ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਪੀਲ
ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਅਤੇ ਮਨੁੱਖੀ ਸਰੀਰ ਤੇ ਪੈਂਦਾ ਹੈ ਬੁਰਾ ਅਸਰ
ਫ਼ਿਰੋਜ਼ਪੁਰ 30 ਸਤੰਬਰ 2020
ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਸ੍ਰ. ਗੁਰਪਾਲ ਸਿੰਘ ਚਾਹਲ ਵੱਲੋਂ ਅਪੀਲ ਕੀਤੀ ਗਈ । ੳਨ੍ਹਾਂ ਕਿਹਾ ਕਿ ਹੁਣ ਝੋਨੇ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ, ਇਸ ਲਈ ਉਹ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕਰਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਤੇ ਮਾੜਾ ਅਸਰ ਪੈਦਾ ਹੈ ਉੱਥੇ ਜ਼ਮੀਨ ਵਿਚਲੇ ਜ਼ਰੂਰੀ ਤੱਤ ਵੀ ਨਸ਼ਟ ਹੋ ਜਾਂਦੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਅਤੇ ਜ਼ਮੀਨ ਨੂੰ ਉਪਜਾਊ ਬਣਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਸਗੋਂ ਇਸ ਨੂੰ ਆਪਣੇ ਖੇਤਾਂ ਵਿਚ ਹੀ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਰਲਾਇਆ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਜਿੱਥੇ ਇਨਸਾਨਾਂ ਤੇ ਪਸ਼ੂਆਂ ਵਿੱਚ ਬਿਮਾਰੀਆਂ ਦੇ ਫੈਲਾਅ ਤੋਂ ਬਚਿਆ ਜਾ ਸਕਦਾ ਹੈ, ਉੱਥੇ ਵਾਤਾਵਰਨ ਪ੍ਰਦੂਸ਼ਣ ਤੋਂ ਵੀ ਨਿਜਾਤ ਪਾਈ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਖੇਤੀ ਮਸ਼ੀਨਰੀ ਖਰੀਦਣ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਗ ਦੇ ਧੂੰਏਂ ਕਾਰਨ ਸੜਕੀ ਹਾਦਸੇ ਵੀ ਵਾਪਰਦੇ ਹਨ, ਜਿਨ੍ਹਾਂ ਨਾਲ ਕਈ ਕੀਮਤੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਖੇਤਾਂ ‘ਚ ਅੱਗ ਲਗਾਉਣ ਦੀ ਬਜਾਏ ਬੇਲਰ ਚਲਾ ਕੇ ਪਰਾਲੀ ਦੀਆਂ ਗੰਢਾ ਬਣਾ ਸਕਦੇ ਹਨ । ਉਨ੍ਹਾਂ ਕਿਹਾ ਕਿ ਇਹ ਤਕਨੀਕ ਅਪਣਾਉਣ ਨਾਲ ਜਿੱਥੇ ਵਾਤਾਵਰਨ ਦੂਸ਼ਿਤ ਨਹੀਂ ਹੋਵੇਗਾ ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ।