਹਾ ਉੱਥੇ ਖੇਡਾਂ ਨਾਲ ਜੁੜਨ ਲਈ ਵੀ ਅਪੀਲ ਕੀਤੀ। ਉਨ੍ਹਾਂ ਵੱਲੋਂ ਸਕੂਲ ਦੇ ਵਾਤਾਵਰਨ ਦੀ ਪ੍ਰਸੰਸਾ ਕਰਦਿਆਂ ਕਿਹਾ ਗਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਫਲ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਆਪਣਾ ਬਣਦਾ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਸੈਮੀਨਾਰ ਦੌਰਾਨ ਕਮਲਜੀਤ ਕੌਰ ਵੱਲੋਂ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਵਿਰੋਧੀ ਕਵਿਤਾ ਵੀ ਬੋਲੀ ਗਈ, ਜਿਸ ਦਾ ਉਨ੍ਹਾਂ ਤੇ ਬਹੁਤ ਵਧੀਆ ਪ੍ਰਭਾਵ ਪਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਪ੍ਰਮਾਣ ਪੱਤਰ ਵੀ ਵੰਡੇ ਗਏ।
ਇਸ ਮੌਕੇ ਸਟੇਟ ਐਵਾਰਡੀ ਜਸਵੀਰ ਸਿੰਘ, ਸਟੇਜ ਸੈਕਟਰੀ ਸੰਦੀਪ, ਰਵਿੰਦਰ ਸਿੰਘ, ਭੁਪਿੰਦਰ ਸਿੰਘ, ਮੱਖਣ ਸਿੰਘ, ਰੇਸ਼ਮ ਸਿੰਘ, ਸੇਵਾ ਸਿੰਘ, ਹਰਜੀਤ ਸਿੰਘ, ਨਛੱਤਰ ਸਿੰਘ, ਮੈਡਮ ਰਜਨੀ ਬਾਲਾ, ਗੀਤੁ, ਵੀਰਪਾਲ ਕੌਰ, ਸੁਖਜੀਤ ਕੌਰ, ਸ਼ਿੰਦਰਪਾਲ ਕੌਰ, ਪੂਜਾ, ਚਰਨਜੀਤ ਕੌਰ, ਸਿਮਰਨ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸਕੂਲ ਦੇ ਵਿਦਆਰਥੀ ਵੀ ਮੌਜੂਦ ਸਨ।