Ferozepur News
ਫਿਰੋਜ਼ਪੁਰ ਵਿੱਚ ਗਾਰਡਨ ਜਿੰਮ ਸਥਾਪਤ ਕਰਨ ਲਈ 1.45 ਕਰੋੜ ਰੁਪਏ ਦੀ ਗਰਾਂਟ ਜਾਰੀ, ਸ਼ਹਿਰ, ਛਾਉਣੀ ਅਤੇ ਪਿੰਡਾਂ ਵਿੱਚ ਲੱਗਣਗੇ ਪ੍ਰਾਜੈਕਟ
ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ- ਇਸ ਪ੍ਰੋਜੈਕਟ ਦੇ ਬਣਨ ਤੋਂ ਬਾਅਦ ਫਿਰੋਜ਼ਪੁਰ ਸ਼ਹਿਰ ਵਿਚ ਖੇਡ ਸਹੂਲਤਾਂ ਇਕ ਨਵੇਂ ਪੱਧਰ 'ਤੇ ਪਹੁੰਚ ਜਾਣਗੀਆਂ
ਫਿਰੋਜ਼ਪੁਰ, 10 ਅਗਸਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਫੰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਤਹਿਤ ਫਿਰੋਜ਼ਪੁਰ ਸ਼ਹਿਰ ਦੀਆਂ ਪਾਰਕਾਂ ਵਿਚ ਗਾਰਡਨ ਜਿੰਮ ਸਥਾਪਤ ਕਰਨ ਲਈ ਸਰਕਾਰ ਵੱਲੋਂ 1.45 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਫਿਰੋਜ਼ਪੁਰ ਸਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੰਡਾਂ ਵਿਚੋਂ 31 ਗਾਰਡਨ ਜਿਮ ਸ਼ਹਿਰ ਦੇ ਵਾਰਡਾਂ ਵਿਚ ਅਤੇ 8 ਫਿਰੋਜ਼ਪੁਰ ਕੈਂਟ ਵਿਚ ਲਗਾਏ ਜਾਣਗੇ। ਇਸ ਤੋਂ ਇਲਾਵਾ ਹਲਕੇ ਦੇ ਪੇਂਡੂ ਖੇਤਰਾਂ ਵਿਚ ਵੀ ਇਸੇ ਤਰ੍ਹਾਂ ਦੇ ਗਾਰਡਨ ਜਿੰਮ ਸਥਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਇਸ ਪ੍ਰਾਜੈਕਟ ਦੇ ਪੂਰਾ ਹੋਣ ਤੋਂ ਬਾਅਦ ਫਿਰੋਜ਼ਪੁਰ ਸ਼ਹਿਰ ਵਿੱਚ ਖੇਡ ਸਹੂਲਤਾਂ ਇੱਕ ਨਵੇਂ ਪੱਧਰ ’ਤੇ ਪਹੁੰਚ ਜਾਣਗੀਆਂ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਇਸ ਕੰਮ ਨੂੰ ਜਲਦੀ ਤੋਂ ਜਲਦੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਵਿਧਾਇਕ ਨੇ ਉਮੀਦ ਜਤਾਈ ਕਿ ਇਹ ਕੰਮ ਤੇਜ਼ੀ ਨਾਲ ਅੱਗੇ ਵਧੇਗਾ ਅਤੇ ਲੋਕਾਂ ਨੂੰ ਗਾਰਡਨ ਜਿੰਮ ਮਿਲਣਗੇ।
ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਵਿੱਚ ਗਾਰਡਨ ਜਿਮ ਲੋਕਾਂ ਨੂੰ ਬਹੁਤ ਪਸੰਦ ਆਏ ਸਨ ਅਤੇ ਵੱਖ-ਵੱਖ ਖੇਤਰਾਂ ਤੋਂ ਗਾਰਡਨ ਜਿਮ ਸਥਾਪਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਮੌਜੂਦਾ ਦੌਰ ਵਿਚ ਅਜਿਹੇ ਪ੍ਰਾਜੈਕਟਾਂ ਦੀ ਮਹੱਤਤਾ ਹੋਰ ਵੀ ਵੱਧ ਜਾਂਦੀ ਹੈ ਕਿਉਂਕਿ ਇਕ ਪਾਸੇ ਇਹ ਸਾਨੂੰ ਕੁਦਰਤ ਦੇ ਨੇੜੇ ਲਿਆਉਂਦਾ ਹੈ ਅਤੇ ਦੂਜੇ ਪਾਸੇ ਸਾਨੂੰ ਆਪਣੀ ਸਿਹਤ ਬਾਰੇ ਜਾਗਰੂਕ ਕਰਦਾ ਹੈ। ਜਿੰਮ ‘ਤੇ ਜਾ ਕੇ ਪੈਸੇ ਖਰਚਣ ਦੀ ਬਜਾਏ, ਲੋਕ ਕੁਦਰਤ ਦੇ ਵਿਚਕਾਰ ਰਹਿੰਦੇ ਹੋਏ ਇਨ੍ਹਾਂ ਜਿੰਮਾਂ ਵਿਚ ਕਸਰਤ ਕਰ ਸਕਣਗੇ। ਵਿਧਾਇਕ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਨੂੰ ਤੇਜ਼ੀ ਨਾਲ ਵਿਕਸਤ ਕਰਨ ਵਾਲੇ ਸ਼ਹਿਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਚੁੱਕੇ ਹਨ। ਹਾਲ ਹੀ ਵਿੱਚ, ਫਿਰੋਜ਼ਪੁਰ ਵਿੱਚ ਸੈਰ-ਸਪਾਟਾ ਨਾਲ ਜੁੜੀਆਂ ਸੰਭਾਵਨਾਵਾਂ ਨੂੰ ਮਜ਼ਬੂਤ ਕਰਨ ਲਈ ਹੁਸੈਨੀਵਾਲਾ ਵਿਖੇ ਸ਼ਹੀਦੀ ਯਾਦਗਾਰ ਵਿਖੇ ਲਾਈਟ ਐਂਡ ਸਾ ਸਾਊਂਡ ਸ਼ੋਅ ਸਮੇਤ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ।