ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਵਿੱਦਿਅਕ ਮੁਕਾਬਲਿਆਂ ਵਿੱਚ ਬਲਾਕ ਘੱਲਖ਼ੁਰਦ-1 ਦੀ ਏਕਮਪ੍ਰੀਤ ਕੌਰ ਰਹੀ ਅੱਵਲ
ਫਿਰੋਜ਼ਪੁਰ 24 ਜੁਲਾਈ 2020 ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਫਿਰੋਜ਼ਪੁਰ ਵੱਲੋਂ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਸ਼ਬਦ ਗਾਇਨ ਪ੍ਰਤੀਯੋਗਤਾ ਦੇ ਬਲਾਕ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਰਾਜ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ 20410 ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਜਿਲ੍ਹਾ ਸਿੱਖਿਆ ਅਫਸਰ (ਐਲੀ.) ਫਿਰੋਜ਼ਪੁਰ ਸ਼੍ਰੀ ਰਾਜੀਵ ਛਾਬੜਾ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਬਲਾਕ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜਿਲ੍ਹਾ ਪੱਧਰ ‘ਤੇ ਸ਼ਬਦ ਗਾਇਨ ਮੁਕਾਬਲਿਆਂ ਦਾ ਸੰਚਾਲਨ ਕੀਤਾ ਜਾਵੇਗਾ।
ਇਸ ਮੌਕੇ ਬਲਾਕ ਘੱਲਖ਼ੁਰਦ-1 ਦੇ ਬਲਾਕ ਪ੍ਰਾਇਮਰੀ ਪ੍ਰਾਇਮਰੀ ਸਿੱਖਿਆ ਅਫ਼ਸਰ ਸ਼੍ਰੀ ਹਰਬੰਸ ਲਾਲ ਜੀ ਅਤੇ ਬਲਾਕ ਨੋਡਲ ਅਫ਼ਸਰ ਮਹਿਲ ਸਿੰਘ ਭਾਂਗਰ ਨੇ ਦੱਸਿਆ ਕਿ ਬਲਾਕ ਪੱਧਰੀ ਮੁਕਾਬਲਿਆਂ ‘ਚੋਂ ਸਰਕਾਰੀ ਪ੍ਰਾਈਮਾਰੀ ਸਕੂਲ ਬਜੀਦਪੁਰ ਦੀ ਵਿਦਿਆਰਥਣ ਏਕਮਪ੍ਰੀਤ ਕੌਰ ਬਲਾਕ ਵਿੱਚ ਪਹਿਲੇ ਸਥਾਨ ‘ਤੇ ਰਹੀ ਹੈ। ਇਸ ਮੌਕੇ ਜਿਲ੍ਹਾ ਨੋਡਲ ਅਫਸਰ (ਐਲੀ.) ਰਜਿੰਦਰ ਸਿੰਘ ਰਾਜਾ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ ਹੈ।