ਕੈਬਨਿਟ ਮੰਤਰੀ ਰਾਣਾ ਸੋਢੀ ਨੇ 2.52 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਰੱਖਿਆ ਨੀਹ ਪੱਥਰ, ਗੁਰੂਹਰਸਹਾਏ ਵਿੱਚ ਬਣੇਗਾ ਸਵਾਗਤੀ ਗੇਟ
ਨਗਰ ਕੌਂਸਲ ਅਤੇ ਬੀ ਐਂਡ ਆਰ ਵਿਭਾਗ ਦੇ ਅਧਿਕਾਰੀਆਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਦੇ ਚੈੱਕ ਸੌਂਪੇ, ਸਾਰੇ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ
ਗੁਰੂਹਰਸਹਾਏ/ਫਿਰੋਜ਼ਪੁਰ 20 ਜੁਲਾਈ 2020
ਖੇਡ ਅਤੇ ਯੁਵਕ ਸੇਵਾਵਾਂ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸੋਮਵਾਰ ਨੂੰ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਵਿੱਚ 2.52 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਨੇ ਨਗਰ ਕੌਂਸਲ ਅਤੇ ਬੀ ਐਂਡ ਆਰ ਵਿਭਾਗ ਦੇ ਅਧਿਕਾਰੀਆਂ ਨੂੰ ਕਈ ਵੱਡੇ ਪ੍ਰਾਜੈਕਟਾਂ ਲਈ ਗ੍ਰਾਂਟ ਦੇ ਚੈੱਕ ਸੌਂਪੇ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਲਗਾਤਾਰ ਕਈ ਵੱਡੇ ਪ੍ਰੋਜੈਕਟ ਲਿਆਂਦੇ ਜਾ ਰਹੇ ਹਨ, ਜਿਸ ਨਾਲ ਇਲਾਕਾ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ।
ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ 2 ਕਰੋੜ ਰੁਪਏ ਦੀ ਲਾਗਤ ਨਾਲ ਗੁਰੂਹਰਸਹਾਏ ਦੇ ਚਾਰ ਚੌਂਕਾਂ ਰਿਸ਼ੀ ਚੌਕ, ਨਾਨਕ ਚੌਕ, ਰਾਮ ਚੌਕ ਅਤੇ ਕ੍ਰਿਸ਼ਨਾ ਚੌਕ ਦਾ ਨਿਰਮਾਣ ਕੀਤਾ ਜਾਵੇਗਾ। ਇਸ ਤੋਂ ਇਲਾਵਾ ਗੁਰੂਹਰਸਹਾਏ ਵਿੱਚ ਐਂਟਰੀ ਕਰਦੇ ਲੋਕਾਂ ਦਾ ਸਵਾਗਤ ਇੱਕ ਸਵਾਗਤੀ ਗੇਟ ਕਰੇਗਾ ਜਿਸ ਨੂੰ ਗੋਲੂ ਕੇ ਮੋੜ ਉੱਪਰ ਬਣਾਇਆ ਜਾਵੇਗਾ। ਇਸ ਗੇਟ ਦੇ ਨਿਰਮਾਣ ‘ਤੇ 27 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਦਾ ਚੈੱਕ ਉਸਨੇ ਬੀ ਐਂਡ ਆਰ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਦਿੱਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਰੇਲਵੇ ਦੀ ਜ਼ਮੀਨ ‘ਤੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਗੁਰੂ ਨਾਨਕ ਪਾਰਕ ਦਾ ਨੀਂਹ ਪੱਥਰ ਵੀ ਰੱਖਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਾਰੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਅਤੇ ਉਹ ਖੁਦ ਸਾਰੇ ਪ੍ਰਾਜੈਕਟਾਂ ਦੀ ਨਿਰੰਤਰ ਨਿਗਰਾਨੀ ਕਰਦੇ ਰਹਿਣਗੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਪ੍ਰਾਜੈਕਟ ਵਿੱਚ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਾਰੇ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।