Ferozepur News
ਜਾਗਰੂਕਤਾ ਗੀਤ “ਫੂਕ ਪਰਾਲੀ ਆਪਣੀ ਧਰਤੀ ਬੰਜਰ ਬਣਾਈ ਜਾਨਾ ਤੂੰ” ਰਾਹੀਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ (
(ਲਿੰਕ ਤੇ ਕਲਿਕ ਕਰਕੇ ਗੀਤ ਸੁਣੋ )
ਜਾਗਰੂਕਤਾ ਗੀਤ “ਫੂਕ ਪਰਾਲੀ ਆਪਣੀ ਧਰਤੀ ਬੰਜਰ ਬਣਾਈ ਜਾਨਾ ਤੂੰ” ਰਾਹੀਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਕਿਸਾਨ ਪਰਾਲੀ ਨੂੰ ਅੱਗ ਲਗਾਊਣ ਦੀ ਬਜਾਏ ਉਸ ਨੂੰ ਜਮੀਨ ‘ਚ ਵਾਹੁਣ ਨੂੰ ਤਰਜੀਹ ਦੇਣ – ਡਿਪਟੀ ਕਮਿਸ਼ਨਰ
ਜਾਗਰੂਕਤਾ ਵੈਨਾਂ ਰਾਹੀਂ ਵੀ ਪਿੰਡਾਂ ਵਿੱਚ ਕਿਸਾਨਾਂ ਨੂੰ ਕੀਤਾ ਜਾ ਰਿਹਾ ਜਾਗਰੂਕ
ਫਿਰੋਜ਼ਪੁਰ 4 ਅਕਤੂਬਰ 2023 ( ) ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ੁਪਰ ਵੱਲੋਂ ਜਾਗਰੂਕਤਾ ਗੀਤ “ਫੂਕ ਪਰਾਲੀ ਆਪਣੀ ਧਰਤੀ ਬੰਜਰ ਬਣਾਈ ਜਾਨਾ ਤੂੰ” ਰਾਹੀਂ ਕਿਸਾਨਾ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਲਗਾਉਣ ਦੀ ਬਜਾਏ ਉਸ ਦਾ ਸੁਚੱਝੇ ਢੰਗ ਨਾਲ ਨਿਪਟਾਰਾ ਕਰਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਿਰੋਜ਼ੁਪਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਨੂੰ ਠੱਲ ਪਾਉਣ ਦੇ ਮਕਸਦ ਨਾਲ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਉਪਰਾਲੇ ਜਾਰੀ ਹਨ। ਇਸ ਲੜੀ ਤਹਿਤ ਇੱਕ ਜਾਗਰੂਕਤਾ ਗੀਤ ਵੀ ਤਿਆਰ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਗੀਤ ਨੂੰ ਪਿੰਡਾਂ ਵਿੱਚ ਪ੍ਰਚਾਰ ਵੈਨਾਂ ਅਤੇ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨ ਜਾਗਰੂਕ ਹੋ ਕੇ ਪਰਾਲੀ ਨੂੰ ਅੱਗ ਨਾ ਲਗਾਉਣ।
ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਸਾੜ੍ਹਨ ਦੇ ਮਾੜੇ ਪ੍ਰਭਾਵਾਂ ਬਾਰੇ ਗੱਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਉੱਥੇ ਇਸ ਤੋਂ ਪੈਦਾ ਹੋਏ ਧੂੰਏ ਨਾਲ ਅਨੇਕਾਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਅਤੇ ਕਈ ਵਾਰ ਸੜਕੀ ਦੁਰਘਟਨਾਵਾਂ ਵੀ ਵਾਪਰਦੀਆਂ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਧਰਤੀ ਹੇਠਲੇ ਕਈ ਜ਼ਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦੀ ਸੰਭਾਲ ਕੀਤੀ ਜਾਵੇ ਅਤੇ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਖੇਤੀਬਾੜੀ ਸੰਦਾਂ ਰਾਹੀਂ ਇਸ ਨੂੰ ਜਮੀਨ ਵਿਚ ਵਾਹਿਆ ਜਾਵੇ ਕਿਉਂਕਿ ਪਰਾਲੀ ਨੂੰ ਜਮੀਨ ਵਿੱਚ ਦਬਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੱਧਦੀ ਹੈ ਤੇ ਅਗਲੇਰੀ ਫਸਲ ਦਾ ਝਾੜ ਵੀ ਵੱਧ ਪ੍ਰਾਪਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਪ੍ਰੇਮੀ ਬਣਨ ਤੇ ਆਪਣੀ ਆਉਣ ਵਾਲੀ ਪੀੜੀ ਨੂੰ ਸ਼ੁੱਧ ਵਾਤਾਵਰਣ ਦੇਣ ਵਿੱਚ ਯੋਗਦਾਨ ਪਾਉਣ।