ਮਿਸ਼ਨ ਫਤਹਿ ਤਹਿਤ ਸਕੂਲੀ ਅਧਿਆਪਕਾਂ ਨੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਦੇ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਕੀਤਾ ਜਾਗਰੂਕ
ਫਿਰੋਜ਼ਪੁਰ 19 ਜੁਲਾਈ 2020
ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿਸ਼ਨ ਫਤਿਹ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਰਾਜੀਵ ਛਾਬੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਰਾਜੋ ਕੇ ਉਸਪਾਰ ਦੇ ਅਧਿਆਪਕ ਕੁਲਵੰਤ ਸਿੰਘ ਸੰਧੂ, ਗੁਰਮੇਜ ਜੋਸਨ਼, ਗੁਰਦੀਪ ਸਿੰਘ, ਬਲਵਿੰਦਰ ਸਿੰਘ ਅਤੇ ਰਾਮ ਕੁਮਾਰ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਅ ਦੇ ਲਈ ਅਪਣਾਈ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਗਿਆ।
ਅਧਿਆਪਕ ਕੁਲਵੰਤ ਸਿੰਘ ਅਤੇ ਸਮੂਹ ਸਟਾਫ ਨੇ ਲੋਕਾ ਨੂੰ ਕਰੋਨਾ ਮਹਾਂਮਾਰੀ ਦੇ ਲੱਛਣਾਂ ਬਾਰੇ ਜਾਗਰੂਕ ਕਰਦੇ ਹੋਏ ਕਿਹਾ ਗਿਆ ਕਿ ਇਸ ਬਿਮਾਰੀ ਵਿੱਚ ਮਰੀਜ਼ ਨੂੰ ਤੇਜ਼ ਬੁਖਾਰ, ਛਿੱਕਾਂ ਆਉਣੀਆਂ, ਜ਼ੁਕਾਮ ਅਤੇ ਸਰੀਰ ਵਿੱਚ ਦਰਦ ਮਹਿਸੂਸ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਚਾਅ ਕਰਨ ਲਈ ਸਾਨੂੰ ਆਪਣੇ ਹੱਥ ਵਾਰ ਵਾਰ ਸਾਬਣ ਨਾਲ ਧੋਣੇ ਚਾਹੀਦੇ ਹਨ। ਮੂੰਹ ਨੂੰ ਮਾਸਕ ਜਾਂ ਕੱਪੜੇ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਬਾਹਰ ਭੀੜ ਵਾਲੀਆਂ ਥਾਵਾਂ ਤੇ ਨਹੀਂ ਜਾਣਾ ਚਾਹੀਦਾ। ਇਸ ਤੋਂ ਇਲਾਵਾ ਇਕ ਦੂਜੇ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ। ਉਨ੍ਹਾਂ ਲੋਕਾਂ ਨੂੰ ਘਰ-ਘਰ ਜਾ ਕੇ ਇਹ ਵੀ ਦੱਸਿਆ ਕਿ ਇਸ ਬਿਮਾਰੀ ਦਾ ਕੋਈ ਇਲਾਜ ਨਹੀ ਹੈ, ਇਸ ਲਈ ਸਰਕਾਰ ਵੱਲੋਂ ਦੱਸੀਆ ਗਈਆਂ ਸਾਵਧਾਨੀਆਂ ਅਪਣਾ ਕੇ ਹੀ ਅਸੀਂ ਆਪਣਾ, ਆਪਣੇ ਪਰਿਵਾਰ ਦਾ ਅਤੇ ਸਮਾਜ ਦਾ ਭਲਾ ਕਰ ਸਕਦੇ ਹਾਂ। ਇਸ ਲਈ ਲੋਕ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਨਾ ਜ਼ਰੂਰ ਕਰਨ। ਇਸ ਮੌਕੇ ਪਿੰਡ ਦੇ ਸਰਪੰਚ ਲਾਲ ਸਿੰਘ, ਮਨਜੀਤ ਕੁਮਾਰ, ਫਾਰਮਾਸਿਸਟ, ਸੁਬੇਗ ਸਿੰਘ, ਹੈਲਪਰ ਬਾਜ਼ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰਨਾ ਅਧਿਕਾਰੀ ਅਤੇ ਪਿੰਡ ਵਾਸੀ ਵੀ ਮੋਜੂਦ ਸਨ।