ਜ਼ਿਲ੍ਹੇ ਦੇ 34959 ਵਿੱਚੋਂ 31817 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ, 1748 ਮਰੀਜ਼ ਠੀਕ ਹੋ ਕੇ ਘਰ ਪਰਤੇ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਫੇਸਬੁੱਕ ਦੇ ਜ਼ਰੀਏ ਲੋਕਾਂ ਨੂੰ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਕਰਨ ਅਤੇ ਕੋਵਿਡ19 ਦੇ ਲੱਛਣ ਹੋਣ ਦੇ ਟੈਸਟ ਕਰਵਾਉਣ ਦੀ ਕੀਤੀ ਅਪੀਲ
ਫਿਰੋਜ਼ਪੁਰ, 9 ਸਤੰਬਰ– ਕੋਰੋਨਾ ਵਾਇਰਸ ਖਿਲਾਫ ਛੇੜੀ ਲੜਾਈ ਨੂੰ ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਨਹੀਂ ਜਿੱਤਿਆ ਜਾ ਸਕਦਾ, ਇਸ ਲਈ ਜ਼ਰੂਰੀ ਹੈ ਕਿ ਲੋਕ ਸਰਕਾਰ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਨਾ ਜ਼ਰੂਰ ਕਰਨ। ਇਹ ਵਿਚਾਰ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਗੁਰਪਾਲ ਸਿੰਘ ਚਾਹਲ ਨੇ ਬੁੱਧਵਾਰ ਸ਼ਾਮ ਨੂੰ ਫੇਸਬੁੱਕ ਰਾਹੀਂ ਜ਼ਿਲ੍ਹੇ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਨੂੰ ਹੋਰ ਤੇਜ਼ ਕਰਦਿਆਂ ਕੋਰੋਨਾ ਟੈਸਟਿੰਗ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ 34959 ਲੋਕਾਂ ਦੇ ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 31817 ਨੈਗੇਟਿਵ ਦੱਸੇ ਗਏ ਹਨ, ਜਦੋਂ ਕਿ ਹੁਣ ਤੱਕ 2497 ਪੋਜਿਟਿਵ ਪਾਏ ਗਏ ਹਨ। ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 1748 ਮਰੀਜ਼ ਇਸ ਵਾਇਰਸ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦੋਂ ਕਿ 691 ਮਰੀਜ਼ ਇਲਾਜ ਅਧੀਨ ਹਨ। ਬੁੱਧਵਾਰ ਨੂੰ ਕੁਲ 84 ਨਵੇ ਪੋਜਿਟਿਵ ਕੇਸ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿਚ ਕੋਰੋਨਾ ਵਾਇਰਸ ਕਾਰਨ 64 ਖੇਤਰਾਂ ਨੂੰ ਹਾਟਸਪੌਟ ਖੇਤਰ ਵਜੋਂ ਐਲਾਨਿਆ ਗਿਆ ਹੈ ਅਤੇ ਇਸ ਸਮੇਂ ਜ਼ਿਲ੍ਹੇ ਵਿਚ 08 ਮਾਈਕਰੋ ਕੰਟੇਨਮੈਂਟ ਜ਼ੋਨ ਘੋਸ਼ਿਤ ਕੀਤੇ ਗਏ ਹਨ। ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਇਲਾਜ ਲਈ ਉਪਲਬਧ ਬੁਨਿਆਦੀ ਢਾਂਚੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਕੁੱਲ 228 ਬੈੱਡ ਦਾ ਪ੍ਰਬੰਧ ਕੀਤਾ ਗਿਆ ਹੈ ਜਦੋਂ ਕਿ ਨਿਜੀ ਕੇਂਦਰਾਂ ਵਿਚ ਕੁੱਲ 110 ਬੈੱਡ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਨੂੰ ਆਪਣੇ ਵਿਚ ਜਾਂ ਉਨ੍ਹਾਂ ਦੇ ਦੋਸਤਾਂ ਜਾਂ ਰਿਸ਼ਤੇਦਾਰਾਂ ਜਾਂ ਪਰਿਵਾਰਕ ਮੈਂਬਰਾਂ ਵਿਚ ਕੋਰੋਨਾ ਵਾਇਰਸ ਦੇ ਲੱਛਣ ਦਿਖਾਈ ਦੇਂਦੇ ਹਨ, ਤਾਂ ਬਿਨਾਂ ਕਿਸੇ ਦੇਰੀ ਦੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਚ ਜਾ ਕੇ ਆਪਣੀ ਜਾਂਚ ਕਰਵਾਏ ਇਹ ਜਾਂਚ ਮੁਫਤ ਵਿੱਚ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਕਿਸੇ ਹੋਰ ਸਹਾਇਤਾ ਲਈ ਸਰਕਾਰ ਦੁਆਰਾ ਜਾਰੀ ਕੀਤੀ ਗਈ ਹੈਲਪਲਾਈਨ ਨੰਬਰ 104 ਤੇ ਕਾਲ ਕਰਕੇ ਵੀ ਡਾਕਟਰੀ ਸਲਾਹ ਪ੍ਰਾਪਤ ਕੀਤੀ ਜਾ ਸਕਦੀ ਹੈ।